ਚੰਡੀਗੜ੍ਹ, 8 ਜੁਲਾਈ, ਦੇਸ਼ ਕਲਿੱਕ ਬਿਓਰੋ : ਮੰਤਰੀ ਮੰਡਲ ਦੀ ਮੀਟਿੰਗ ਵਿੱਚ ਕਰਮਚਾਰੀਆਂ ਨੂੰ ਸੇਵਾਕਾਲ ਦੀ ਸੁਰੱਖਿਆ ਪ੍ਰਦਰਨ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਇਹ ਪ੍ਰਵਾਨਗੀ ਦਿੱਤੀ ਗਈ। ਮੰਤਰੀ ਮੰਡਲ ਨੇ 05 ਦਸੰਬਰ, 2016 ਨੂੰ ਤਤਕਾਲੀ ਮੰਤਰੀ ਮੰਡਲ ਵੱਲੋਂ ਲਏ ਗਏ ਫੈਸਲੇ ਦੀ ਸਮੀਖਿਆ ਕਰਦੇ ਹੋਏ ਪੇਂਡੂ ਕਿੱਤਾਮੁਖੀ ਸਿਖਲਾਈ ਸੰਸਥਾ, ਬਾਦਲ ਲਈ ਸਿਰਜੀਆਂ 37 ਸਥਾਈ ਅਸਾਮੀਆਂ ਦੇ ਵਿਰੁੱਧ ਕੰਮ ਕਰ ਰਹੇ 22 ਵਿਅਕਤੀਆਂ ਨੂੰ ਸੇਵਾਕਾਲ ਦੀ ਸੁਰੱਖਿਆ ਪ੍ਰਦਾਨ ਕੀਤੀ। ਵਿੱਤ ਵਿਭਾਗ ਅਤੇ ਪਰਸੋਨਲ ਵਿਭਾਗ ਦੀ ਸਲਾਹ ਅਨੁਸਾਰ ਇਹ ਕਦਮ ਵਿਭਾਗ/ਸਰਕਾਰ ਨੂੰ ਲੰਬੇ ਸਮੇਂ ਤੋਂ ਦਰਪੇਸ਼ ਕਾਨੂੰਨੀ ਪੇਚੀਦਗੀਆਂ ਤੋਂ ਰਾਹਤ ਪਾਉਣ ਵਿੱਚ ਮਦਦ ਕਰੇਗਾ। ਇਸੇ ਤਰ੍ਹਾਂ ਇਹ ਕਦਮ ਸੰਸਥਾ ਵਿੱਚ ਕੰਮ ਕਰਨ ਵਾਲੇ ਇਨ੍ਹਾਂ 22 ਕਰਮਚਾਰੀਆਂ ਦੇ ਭਵਿੱਖ ਨੂੰ ਵੀ ਸੁਰੱਖਿਅਤ ਕਰੇਗਾ।
