ਚੰਡੀਗੜ੍ਹ, 18 ਅਗਸਤ, ਦੇਸ਼ ਕਲਿੱਕ ਬਿਓਰੋ :
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਸਰੰਗੜਾ, ਰਾਮਤੀਰਥ ਮਾਰਗ ਦੇ ਇੱਕ ਅਨੁਸੂਚਿਤ ਜਾਤੀ ਵਿਅਕਤੀ ਨਾਲ ਗਾਲੀ-ਗਲੋਚ ਕਰਨ ਦੇ ਮਾਮਲੇ ਦਾ ਸੂ-ਮੋਟੋ ਨੋਟਿਸ ਲੈਂਦਿਆਂ ਐਸ.ਐਸ. ਪੀ. ਅੰਮ੍ਰਿਤਸਰ ਤੋਂ ਰਿਪੋਰਟ ਤਲਬ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਮਾਮਲਾ ਸੋਸ਼ਲ ਮੀਡੀਆ ਰਾਹੀਂ ਉਹਨਾਂ ਦੇ ਧਿਆਨ ਵਿੱਚ ਆਇਆ ਹੈ, ਜਿਸ ਵਿੱਚ ਇੱਕ ਵਿਅਕਤੀ ਅਨੁਸੂਚਿਤ ਜਾਤੀ ਵਰਗ ਦੇ ਮਜ਼੍ਹਬੀ ਸਿੱਖ/ਵਾਲਮੀਕਿ ਪਰਿਵਾਰ ਨੂੰ ਜਾਤੀ ਸੂਚਕ ਗਾਲਾਂ ਕੱਢ ਰਿਹਾ ਹੈ, ਜਿਸ ‘ਤੇ ਕਮਿਸ਼ਨ ਵੱਲੋਂ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਸੂਬੇ ਦੇ ਅਨਸੂਚਿਤ ਜਾਤੀ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸੂਬੇ ਵਿੱਚ ਸੰਵਿਧਾਨਿਕ ਕਾਨੂੰਨਾਂ ਤੋਂ ਉਲਟ ਜਾਤੀਵਾਦ ਫੈਲਾਉਣ ਵਾਲੇ ਅਨਸਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
