ਮੋਹਾਲੀ, 26 ਜੂਨ, ਦੇਸ਼ ਕਲਿਕ ਬਿਊਰੋ :
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਜਿਨ੍ਹਾਂ ਨੂੰ ਵਿਜੀਲੈਂਸ ਬਿਊਰੋ ਨੇ ਡਰੱਗ ਮਨੀ ਨਾਲ ਜੁੜੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ, ਨੂੰ ਅੱਜ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਤੋਂ ਪਹਿਲਾਂ, ਬੁੱਧਵਾਰ ਰਾਤ ਨੂੰ, ਮਜੀਠੀਆ ਦੇ ਵਕੀਲਾਂ ਨੇ ਅਦਾਲਤ ਤੋਂ ਇਜਾਜ਼ਤ ਮਿਲਣ ਤੋਂ ਬਾਅਦ ਇੱਕ ਘੰਟੇ ਲਈ ਉਨ੍ਹਾਂ ਨਾਲ ਮੁਲਾਕਾਤ ਕੀਤੀ।
ਇਸ ਦੇ ਨਾਲ ਹੀ, ਵਿਜੀਲੈਂਸ ਇਸ ਮਾਮਲੇ ਦੀ ਹਰ ਪੱਧਰ ‘ਤੇ ਜਾਂਚ ਕਰ ਰਹੀ ਹੈ। ਇਹ ਮਾਮਲਾ ਹੁਣ ਰਾਜਨੀਤਿਕ ਰੰਗ ਵੀ ਲੈ ਰਿਹਾ ਹੈ।ਕਈ ਰਾਜਨੀਤਿਕ ਪਾਰਟੀਆਂ ਇਸ ਕਾਰਵਾਈ ਨੂੰ ਗਲਤ ਦੱਸ ਰਹੀਆਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਵਿਰੋਧੀ ਧਿਰ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਮਜੀਠੀਆ ਨੂੰ ਮਿਲੇ ਉਨ੍ਹਾਂ ਦੇ ਵਕੀਲ ਅਤੇ ਪਾਰਟੀ ਦੇ ਸੀਨੀਅਰ ਆਗੂ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਵਿਜੀਲੈਂਸ ਦੀ ਹਿਰਾਸਤ ਵਿੱਚ ਮਜੀਠੀਆ ਬਿਲਕੁਲ ਠੀਕ ਹਨ।ਉਨ੍ਹਾਂ ਕਿਹਾ ਕਿ ਸਰਕਾਰ ਕਹਿ ਰਹੀ ਹੈ ਕਿ ਇਹ ਕਾਰਵਾਈ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕੀਤੀ ਗਈ ਹੈ। ਹਾਲਾਂਕਿ, ਮਜੀਠੀਆ ਵਿਰੁੱਧ ਦਰਜ ਕੀਤਾ ਗਿਆ ਮਾਮਲਾ ਆਮਦਨ ਤੋਂ ਵੱਧ ਜਾਇਦਾਦ ਦਾ ਹੈ।
