ਅੰਮ੍ਰਿਤਸਰ, 21 ਅਗਸਤ, ਦੇਸ਼ ਕਲਿਕ ਬਿਊਰੋ :
ਪੰਜਾਬ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਦੀ ਇੱਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਖੁਫੀਆ ਏਜੰਸੀਆਂ ਦੇ ਸਹਿਯੋਗ ਨਾਲ ਇੱਕ ਵੱਡਾ ਆਪ੍ਰੇਸ਼ਨ ਕੀਤਾ ਹੈ। ਪੁਲਿਸ ਨੇ ਪੰਡੋਰੀ ਪਿੰਡ ਦੇ ਮਲਕੀਤ ਸਿੰਘ ਨਾਮ ਦੇ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ‘ਤੇ ਖਾਲਿਸਤਾਨੀ ਲਹਿਰ ਨਾਲ ਮਿਲ ਕੇ ਸੂਬੇ ਵਿੱਚ ਅਸ਼ਾਂਤੀ ਫੈਲਾਉਣ ਦੀ ਸਾਜ਼ਿਸ਼ ਰਚਣ ਦਾ ਦੋਸ਼ ਹੈ।
ਇਸ ਨੌਜਵਾਨ ਦੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਦੁਆਰਾ ਸਮਰਥਤ ਖਾਲਿਸਤਾਨੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਨਾਲ ਸਬੰਧ ਹੋਣ ਦਾ ਪਤਾ ਲੱਗਿਆ ਹੈ। ਪੁਲਿਸ ਨੇ ਉਸ ਦੇ ਕਬਜ਼ੇ ਵਿੱਚੋਂ ਇੱਕ ਹੈਂਡ ਗ੍ਰਨੇਡ, ਇੱਕ .30 ਬੋਰ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਹੁਣ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਤਾਂ ਜੋ ਇਸ ਸਾਜ਼ਿਸ਼ ਵਿੱਚ ਸ਼ਾਮਲ ਹੋਰ ਲੋਕਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਜਾ ਸਕੇ।
 
	



