ਫ਼ਰੀਦਕੋਟ, 19 ਅਗਸਤ 2025: ਦੇਸ਼ ਕਲਿੱਕ ਬਿਓਰੋ
ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਆਜ਼ਾਦੀ ਦਿਵਸ ਦੇ ਰਾਜ ਪੱਧਰੀ ਸਮਾਗਮ ਦੌਰਾਨ ਵਧੀਆ ਸੇਵਾਵਾਂ ਦੇਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ। ਉਹਨਾਂ ਨੇ ਕਿਹਾ ਕਿ ਸਰਕਾਰੀ ਅਧਿਕਾਰੀ ਅਤੇ ਕਰਮਚਾਰੀ ਲੋਕਾਂ ਤੱਕ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਅਤੇ ਸਹੂਲਤਾਂ ਪਹੁੰਚਾਉਣ ਲਈ ਮੁੱਖ ਕੜੀ ਹਨ। ਉਹਨਾਂ ਦੀ ਮਿਹਨਤ ਅਤੇ ਸਮਰਪਣ ਨਾਲ ਹੀ ਲੋਕਾਂ ਦਾ ਭਰੋਸਾ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਜਿਲ੍ਹੇ ਦੇ ਸਮੂਹ ਅਧਿਕਾਰੀਆਂ, ਕਰਮਚਾਰੀਆਂ ਦੀ ਮਿਹਨਤ ਤੇ ਆਪਸੀ ਸਹਿਯੋਗ ਨਾਲ 15 ਅਗਸਤ ਦਾ ਰਾਜ ਪੱਧਰੀ ਸਮਾਗਮ ਪੂਰੀ ਤਰ੍ਹਾਂ ਸਫਲ ਰਿਹਾ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕਿਹਾ ਕਿ ਜ਼ਿਲ੍ਹੇ ਦੇ ਕਈ ਅਧਿਕਾਰੀ ਅਤੇ ਕਰਮਚਾਰੀ ਆਪਣੀ ਡਿਊਟੀ ਨਿਭਾਉਂਦੇ ਹੋਏ ਲੋਕ ਭਲਾਈ ਲਈ ਨਵੀਂ ਸੋਚ ਅਤੇ ਜਜ਼ਬੇ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਸਨਮਾਨ ਸਿਰਫ਼ ਪ੍ਰਸ਼ੰਸਾ ਨਹੀਂ, ਸਗੋਂ ਹੋਰਾਂ ਲਈ ਵੀ ਪ੍ਰੇਰਨਾ ਦਾ ਸਰੋਤ ਹੈ।
ਇਸ ਮੌਕੇ ਪੁਲਿਸ ਵਿਭਾਗ, ਸਿਹਤ ਵਿਭਾਗ, ਸਿੱਖਿਆ ਵਿਭਾਗ, ਪੰਚਾਇਤੀ ਰਾਜ ਵਿਭਾਗ, ਨਗਰ ਕੌਂਸਲ ਅਤੇ ਹੋਰ ਅਹਿਮ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਆਪਣੇ ਸ਼ਾਨਦਾਰ ਕੰਮ ਲਈ ਸਨਮਾਨਿਤ ਕੀਤੇ ਗਏ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕ ਸੇਵਾ ਦੇ ਕੰਮ ਵਿੱਚ ਪਾਰਦਰਸ਼ਤਾ ਅਤੇ ਤੇਜ਼ੀ ਬਰਕਰਾਰ ਰੱਖਣਾ ਹੀ ਸਫਲਤਾ ਦੀ ਕੁੰਜੀ ਹੈ। ਉਹਨਾਂ ਨੇ ਉਨ੍ਹਾਂ ਦੇ ਮਨੋਬਲ ਨੂੰ ਵਧਾਉਂਦੇ ਹੋਏ ਅੱਗੇ ਵੀ ਇਸੇ ਤਰ੍ਹਾਂ ਇਮਾਨਦਾਰੀ ਤੇ ਨਿੱਡਰਤਾ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਨਰਭਿੰਦਰ ਸਿੰਘ ਗਰੇਵਾਲ, ਐਸ.ਡੀ.ਐਮ. ਫਰੀਦਕੋਟ ਮੇਜਰ ਡਾ. ਵਰੁਣ ਕੁਮਾਰ, ਜਿਲ੍ਹਾ ਮਾਲ ਅਫਸਰ ਲਵਪ੍ਰੀਤ ਕੌਰ, ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ, ਐਸ.ਐਮ.ਓ ਡਾ. ਵਿਸ਼ਵਦੀਪ ਗੌਇਲ, ਐਕਸੀਅਨ ਪੀ. ਡਬਲਊ.ਡੀ. ਨਵੀਨ ਕੁਮਾਰ, ਜਿਲ੍ਹਾ ਸਿੱਖਿਆ ਅਫਸਰ ਮੈਡਮ ਨੀਲਮ ਰਾਣੀ, ਜਿਲ੍ਹਾ ਸਿੱਖਿਆ ਅਫਸਰ ਐਲੀਮੈਟਰੀ ਮੈਡਮ ਅੰਜਨਾ ਕੌਸ਼ਲ, ਐਮ.ਈ. ਨਗਰ ਕੌਂਸਲ ਰਾਕੇਸ਼ ਕੰਬੋਜ, ਜਿਲ੍ਹਾ ਗਾਇਡੈਂਸ ਕੌਂਸਲਰ ਸ੍ਰੀ ਜਸਬੀਰ ਸਿੰਘ ਜੱਸੀ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।