ਮੰਗਾਂ ਦਾ ਹੱਲ ਨਾ ਹੋਣ ਤੇ 25 ਅਗਸਤ ਤੋਂ ਸੀਵਰੇਜ਼ ਦੀਆਂ ਮੋਟਰਾਂ ਬੰਦ ਕਰਨਗੇ
ਮੋਰਿੰਡਾ 21 ਅਗਸਤ ਭਟੋਆ
ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਆਊਟਸੋਰਸ ਵਰਕਰਜ਼ ਯੂਨੀਅਨ ਦੇ ਤੈਅ ਪ੍ਰੋਗਰਾਮ ਅਨੁਸਾਰ ਪੰਜਾਬ ਪੱਧਰੀ ਅਣਮਿੱਥੇ ਸਮੇਂ ਦੀ ਹੜਤਾਲ ਅੱਜ ਸਤਾਰਵੇਂ ਦਿਨ ਵਿੱਚ ਸ਼ਾਮਲ ਹੋ ਗਈ ਹੈ, ਪ੍ਰੰਤੂ ਸਰਕਾਰ ਨੇ ਆਊਟਸੋਰਸ ਵਰਕਰਜ਼ ਦੀਆਂ ਮੰਗਾਂ ਮੰਨਣ ਸਬੰਧੀ ਕੋਈ ਠੋਸ ਕਦਮ ਨਹੀ ਚੁੱਕਿਆ। ਇਸ ਸਬੰਧੀ
ਜਾਣਕਾਰੀ ਦਿੰਦਿਆਂ ਸੂਬਾ ਪ੍ਰੈੱਸ ਸਕੱਤਰ ਨਰਿੰਦਰ ਸ਼ਰਮਾ ਨੇ ਦੱਸਿਆ ਕਿ ਅੱਜ ਯੂਨੀਅਨ ਵੱਲੋ ਸੂਬਾ ਪ੍ਰਧਾਨ ਗੁਰਦੇਵ ਸਿੰਘ ਨਿਹੰਗ ਦੀ ਅਗਵਾਈ ਹੇਠ ਸੰਗਰੂਰ ਵਿਖੇ ਸੂਬਾ ਪੱਧਰੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸ੍ਰੀ ਨਿਵਾਸ ਸ਼ਰਮਾ ਸੰਗਰੂਰ ਨੂੰ ਯੂਨੀਅਨ ਦਾ ਪ੍ਰਮੁੱਖ ਸਲਾਹਕਾਰ ਚੁਣਿਆ ਗਿਆ । ਇਸ ਮੌਕੇ ਸੂਬਾ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਮੰਡੇਰ ਨੇ ਕਿਹਾ ਕਿ ਲਗਪਗ ਸੱਤ ਅੱਠ ਮਹੀਨਿਆਂ ਤੋਂ ਪੰਜਾਬ ਸਰਕਾਰ ਵਾਟਰ ਸਪਲਾਈ ਤੇ ਸੀਵਰੇਜ ਕਾਮਿਆਂ ਦੀਆਂ ਮੰਗਾਂ ਸਬੰਧੀ ਲਾਰੇ ਲੱਪੇ ਲਾ ਰਹੀ ਹੈ ਅਤੇ ਸਰਕਾਰ ਵੱਲੋਂ ਕਾਮਿਆਂ ਦੀਆਂ ਮੰਗਾਂ ਦਾ ਕੋਈ ਪੁਖਤਾ ਹੱਲ ਨਹੀਂ ਕੀਤਾ ਜਾ ਰਿਹਾ। ਉਨਾ ਦੱਸਿਆ ਕਿ 23 ਅਗਸਤ ਨੂੰ ਯੂਨੀਅਨ ਦੀ ਮੀਟਿੰਗ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਸਬ ਕਮੇਟੀ ਦੇ ਨਾਲ ਪੰਜਾਬ ਭਵਨ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਣੀ ਹੈ। ਜੇਕਰ ਇਸ ਮੀਟਿੰਗ ਵਿੱਚ ਕਾਮਿਆ ਦੀਆਂ ਮੰਗਾਂ ਦਾ ਹੱਲ ਨਹੀਂ ਹੁੰਦਾ ਤਾਂ 25 ਅਗਸਤ ਤੋਂ ਸੀਵਰੇਜ਼ ਦੀਆਂ ਮੋਟਰਾਂ ਬੰਦ ਕੀਤੀਆਂ ਜਾਣਗੀਆਂ ਅਤੇ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ ਜਿਸਦੀ ਪੂਰੀ ਜ਼ਿਮੇਵਾਰੀ ਪੰਜਾਬ ਸਰਕਾਰ ਪ੍ਰਸ਼ਾਸਨ ਦੀ ਹੋਵੇਗੀ।