ਬਠਿੰਡਾ, 27 ਜੁਲਾਈ : ਦੇਸ਼ ਕਲਿੱਕ ਬਿਓਰੋ
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਮੈਡਮ ਅਮਨੀਤ ਕੌਂਡਲ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਮਾੜੇ ਅਨਸਰਾਂ ਖਿਲਾਫ ਚਲ ਰਹੀ ਮੁਹਿੰਮ ਤਹਿਤ, ਬਠਿੰਡਾ ਪੁਲਿਸ (ਥਾਣਾ ਥਰਮਲ) ਦੀ ਟੀਮ ਨੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 5 ਖ਼ਤਰਨਾਕ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਸ ਮੌਕੇ ਐਸ.ਪੀ. ਸਿਟੀ ਸ਼੍ਰੀ ਨਰਿੰਦਰ ਸਿੰਘ ਨੇ ਦੱਸਿਆ ਕਿ ਇਹ ਗਿਰੋਹ ਕਿਸੇ ਵੱਡੀ ਘਟਨਾ ਨੂੰ ਅੰਜਾਮ ਦੇ ਸਕਦਾ ਸੀ, ਪਰ ਬਠਿੰਡਾ ਪੁਲਿਸ ਨੇ ਸਮੇਂ-ਸਿਰ ਕਾਰਵਾਈ ਕਰਕੇ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ। ਇਨ੍ਹਾਂ ਵਿਅਕਤੀਆਂ ਤੋਂ 1 ਵਰਨਾ ਕਾਰ, 1 ਕਿਰਪਾਨ, 2 ਲੋਹੇ ਦੀਆਂ ਰਾਡਾਂ, 2 ਲੋਹੇ ਦੇ ਕਾਪੇ ਬਰਾਮਦ ਕੀਤੇ। ਉਹਨਾਂ ਅੱਗੇ ਦੱਸਿਆ ਕਿ ਇਨ੍ਹਾਂ ਦੇ ਖਿਲਾਫ ਪਹਿਲਾਂ ਵੀ ਕਈ ਗੰਭੀਰ ਅਪਰਾਧਾਂ ਦੇ ਮਾਮਲੇ ਦਰਜ ਹਨ।
ਉਹਨਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣਾ ਫ਼ਰਜ਼ ਸਮਝਦੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦੇਵੋ ਤਾਂ ਜੋ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸ਼ਾਂਤੀ ਨੂੰ ਬਰਕਰਾਰ ਰੱਖਿਆ ਜਾ ਸਕੇ।