ਚੰਡੀਗੜ੍ਹ: 6 ਜੁਲਾਈ, ਦੇਸ਼ ਕਲਿੱਕ ਬਿਓਰੋ
ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਰਿਮਾਂਡ ਤੋਂ ਬਾਅਦ ਅੱਜ (ਐਤਵਾਰ) ਮੋਹਾਲੀ ਦੀ ਇੱਕ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ। ਅਦਾਲਤ ਵੱਲੋਂ ਵਿਜੀਲੈਂਸ ਨੂੰ ਮਜੀਠੀਆ ਦਾ ਪਹਿਲਾਂ 7 ਦਿਨ ਅਤੇ ਦੁਬਾਰਾ 4 ਦਿਨਾਂ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਸੀ। ਅੱਜ ਬਿਕਰਮ ਮਜੀਠੀਆ ਦਾ ਰਿਮਾਂਡ 6 ਜੁਲਾਈ ਨੂੰ ਖਤਮ ਹੋ ਰਿਹਾ ਹੈ। ਇਸ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ ਅਕਾਲੀ ਆਗੂਆਂ ਦੇ ਸੰਭਾਵੀ ਵਿਰੋਧ ਪ੍ਰਦਰਸ਼ਨਾਂ ਤੋਂ ਬਚਣ ਲਈ ਪਹਿਲਾਂ ਹੀ ਸਖ਼ਤ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਮਜੀਠੀਆ ਦੀ ਪਿਛਲੀ ਪੇਸ਼ੀ ਦੌਰਾਨ ਸੁਖਬੀਰ ਸਿੰਘ ਬਾਦਲ ਸਮੇਤ ਅਕਾਲੀ ਦਲ ਦੇ ਕਈ ਸੀਨੀਅਰ ਆਗੂਆਂ ਨੂੰ ਜਾਂ ਤਾਂ ਹਿਰਾਸਤ ਵਿੱਚ ਲੈ ਲਿਆ ਗਿਆ ਸੀ ਜਾਂ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਸੀ। ਅੱਜ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ਸਵੇਰੇ ਪਿੰਡ ਮਲੂਕਾ ਸਥਿਤ ਉਨ੍ਹਾਂ ਦੇ ਘਰ ‘ਤੇ ਪੁਲਿਸ ਨੇ ਨਜ਼ਰਬੰਦ ਕਰ ਦਿੱਤਾ ਅਤੇ ਉਨ੍ਹਾਂ ਨੂੰ ਚੰਡੀਗੜ੍ਹ ਜਾਣ ਤੋਂ ਰੋਕ ਦਿੱਤਾ ਗਿਆ।
ਜ਼ਿਕਰਯੋਗ ਹੈ ਕਿ ਬਿਕਰਮ ਮਜੀਠੀਆ ‘ਤੇ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਕੀਤਾ। ਇਸ ਤੋਂ ਬਾਅਦ ਸੂਬੇ ਵਿੱਚ 26 ਥਾਵਾਂ ‘ਤੇ ਮਜੀਠੀਆ ਨਾਲ ਸਬੰਧਤ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ। ਫਿਰ ਸਵੇਰੇ 11:30 ਵਜੇ ਤੋਂ ਬਾਅਦ, ਮਜੀਠੀਆ ਨੂੰ ਅੰਮ੍ਰਿਤਸਰ ਸਥਿਤ ਉਸਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਗਿਆ। ਇਸ ਦੌਰਾਨ 29 ਮੋਬਾਈਲ ਫੋਨ, 5 ਲੈਪਟਾਪ, 3 ਆਈਪੈਡ, 2 ਡੈਸਕਟਾਪ, 8 ਡਾਇਰੀਆਂ ਅਤੇ ਹੋਰ ਦਸਤਾਵੇਜ਼ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ।