ਸੰਗਰੂਰ ਵਿਖੇ 25 ਜੁਲਾਈ ਨੂੰ ਹੋਣ ਵਾਲੀ ਰੈਲੀ ‘ਚ ਮਿਡ ਡੇ ਮੀਲ ਵਰਕਰਾਂ ਵੱਲੋਂ ਸ਼ਾਮਲ ਹੋਣ ਦਾ ਫੈਸਲਾ

ਪੰਜਾਬ

ਪਟਿਆਲਾ, 20 ਜੁਲਾਈ, ਦੇਸ਼ ਕਲਿੱਕ ਬਿਓਰੋ :

ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੱਦੇ ਤਹਿਤ ਅੱਜ ਨਹਿਰੂ ਪਾਰਕ ਪਟਿਆਲਾ ਵਿਖੇ ਮਿਡ ਡੇ ਮੀਲ ਵਰਕਰ ਯੂਨੀਅਨ ਦੀ ਜ਼ਰੂਰੀ ਮੀਟਿੰਗ ਸੱਦੀ ਗਈ। ਇਸ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਆਪ ਸਰਕਾਰ ਵੱਲੋਂ ਪੰਜਾਬ ਨੂੰ ਪੁਲਿਸ ਰਾਜ ਵਿੱਚ ਬਦਲਣ , ਲੋਕਾਂ ਦੇ ਸੰਘਰਸ਼ ਕਰਨ ਅਤੇ ਜਮਹੂਰੀ ਹੱਕਾਂ ਦੇ ਘਾਣ ਖਿਲਾਫ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਵੱਲੋਂ 25 ਜੁਲਾਈ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਜ਼ਬਰ ਵਿਰੋਧੀ ਰੈਲੀ ਵਿਚ ਮਿਡ-ਡੇ-ਮੀਲ ਵਰਕਰਾਂ ਵੱਲੋਂ ਵੱਡੀ ਪੱਧਰ ‘ਤੇ ਸ਼ਮੂਲੀਅਤ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਮੀਟਿੰਗ ਵਿੱਚ ਮਿਡ-ਡੇ-ਮੀਲ ਵਰਕਰਾਂ ਨਾਲ ਸੰਬੰਧਿਤ ਵਿਭਾਗੀ ਮੰਗਾਂ ਮਸਲਿਆਂ ਉੱਪਰ ਵਿਸਥਾਰੀ ਚਰਚਾ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਪਿੰਕੀ ਖਰਾਬਗੜ੍ਹ ਅਤੇ ਬਾਲਾਂ ਗੁਲਾੜ ਨੇ ਦੱਸਿਆ ਕਿ ਜਿਸ ਤਰ੍ਹਾਂ ਕੇਂਦਰ ‘ਚ ਮੋਦੀ ਸਰਕਾਰ ਅਤੇ ਉੱਤਰ ਪ੍ਰਦੇਸ਼ ਵਿੱਚ ਯੋਗੀ ਰਾਜ ਦੀ ਤਰਜ਼ ‘ਤੇ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਪੁਲਿਸ ਸਟੇਟ ਵਿੱਚ ਤਬਦੀਲ ਕਰਕੇ ਹਰ ਰੋਜ਼ ਝੂਠੇ ਪੁਲਿਸ ਮੁਕਾਬਲੇ ਬਣਾਏ ਜਾ ਰਹੇ ਹਨ ਅਤੇ ਕਿਸਾਨ, ਮਜ਼ਦੂਰ, ਮੁਲਾਜ਼ਮਾਂ, ਵਿਦਿਆਰਥੀਆਂ ਅਤੇ ਬੇਰੁਜ਼ਗਾਰਾਂ ਦੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਨ ਵਾਲੇ ਲੋਕਾਂ ਨੂੰ ਅਣਐਲਾਨੀ ਐਮਰਜੈਂਸੀ ਲਾ ਕੇ ਦਬਾਇਆ ਜਾ ਰਿਹਾ ਹੈ। ਮੀਟਿੰਗ ਵਿੱਚ ਹਾਜ਼ਰ ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਜਨਰਲ ਸਕੱਤਰ ਹਰਦੀਪ ਟੋਡਰਪੁਰ ਨੇ ਕਿਹਾ ਕਿ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਨਿਰਭੈ ਖਾਈ ‘ਤੇ ਜਾਨਲੇਵਾ ਹਮਲਾ ਕਰਨ ਵਾਲੇ ਮੁਲਜ਼ਮਾਂ ਦੀ ਪੁਸ਼ਤ-ਪਨਾਹੀ ਕੀਤੀ ਜਾ ਰਹੀ ਹੈ। ਇਸ ਕਰਕੇ ਵੱਖ ਵੱਖ ਜਨਤਕ ਜਥੇਬੰਦੀਆਂ ਵੱਲੋਂ 25 ਜੁਲਾਈ ਨੂੰ ਸੰਗਰੂਰ ਵਿਖੇ ਹੋਣ ਵਾਲੀ ਰੈਲੀ ਵਿੱਚ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਵੱਲੋਂ ਅਧਿਆਪਕਾਂ ਅਤੇ ਮਿਡ ਡੇ ਮੀਲ ਵਰਕਰਾਂ ਨੂੰ ਲਾਮਬੰਦ ਕਰਕੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਵਾਈ ਜਾਵੇਗ।

ਇਸ ਮੌਕੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਗੁਰਜੀਤ ਘੱਗਾ, ਰੋਮੀ ਸਫੀਪੁਰ , ਬਤੇਰੀ ਗੁਲਾੜ , ਜਸਪਾਲ ਕੌਰ ਪਟਿਆਲਾ ਅਤੇ ਗੀਤਾ ਰਾਣੀ ਹਾਜ਼ਰ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।