ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਉਸਾਰੂ ਮਹੌਲ ਮੁਹੱਈਆ ਕਰਵਾਉਣ ਲਈ ਹਰ ਤਰ੍ਹਾਂ ਦੀ ਸਹੂਲਤ ਪ੍ਰਦਾਨ ਕਰ ਰਹੀ ਹੈ ਮਾਨ ਸਰਕਾਰ: ਡਾ. ਬਲਜੀਤ ਕੌਰ
ਮਲੋਟ/ਸ੍ਰੀ ਮੁਕਤਸਰ ਸਾਹਿਬ, 29 ਜੁਲਾਈ: ਦੇਸ਼ ਕਲਿੱਕ ਬਿਓਰੋ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਾਵਈ ਵਾਲੀ ਸੂਬਾ ਸਰਕਾਰ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਉਸਾਰੂ ਮਹੌਲ ਮੁਹੱਈਆ ਕਰਵਾਉਣ ਲਈ ਹਰ ਤਰ੍ਹਾਂ ਦੀ ਸਹੂਲਤ ਪ੍ਰਦਾਨ ਕਰਨ ਲਈ ਵਚਨਬੱਧ ਹੈ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਹਲਕੇ ਦੇ ਪਿੰਡ ਖਾਨੇ ਕੀ ਢਾਬ ਦੇ ਸਰਕਾਰੀ ਸਕੂਲ ਵਿੱਚ ਏ.ਸੀ. ਲਗਵਾਉਣ ਮੌਕੇ ਕੀਤਾ। ਕੈਬਨਿਟ ਮੰਤਰੀ ਵੱਲੋਂ ਇਸ ਮੌਕੇ ਬੱਚਿਆਂ ਦੇ ਪੀਣ ਲਈ ਸਾਫ਼ ਪਾਣੀ ਲਈ ਆਰ.ਓ. ਸਿਸਟਮ ਅਤੇ ਫਰਿੱਜ ਵੀ ਲਗਵਾਇਆ ਗਿਆ।
ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਕਾਰਨ ਸੂਬੇ ਦੇ ਸਰਕਾਰੀ ਸਕੂਲ ਮਾੜੀ ਹਾਲਤ ਵਿੱਚ ਪਹੁੰਚ ਗਏ ਸਨ ਅਤੇ ਲੋਕ ਵੀ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਾਉਣ ਨੂੰ ਤਰਜੀਹ ਦੇਣ ਲੱਗ ਪਏ ਸਨ। ਪ੍ਰੰਤੂ ਜਦੋਂ ਤੋਂ ਮੌਜੂਦਾ ਪੰਜਾਬ ਸਰਕਾਰ ਨੇ ਕਾਰਜਭਾਗ ਸੰਭਾਲਿਆ ਹੈ, ਉਦੋਂ ਤੋਂ ਹੀ ਸਿੱਖਿਆ ਨੂੰ ਤਰਜੀਹੀ ਖੇਤਰ ਮੰਨਦੇ ਹੋਏ ਸਰਵਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ, ਜਿਸ ਸਦਕਾ ਅੱਜ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਵਿੱਚ ਵੱਡਾ ਵਾਧਾ ਹੋਇਆ ਹੈ ਅਤੇ ਮਾਪੇ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚੋਂ ਹਟਾ ਕੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾ ਰਹੇ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਦੇ ਹੋਂਦ ਵਿੱਚ ਆਉਣ ਤੋਂ ਲੈ ਕੇ ਅੱਜ ਤਿੰਨ ਸਾਲ ਬਾਅਦ ਕੋਈ ਅਜਿਹਾ ਸਕੂਲ ਨਹੀਂ ਹੈ, ਜਿੱਥੇ ਚਾਰ ਦੀਵਾਰੀ ਨਹੀਂ ਹੈ। ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਉੱਚ ਦਰਜੇ ਦੀ ਸਿਖਲਾਈ ਹਾਸਲ ਕਰਨ ਲਈ ਦੇਸ਼ ਦੀਆਂ ਵੱਡੀਆਂ ਸੰਸਥਾਵਾਂ ਅਤੇ ਵਿਦੇਸ਼ਾਂ ਵਿੱਚ ਭੇਜਿਆ ਗਿਆ ਹੈ। ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਸਕੂਲ ਆਫ ਐਮੀਨੈਂਸ ਬਣਾਏ ਗਏ ਹੈ। ਸਰਕਾਰੀ ਸਕੂਲਾਂ ਲਈ ਬੱਸ ਸੇਵਾ ਵੀ ਸ਼ੁਰੂ ਕੀਤੀ ਗਈ ਹੈ ਅਤੇ ਹਜ਼ਾਰਾਂ ਵਿਦਿਆਰਥੀ ਬੱਸ ਸੇਵਾ ਦਾ ਲਾਭ ਲੈ ਰਹੇ ਹਨ।
ਉਨ੍ਹਾਂ ਕਿਹਾ ਕਿ ਸਿੱਖਿਆ ਸੁਧਾਰ ਪੰਜਾਬ ਸਰਕਾਰ ਪਹਿਲ ਦੇ ਅਧਾਰ ’ਤੇ ਕਰ ਰਹੀ ਹੈ। ਸਿੱਖਿਆ ਸਾਰੇ ਵਰਗ, ਧਰਮਾਂ ਅਤੇ ਜਾਤੀ ਦੇ ਲੋਕਾਂ ਲਈ ਅਤਿ ਮਹੱਤਵਪੂਰਨ ਹੈ ਇਸ ਨਾਲ ਹੀ ਨਵੇਂ ਅਤੇ ਸਾਰਥਕ ਸਮਾਜ ਦੀ ਸਿਰਜਣਾ ਹੋ ਸਕਦੀ ਹੈ।
ਇਸ ਮੌਕੇ ਚੇਅਰਮੈਨ ਸਹਿਕਾਰੀ ਬੈਂਕ ਜਗਦੇਵ ਸਿੰਘ ਬਾਂਮ, ਕੈਬਨਿਟ ਮੰਤਰੀ ਦੇ ਨਿੱਜੀ ਸਹਾਇਕ ਸ਼ਿੰਦਰਪਾਲ ਸਿੰਘ, ਪਿੰਡ ਦੀ ਮਹਿਲਾ ਸਰਪੰਚ ਹਰਜਿੰਦਰ ਕੌਰ, ਬਲਾਕ ਪ੍ਰਧਾਨ ਸੰਦੀਪ ਸਿੰਘ ਤੋਂ ਇਲਾਵਾ ਸਕੂਲ ਦੇ ਅਧਿਆਪਕ, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।