ਚੰਡੀਗੜ੍ਹ, 1 ਅਗਸਤ, ਦੇਸ਼ ਕਲਿੱਕ ਬਿਓਰੋ :
ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਨਾਲ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਵਿਕਸਿਤ ਭਾਰਤ ਯੁਵਾ ਕਨੈਕਟ ਪ੍ਰੋਗਰਾਮ’ ਨੂੰ ਲਾਗੂ ਕਰਨ ਬਾਰੇ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ 15 ਤੋਂ 29 ਸਾਲ ਦੀ ਉਮਰ ਦੇ ਨੌਜਵਾਨਾਂ ਨੂੰ ਸਰਗਰਮੀ ਨਾਲ ਇਸ ਪ੍ਰੋਗਰਾਮ ਨਾਲ ਜੋੜਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ।
ਇਸ ਦੇਸ਼ ਵਿਆਪੀ ਪਹਿਲਕਦਮੀ ਦੇ ਹਿੱਸੇ ਵਜੋਂ, ਭਾਰਤ ਦੇ ਮਾਣਯੋਗ ਪ੍ਰਧਾਨ ਮੰਤਰੀ, ਸ਼੍ਰੀ ਨਰਿੰਦਰ ਮੋਦੀ, 12 ਅਗਸਤ 2025 ਨੂੰ ਅੰਤਰਰਾਸ਼ਟਰੀ ਯੁਵਾ ਦਿਵਸ ’ਤੇ ਦੇਸ਼ ਦੇ ਨੌਜਵਾਨਾਂ ਨੂੰ ਸੰਬੋਧਨ ਕਰਨਗੇ ਅਤੇ 2047 ਵਿੱਚ ਵਿਕਸਿਤ ਭਾਰਤ ਬਣਾਉਣ ਲਈ ਉਨ੍ਹਾਂ ਦੀਆਂ ਇੱਛਾਵਾਂ ਅਤੇ ਸੁਝਾਅ ਲੈਣ ਲਈ ਉਨ੍ਹਾਂ ਨਾਲ ਵਿਚਾਰ-ਵਟਾਂਦਰਾ ਕਰਨਗੇ।
ਵੀਡੀਓ ਕਾਨਫਰੰਸ ਰਾਹੀਂ ਵੱਖ –ਵੱਖ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਨੂੰ ਸੰਬੋਧਨ ਕਰਦੇ ਹੋਏ, ਸ਼੍ਰੀ ਕਟਾਰੀਆ ਨੇ ਕਿਹਾ ਕਿ ਭਾਰਤ ਸਰਕਾਰ ਨੌਜਵਾਨਾਂ ਨੂੰ ਸਮਰੱਥ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਨਵੀਂ ਸਿੱਖਿਆ ਨੀਤੀ ਅਤੇ ਹੁਨਰ ਵਿਕਾਸ ਅਤੇ ਸਟਾਰਟ-ਅੱਪਸ ’ਤੇ ਤਰਜੀਹ ਦੇਣ ਸਦਕਾ, ਨੌਜਵਾਨ ਵਿਕਾਸ ਭਾਰਤ -2047 ਦੀ ਸਿਰਜਣਾ ਵਿੱਚ ਮਹੱਤਵਪੂਰਨ ਯੋਗਦਾਨ ਪਾ ਰਹੇ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਪੰਜਾਬ ਦੇ ਨੌਜਵਾਨ ਸਾਰੇ ਖੇਤਰਾਂ ਵਿੱਚ ਇੱਕ ਵਿਕਸਤ ਅਤੇ ਸਸ਼ਕਤ ਭਾਰਤ ਦੇ ਇਸ ਦ੍ਰਿਸ਼ਟੀਕੋਣ ਵਿੱਚ ਯੋਗਦਾਨ ਪਾਉਣ ਵਿੱਚ ਅਗਵਾਈ ਕਰਨਗੇ।
ਰਾਜਪਾਲ ਨੇ ਨੌਜਵਾਨਾਂ ਦੀ ਭਾਗੀਦਾਰੀ ਨੂੰ ਲਾਮਬੰਦ ਕਰਨ ਵਿੱਚ ਯੂਨੀਵਰਸਿਟੀਆਂ ਦੀ ਮਹੱਤਵਪੂਰਨ ਭੂਮਿਕਾ ’ਤੇ ਚਾਨਣਾ ਪਾਇਆ ਅਤੇ ਵਾਈਸ ਚਾਂਸਲਰਾਂ ਨੂੰ ਇਸ ਪਹਿਲਕਦਮੀ ਲਈ ਅਧਿਕਾਰਤ ਡਿਜੀਟਲ ਪਲੇਟਫਾਰਮ, ‘ਮਾਈ ਭਾਰਤ ਐਪ ’ ਉੱਤੇ ਆਪਣੇ ਅਦਾਰਿਆਂ ਅਤੇ ਵਿਦਿਆਰਥੀਆਂ ਦੀ ਸਮੇਂ ਸਿਰ ਰਜਿਸਟਰੇਸ਼ਨ ਯਕੀਨੀ ਬਣਾਉਣ ਦੀ ਅਪੀਲ ਕੀਤੀ।
ਉਨ੍ਹਾਂ ਯੂਨੀਵਰਸਿਟੀਆਂ ਨੂੰ ‘ਮਾਈ ਭਾਰਤ ਐਪ’ ’ਤੇ ਸੂਚੀਬੱਧ ਗਤੀਵਿਧੀਆਂ ਨੂੰ ਸਰਗਰਮੀ ਨਾਲ ਸੰਗਠਿਤ ਕਰਨ ਅਤੇ ਉਤਸ਼ਾਹਿਤ ਕਰਨ ਦੇ ਬਾਰੇ ਵੀ ਕਿਹਾ।
ਵਿਕਸਿਤ ਭਾਰਤ ਯੁਵਾ ਕਨੈਕਟ ਪ੍ਰੋਗਰਾਮ’ ਦੇ ਤਹਿਤ ਯੂਨੀਵਰਸਿਟੀਆਂ ਵਿੱਚ ਭਾਸ਼ਣ, ਵਿਚਾਰ-ਚਰਚਾਵਾਂ, ਯੁਵਾ ਸੰਸਦ, ਪੋਸਟਰ-ਮੇਕਿੰਗ ਮੁਕਾਬਲੇ ਅਤੇ ਹੋਰ ਪ੍ਰੋਗਰਾਮ ਸ਼ਾਮਲ ਹਨ। ਸ਼੍ਰੀ ਕਟਾਰੀਆ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਆਸ ਪ੍ਰਗਟਾਈ ਹੈ ਕਿ ਇਨ੍ਹਾਂ ਯੂਥ ਕਨੈਕਟ ਪਹਿਲਕਦਮੀਆਂ ਵਿੱਚ ਵੱਧ ਤੋਂ ਵੱਧ ਵਿਦਿਆਰਥੀਆਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾਵੇ, ਜਿਸ ਦੇ ਤਹਿਤ ਨੌਜਵਾਨਾਂ ਨੂੰ ਸਮਰੱਥ ਬਣਾਉਣ, ਉਤਸ਼ਾਹਿਤ ਕਰਨ ਅਤੇ ਪ੍ਰੇਰਿਤ ਕਰਨ ਲਈ ਇਮਾਨਦਾਰ ਯਤਨ ਕੀਤੇ ਜਾਣੇ ਚਾਹੀਦੇ ਹਨ।
ਰਾਜਪਾਲ ਨੇ ਯੂਨੀਵਰਸਿਟੀਆਂ ਨੂੰ ਹੁਨਰ ਵਿਕਾਸ ਅਤੇ ਨੌਜਵਾਨਾਂ ਵਿੱਚ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ’ਤੇ ਕੇਂਦ੍ਰਿਤ ਨਵੀਂ ਸਿੱਖਿਆ ਨੀਤੀ ਨੂੰ ਲਾਗੂ ਕਰਨ ਦੀ ਵੀ ਅਪੀਲ ਕੀਤੀ।
ਵਾਈਸ ਚਾਂਸਲਰਾਂ ਨੇ ਰਾਜਪਾਲ ਨੂੰ ਭਰੋਸਾ ਦਿਵਾਇਆ ਕਿ ਤਿਆਰੀਆਂ ਪਹਿਲਾਂ ਤੋਂ ਹੀ ਚੱਲ ਰਹੀਆਂ ਹਨ ਅਤੇ ਯੂਥ ਕਨੈਕਟ ਪ੍ਰੋਗਰਾਮ ਅਧੀਨ ਵੱਖ-ਵੱਖ ਗਤੀਵਿਧੀਆਂ ਦੀ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ ਅਤੇ ਸਬੰਧਤ ਅਦਾਰਿਆਂ ਵਿੱਚ ਲਾਗੂ ਕੀਤੀਆਂ ਜਾ ਰਹੀਆਂ ਹਨ ।