ਚੰਡੀਗੜ੍ਹ: 29 ਜੂਨ, ਦੇਸ਼ ਕਲਿੱਕ ਬਿਓਰੋ
ਆਮ ਆਦਮੀ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਨੇ ਆਪਣੇ ਵਿਧਾਇਕ ਤੇ ਸਾਬਕਾ ਆਈ ਪੀ ਐਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ 5 ਸਾਲ ਲਈ ਪਾਰਟੀ ‘ਚੋਂ ਕੱਢ ਦਿੱਤਾ ਗਿਆ। ਉਨ੍ਹਾਂ ‘ਤੇ ਪਾਰਟੀ ਵਿਰੋਧੀ ਕਾਰਵਾਈਆਂ ਕਰਨ ਦਾ ਦੋਸ਼ ਹੈ।
ਕੁੰਵਰ ਵਿਜੇ ਪ੍ਰਤਾਪ ਸਿੰਘ 2022 ਦੀਆਂ ਚੋਣਾ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਉਨ੍ਹਾਂ ਨੂੰ ਪਾਰਟੀ ‘ਚੋਂ ਕੱਢਣ ਦਾ ਫੌਰੀ ਕਾਰਨ ਉਨ੍ਹਾਂ ਵੱਲੋਂ ਫੇਸਬੁੱਕ ਤੇ ਸ਼ੋਸ਼ਲ ਮੀਡੀਆ ‘ਤੇ ਸਰਕਾਰ ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫਤਾਰ ਕਰਨ ਤੇ ਉਨ੍ਹਾਂ ‘ਤੇ ਰੇਡ ਮਾਰਨ ਦੇ ਢੰਗ ਦੀ ਨਿੰਦਾ ਕਰਨਾ ਬਣਿਆਂ ਹੈ। ਕੁੰਵਰ ਵਿਜੇ ਪ੍ਰਤਾਪ ਸਿੰਘ ਪਹਿਲਾਂ ਵੀ ਪਾਰਟੀ ਖਿਲਾਫ ਲਗਾਤਾਰ ਸ਼ੋਸ਼ਲ ਮੀਡੀਆ ਤੇ ਪਾਰਟੀ ਸ਼ੈਸ਼ਨਾਂ ਦੌਰਾਨ ਵੀ ਬੋਲਦੇ ਰਹੇ ਹਨ।
ਕੁੰਵਰ ਵਿਜੇ ਪ੍ਰਤਾਪ ਸਿੰਘ ਪਿਛਲੇ ਲੰਬੇ ਸਮੇਂ ਤੋਂ ਪਾਰਟੀ ਪ੍ਰੋਗਰਾਮਾਂ ਤੋਂ ਦੂਰ ਰਹਿੰਦੇ ਸਨ। ਅੰਮ੍ਰਿਤਸਰ ਵਿੱਚ ਜਦੋਂ ਵੀ ਸਰਕਾਰ ਜਾਂ ਪਾਰਟੀ ਦੇ ਪ੍ਰੋਗਰਾਮ ਹੋਏ, ਕੁੰਵਰ ਵਿਜੇ ਪ੍ਰਤਾਪ ਸਿੰਘ ਉਸ ਵਿੱਚ ਕਦੇ ਵੀ ਸ਼ਾਮਲ ਨਹੀਂ ਹੋਏ। ਕੁੰਵਰ ਵਿਜੇ ਪ੍ਰਤਾਪ ਸਿੰਘ ਬਰਗਾੜੀ ਤੇ ਬਹਿਬਲ ਕਲਾਂ ‘ਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰਨ ਵਾਲੀ ਸਿੱਟ ਦੇ ਮੁਖੀ ਸਨ।
