ਫਿਰੋਜ਼ਪੁਰ, 21 ਅਗਸਤ, ਦੇਸ਼ ਕਲਿਕ ਬਿਊਰੋ :
ਪੰਜਾਬ ਵਿਚ ਨਸ਼ਿਆਂ ਦੇ ਖਿਲਾਫ ਚੱਲ ਰਹੀ ਮੁਹਿੰਮ ਨੂੰ ਵੱਡੀ ਸਫਲਤਾ ਮਿਲੀ ਹੈ। ਥਾਣਾ ਸਦਰ ਜ਼ੀਰਾ ਦੀ ਪੁਲਿਸ ਨੇ ਗਸ਼ਤ ਅਤੇ ਨਾਕੇਬੰਦੀ ਦੌਰਾਨ ਇਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਕੇ ਉਸਦੇ ਕਬਜ਼ੇ ਤੋਂ ਸਾਢੇ ਪੰਜ ਕਿਲੋ ਹੈਰੋਇਨ, 50 ਹਜ਼ਾਰ ਰੁਪਏ ਡਰੱਗ ਮਨੀ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ।
ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੁਲ ਸੂਆ ਨਹਿਰ ਨੇੜੇ ਨਾਕੇਬੰਦੀ ਕੀਤੀ ਗਈ ਸੀ। ਇਸ ਦੌਰਾਨ ਪਿੰਡ ਹਰਦਾਸਾ ਵੱਲੋਂ ਇਕ ਵਿਅਕਤੀ ਬਿਨਾਂ ਨੰਬਰੀ ਮੋਟਰਸਾਈਕਲ ’ਤੇ ਆ ਰਿਹਾ ਸੀ। ਪੁਲਿਸ ਨੂੰ ਵੇਖ ਕੇ ਉਹ ਘਬਰਾ ਗਿਆ ਅਤੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ। ਜਲਦਬਾਜ਼ੀ ਵਿੱਚ ਮੋਟਰਸਾਈਕਲ ਸਲਿੱਪ ਹੋ ਕੇ ਡਿੱਗ ਪਿਆ, ਜਿਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਤੁਰੰਤ ਕਾਬੂ ਕਰ ਲਿਆ।
ਪੁੱਛਗਿੱਛ ਦੌਰਾਨ ਉਸਦੀ ਪਛਾਣ ਰਛਪਾਲ ਸਿੰਘ ਉਰਫ਼ ਪੀਕੇ ਪੁੱਤਰ ਪ੍ਰੀਤਮ ਸਿੰਘ ਵਾਸੀ ਚੱਕ ਦੋਨਾ, ਰਹੀਮੇ ਕੇ, ਮਮਦੋਟ ਵਜੋਂ ਹੋਈ। ਤਲਾਸ਼ੀ ਦੌਰਾਨ ਉਸਦੇ ਕੋਲੋਂ ਹੈਰੋਇਨ ਅਤੇ ਨਕਦੀ ਮਿਲੀ।ਪੁਲਿਸ ਮੁਤਾਬਕ, ਅੰਤਰਰਾਸ਼ਟਰੀ ਬਾਜ਼ਾਰ ਵਿੱਚ ਬਰਾਮਦ ਕੀਤੀ ਹੈਰੋਇਨ ਦੀ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ, ਐੱਨਡੀਪੀਐੱਸ ਐਕਟ ਅਧੀਨ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
