“ਮਾਂ ਦੇ ਦੁੱਧ ਦੀ ਮਹੱਤਤਾ” ਸਬੰਧੀ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਏ 

ਸਿਹਤ

(ਮਾਂ ਦਾ ਦੁੱਧ ਬੱਚੇ ਲਈ ਇੱਕ ਵੱਡਮੁੱਲੀ ਤੇ ਅਨਮੋਲ ਦਾਤ: ਸਿਵਲ ਸਰਜਨ ਡਾ. ਅਰਵਿੰਦਪਾਲ ਸਿੰਘ)

ਮਾਨਸਾ 07 ਅਗਗਤ, ਦੇਸ਼ ਕਲਿੱਕ ਬਿਓਰੋ

ਸਿਹਤ ਵਿਭਾਗ ਮਾਨਸਾ ਵੱਲੋਂ ਸਿਵਲ ਸਰਜਨ ਡਾ. ਅਰਵਿੰਦਪਾਲ ਸਿੰਘ ਦੇ ਨਿਰਦੇਸ਼ਾਂ ਹੇਠ “ਮਾਂ ਦੇ ਦੁੱਧ ਦੀ ਮਹੱਤਤਾ” ਸਬੰਧੀ 1 ਤੋਂ 7 ਅਗਸਤ ਤੱਕ ਇੱਕ ਵਿਸ਼ੇਸ਼ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਮੁਹਿੰਮ ਦਾ ਇਸ ਸਾਲ ਦਾ ਥੀਮ “ਮਾਂ ਅਤੇ ਬੱਚੇ ਦੀ ਨੇੜਤਾ ਨੂੰ ਵਧਾਉਣਾ, ਛਾਤੀ ਦਾ ਦੁੱਧ ਚੁੰਘਾਉਣਾ” ਹੈ। ਇਸ ਮੁਹਿੰਮ ਤਹਿਤ, ਸਿਹਤ ਵਿਭਾਗ ਪਿੰਡਾਂ ਵਿੱਚ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰ ਰਿਹਾ ਹੈ। ਇਸੇ ਲੜੀ ਵਿੱਚ, ਅੱਜ ਆਮ ਆਦਮੀ ਕਲੀਨਿਕ, ਠੂਠਿਆਂਵਾਲੀ ਰੋਡ, ਮਾਨਸਾ ਵਿਖੇ ਇੱਕ ਸੈਮੀਨਾਰ ਲਗਾਇਆ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਅਰਵਿੰਦਪਾਲ ਸਿੰਘ ਨੇ ਦੱਸਿਆ ਕਿ ਕੁਦਰਤ ਵੱਲੋਂ ਦਿੱਤਾ ਗਿਆ ਮਾਂ ਦਾ ਦੁੱਧ ਬੱਚੇ ਲਈ ਇੱਕ ਵੱਡਮੁੱਲੀ ਅਤੇ ਅਨਮੋਲ ਦਾਤ ਹੈ ਅਤੇ ਇਸ ਦਾ ਕੋਈ ਬਦਲ ਨਹੀਂ ਹੈ। ਉਨ੍ਹਾਂ ਕਿਹਾ ਕਿ ਬੱਚੇ ਦੇ ਜਨਮ ਤੋਂ ਪਹਿਲੇ ਘੰਟੇ ਦੇ ਅੰਦਰ ਹੀ ਮਾਂ ਦਾ ਦੁੱਧ ਸ਼ੁਰੂ ਕਰ ਦੇਣਾ ਚਾਹੀਦਾ ਹੈ, ਕਿਉਂਕਿ ਇਹ ਪੌਸ਼ਟਿਕ ਤੱਤਾਂ ਅਤੇ ਵਿਟਾਮਿਨ ‘ਏ’ ਨਾਲ ਭਰਪੂਰ ਹੁੰਦਾ ਹੈ। ਇਸ ਤੋਂ ਇਲਾਵਾ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਕੰਵਲਪ੍ਰੀਤ ਕੌਰ ਬਰਾੜ ਨੇ ਦੱਸਿਆ ਕਿ ਮਾਂ ਦਾ ਦੁੱਧ ਬੱਚੇ ਨੂੰ ਕੁਪੋਸ਼ਣ ਅਤੇ ਡਾਇਰੀਆ ਵਰਗੀਆਂ ਬਿਮਾਰੀਆਂ ਤੋਂ ਬਚਾਉਂਦਾ ਹੈ ਅਤੇ ਉਸ ਦੇ ਸਰੀਰਕ ਤੇ ਮਾਨਸਿਕ ਵਿਕਾਸ ਵਿੱਚ ਸਹਾਇਕ ਹੁੰਦਾ ਹੈ। ਇਸ ਜਾਗਰੂਕਤਾ ਮੁਹਿੰਮ ਵਿੱਚ ਬੱਚਿਆਂ ਨੂੰ ਦੁੱਧ ਚੁੰਘਾਉਣ ਦੇ ਸਹੀ ਤਰੀਕਿਆਂ ਬਾਰੇ ਵੀ ਦੱਸਿਆ ਜਾ ਰਿਹਾ ਹੈ। ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਵਿਜੇ ਕੁਮਾਰ ਨੇ ਦੱਸਿਆ ਕਿ ਮਾਸ ਮੀਡੀਆ ਵਿੰਗ ਵੱਲੋਂ ਬਲਾਕ ਐਕਸਟੈਂਸ਼ਨ ਐਜੂਕੇਟਰਾਂ, ਆਸ਼ਾ ਵਰਕਰਾਂ ਅਤੇ ਆਂਗਨਵਾੜੀ ਵਰਕਰਾਂ ਦੀ ਮਦਦ ਨਾਲ ਪਿੰਡ ਪੱਧਰ ‘ਤੇ ਜਾਗਰੂਕਤਾ ਫੈਲਾਈ ਜਾ ਰਹੀ ਹੈ। ਇਸ ਮੌਕੇ ਸਿਵਲ ਸਰਜਨ ਦਫ਼ਤਰ ਅਤੇ ਕਲੀਨਿਕ ਦਾ ਸਟਾਫ ਵੀ ਮੌਜੂਦ ਸੀ।

   ਇਸੇ ਲੜੀ ਤਹਿਤ ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਡਾ ਹਰਮਨਦੀਪ ਸਿੰਘ ਅਤੇ ਡਾ ਬਲਜਿੰਦਰ ਕੌਰ ਦੀ ਅਗਵਾਈ ਹੇਠ ਸਿਹਤ ਬਲਾਕ ਖਿਆਲਾ ਕਲਾਂ ਤਹਿਤ ਵੱਖ ਵੱਖ ਸਿਹਤ ਕੇਂਦਰਾਂ ਤੇ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਜਾਗਰੂਕਤਾ ਕੈਂਪ ਲਗਾਏ ਗਏ। ਸਿਹਤ ਕੇਂਦਰ ਨੰਗਲ ਕਲਾਂ ਵਿਖੇ ਟੀਕਾਕਰਨ ਸੈਸ਼ਨ ਦੌਰਾਨ ਇਕੱਤਰ ਲਾਭਪਾਤਰੀਆਂ ਨੂੰ ਜਾਣਕਾਰੀ ਦਿੰਦਿਆਂ ਸਿਹਤ ਕਰਮਚਾਰੀ ਚਾਨਣ ਦੀਪ ਸਿੰਘ ਨੇ ਦੱਸਿਆ ਕਿ ਮਾਂ ਦਾ ਦੁੱਧ ਬੱਚੇ ਦੀ ਰੋਗਾਂ ਨਾਲ ਲੜਨ ਦੀ ਸ਼ਕਤੀ ਨੂੰ ਵਧਾਉਂਦਾ ਹੈ ਅਤੇ ਉਸ ਨੂੰ ਤੰਦਰੁਸਤ ਰੱਖਣ ਵਿੱਚ ਮਦਦ ਕਰਦਾ ਹੈ। ਇਹ ਮਾਂ ਅਤੇ ਬੱਚੇ ਵਿਚਕਾਰ ਇੱਕ ਮਜ਼ਬੂਤ ਭਾਵਨਾਤਮਕ ਰਿਸ਼ਤਾ ਵੀ ਕਾਇਮ ਕਰਦਾ ਹੈ। ਇਸ ਮੌਕੇ ਹਰਪਾਲ ਕੌਰ ਐੱਲ ਐੱਚ ਵੀ, ਰਮਨਦੀਪ ਕੌਰ ਸੀ ਐੱਚ ਓ, ਅਮਰਜੀਤ ਕੌਰ ਏ ਐਨ ਐਮ, ਬਲਬੀਰ ਕੌਰ ਏ ਐਨ ਐਮ, ਸਮੂਹ ਆਸ਼ਾ ਵਰਕਰਾਂ ਤੋਂ ਇਲਾਵਾ ਪਿੰਡ ਨਿਵਾਸੀ ਹਾਜ਼ਰ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।