ਚੰਡੀਗੜ੍ਹ: 25 ਜੁਲਾਈ, ਦੇਸ਼ ਕਲਿੱਕ ਬਿਓਰੋ
CM ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਅੱਜ ਦੀ ਪੰਜਾਬ ਕੈਬਨਿਟ ਮੀਟਿੰਗ ਵਿੱਚ ਕਈ ਮਹੱਤਵਪੂਰਨ ਫ਼ੈਸਲੇ ਲਏ ਗਏ ਹਨ। ਕੈਬਨਿਟ ਮੀਟਿੰਗ ਦੀ ਜਾਣਕਾਰੀ ਪ੍ਰੈਸ ਨਾਲ ਸਾਂਝੀ ਕਰਦਿਆਂ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਕੈਬਨਿਟ ਨੇ ਅਹਿਮ ਫੈਸਲਾ ਲੈਂਦਿਆਂ ਗਰੁੱਪ ਡੀ ਦੀਆਂ ਸਰਕਾਰੀ ਨੌਕਰੀਆਂ ਲਈ ਉਮਰ ਹੱਦ ਵਿੱਚ ਵਾਧਾ ਕੀਤਾ ਗਿਆ ਹੈ। ਹੁਣ ਅਪਲਾਈ ਕਰਨ ਦੀ ਉਮਰ ਸੀਮਾ 35 ਸਾਲ ਤੋਂ ਵਧਾ ਕੇ 37 ਸਾਲ ਕਰ ਦਿੱਤੀ ਗਈ ਹੈ, ਜਿਸ ਨਾਲ ਵੱਧ ਉਮਰ ਦੇ ਉਮੀਦਵਾਰਾਂ ਨੂੰ ਵੀ ਸਰਕਾਰੀ ਨੌਕਰੀਆਂ ਪ੍ਰਾਪਤ ਕਰਨ ਦਾ ਮੌਕਾ ਮਿਲੇਗਾ।
ਇਸ ਤੋਂ ਇਲਾਵਾ, ਕੈਬਨਿਟ ਨੇ ਕਿਸਾਨਾਂ ਦੇ ਹਿੱਤ ਵਿੱਚ ਇੱਕ ਵੱਡਾ ਫ਼ੈਸਲਾ ਲੈਂਦਿਆਂ ਗਲਤ ਬੀਜ ਦੀ ਮਾਰਕਿਟਿੰਗ ਕਰਨ ਵਾਲਿਆਂ ਨੂੰ ਸਖਤ ਸਜ਼ਾ ਬਾਰੇ ਫੈਸਲਾ ਕੀਤਾ ਗਿਆ ਹੈ। ਕੈਬਨਿਟ ਵੱਲੋਂ ਸੀਡ ਐਕਟ 1966 ਵਿੱਚ ਸੋਧ ਕੀਤੀ ਗਈ ਹੈ। ਇਸ ਸੋਧ ਤਹਿਤ ਹੁਣ ਨਕਲੀ ਬੀਜ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਨਵੇਂ ਪ੍ਰਬੰਧਾਂ ਅਨੁਸਾਰ, ਨਕਲੀ ਬੀਜਾਂ ਦੀ ਵਿਕਰੀ ‘ਤੇ ਵੱਡਾ ਜੁਰਮਾਨਾ ਲਗਾਇਆ ਜਾਵੇਗਾ ਅਤੇ ਦੋਸ਼ੀਆਂ ਨੂੰ ਸਜ਼ਾ ਵੀ ਦਿੱਤੀ ਜਾਵੇਗੀ। ਇਸ ਫ਼ੈਸਲੇ ਨਾਲ ਕਿਸਾਨਾਂ ਨੂੰ ਨਕਲੀ ਬੀਜਾਂ ਤੋਂ ਹੋਣ ਵਾਲੇ ਨੁਕਸਾਨ ਤੋਂ ਬਚਾਉਣ ਵਿੱਚ ਮਦਦ ਮਿਲੇਗੀ ਅਤੇ ਉਨ੍ਹਾਂ ਨੂੰ ਉੱਚ ਗੁਣਵੱਤਾ ਵਾਲੇ ਬੀਜ ਮਿਲਣਗੇ। ਗਲਤ ਬੀਜਾਂ ਦੀ ਮਾਰਕੀਟਿੰਗ ਕਰਨ ਤੇ ਦੋ ਸਾਲ ਤੋਂ ਲੈ ਕੇ 10 ਸਾਲ ਤੱਕ ਦੀ ਸਜ਼ਾ ਹੋਵੇਗੀ।