ਸ੍ਰੀ ਮੁਕਤਸਰ ਸਾਹਿਬ, 29 ਜੂਨ: ਦੇਸ਼ ਕਲਿੱਕ ਬਿਓਰੋ
ਪੰਜਾਬ ਦੇ ਅਨੂਸੁਚਿਤ ਜਾਤੀਆਂ ਨਾਲ ਸਬੰਧਤ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਦੋਦਾ ਵਿਖੇ ਕਰਵਾਏ ਗਏ ਵਿਸ਼ਾਲ ਚੇਤਨਾ ਸਮਾਗਮ ਦੀ ਪ੍ਰਧਾਨਗੀ ਕੀਤੀ ਗਈ।
ਇਸ ਮੌਕੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਉਨ੍ਹਾਂ ਦੇ ਦੌਰੇ ਦਾ ਮੁੱਖ ਮਕਸਦ ਲੋਕਾਂ ਨੂੰ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਜੀਵਨ ਅਤੇ ਸੰਘਰਸ਼ ਬਾਰੇ ਜਾਣੂ ਕਰਵਾਉਣ ਤੋਂ ਇਲਾਵਾ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਕੰਮਕਾਜ, ਭਾਰਤੀ ਸੰਵਿਧਾਨ ਅਤੇ ਦੇਸ਼ ਦੇ ਕਨੂੰਨ ਵਿੱਚ ਗਰੀਬਾਂ, ਮਜਲੂਮਾਂ, ਅਨੁਸੂਚਿਤ ਜਾਤੀਆਂ ਤੇ ਪਿਛੜੀਆਂ ਸ਼੍ਰੇਣੀਆਂ ਦੇ ਹੱਕਾਂ, ਅਧਿਕਾਰਾਂ, ਸਮਾਜਿਕ ਸੁਰੱਖਿਆ ਸਬੰਧੀ ਜਾਗਰੂਕ ਕਰਨਾ ਹੈ।
ਇਸ ਮੌਕੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਗਾਤਾਰ ਬਾਬਾ ਸਾਹਿਬ ਦੀ ਸੋਚ ‘ਤੇ ਪਹਿਰਾ ਦੇ ਰਹੀ ਹੈ ਅਤੇ ਸਮਾਜ ਦੇ ਸਮੂਹ ਵਰਗਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੇ ਵੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣੀ ਯਕੀਨੀ ਬਣਾਈ ਜਾਵੇਗੀ।
ਚੇਅਰਮੈਨ ਗੜ੍ਹੀ ਨੇ ਕਿਹਾ ਕਿ ਉਹ ਲਗਾਤਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਕੰਮ ਕਰ ਰਹੇ ਹਨ ਅਤੇ ਜੇਕਰ ਕਿਸੇ ਵੀ ਜਗ੍ਹਾ ਤੋਂ ਅਨੁਸੂਚਿਤ ਜਾਤੀ ਨਾਲ ਸਬੰਧਤ ਵਰਗਾਂ ਦੇ ਲੋਕਾਂ ਨਾਲ ਧੱਕੇ ਦੀ ਸੂਚਨਾ ਮਿਲਦੀ ਹੈ ਤਾਂ ਉਹ ਤੁਰੰਤ ਸਬੰਧਤ ਸਥਾਨ ‘ਤੇ ਪਹੁੰਚ ਕੇ ਮਸਲਾ ਹੱਲ ਕਰਵਾਉਂਦੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਤਾਂ ਉਹ ਧੱਕਾ ਕਰਨ ਵਾਲੀ ਧਿਰ ਨੂੰ ਪਿਆਰ ਨਾਲ ਮਸਲਾ ਹੱਲ ਕਰਨ ਲਈ ਸਮਝਾਉਂਦੇ ਹਨ ਅਤੇ ਜੇਕਰ ਫਿਰ ਵੀ ਉਹ ਬਾਜ਼ ਨਹੀਂ ਆਉਂਦੇ ਤਾਂ ਸੰਵਿਧਾਨ ਵਿੱਚ ਦਰਜ ਐਸ.ਸੀ. ਐਕਟ ਦੀਆਂ ਸ਼ਕਤੀਆਂ ਦੀ ਵਰਤੋਂ ਕਰਕੇ ਮਾਮਲਾ ਕਾਨੂੰਨੀ ਕਾਰਵਾਈ ਨਾਲ ਹੱਲ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜਿੰਨਾਂ ਸਮਾਂ ਉਹ ਕਮਿਸ਼ਨਰ ਦੇ ਚੇਅਰਮੈਨ ਵਜੋਂ ਕੰਮ ਕਰ ਰਹੇ ਹਨ ਐਨਾ ਸਮਾਂ ਪੰਜਾਬ ਵਿੱਚ ਅਨੁਸੂਚਿਤ ਜਾਤੀ ਨਾਲ ਸਬੰਧਤ ਕਿਸੇ ਵੀ ਧੀ-ਭੈਣ ਜਾਂ ਕਿਸੇ ਹੋਰ ਵਿਅਕਤੀ ਨਾਲ ਕਿਸੇ ਵੀ ਕੀਮਤ ‘ਤੇ ਕੋਈ ਵੀ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ: ਬਿਕਰਮ ਮਜੀਠੀਆ ਮਾਮਲੇ ’ਚ ਤਲਬੀਰ ਗਿੱਲ ਨੇ ਵਿਜੀਲੈਂਸ ਕੋਲ ਦਰਜ ਕਰਵਾਏ ਬਿਆਨ
ਇਸ ਮੌਕੇ ਹੋਰਨਾਂ ਤੋਂ ਇਲਾਵਾ ਕਮਿਸ਼ਨ ਦੇ ਮੈਂਬਰ ਗੁਰਪ੍ਰੀਤ ਸਿੰਘ ਇੱਟਾਂਵਾਲੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਢਿੱਲੋਂ, ਐਸ.ਡੀ.ਐਮ. ਜਸਪਾਲ ਸਿੰਘ ਬਰਾੜ, ਜ਼ਿਲ੍ਹਾ ਭਲਾਈ ਅਫ਼ਸਰ ਜਗਮੋਹਣ ਸਿੰਘ, ਯੂਥ ਆਗੂ ਅਭੈ ਢਿੱਲੋਂ, ਡਾ. ਜਸਪ੍ਰੀਤ ਸਿੰਘ ਬੀਜਾ, ਗੁਰਤੇਜ ਸਿੰਘ ਜੋਧਪੁਰੀ, ਤਾਰਾ ਚੰਦ ਪ੍ਰਧਾਨ, ਸਤਨਾਮ ਸਿੰਘ ਭਾਰੀ, ਗੁਰਪ੍ਰੀਤ ਮੱਲ੍ਹਣ ਅਤੇ ਹੋਰ ਅਹੁਦੇਦਾਰਾਂ ਤੋਂ ਮੈਂਬਰਾਂ ਸਮੇਤ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।