ਚੰਡੀਗੜ੍ਹ, 3 ਸਤੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਅਤੇ ਹੜ੍ਹਾਂ ਦੇ ਮੱਦੇਨਜ਼ਰ, ਸੂਬਾ ਸਰਕਾਰ ਨੇ ਪੂਰੇ ਪੰਜਾਬ ਨੂੰ ਆਫ਼ਤ ਪ੍ਰਭਾਵਿਤ ਐਲਾਨਿਆ ਹੈ। ਇਸ ਵੇਲੇ ਸੂਬੇ ਦੇ ਸਾਰੇ 23 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ ਅਤੇ 1200 ਤੋਂ ਵੱਧ ਪਿੰਡ ਪ੍ਰਭਾਵਿਤ ਹੋਏ ਹਨ।
ਗੁਰਦਾਸਪੁਰ ਦੇ 324 ਪਿੰਡ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ। ਅੰਮ੍ਰਿਤਸਰ ਵਿੱਚ 135 ਪਿੰਡ, ਬਰਨਾਲਾ ਵਿੱਚ 134 ਅਤੇ ਹੁਸ਼ਿਆਰਪੁਰ ਵਿੱਚ 119 ਪਿੰਡ ਪ੍ਰਭਾਵਿਤ ਹੋਏ ਹਨ। 30 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ 3 ਲੋਕ ਅਜੇ ਵੀ ਲਾਪਤਾ ਹਨ।
ਇਸ ਦੌਰਾਨ, ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਚੇਤਾਵਨੀ ਦਿੱਤੀ ਹੈ ਕਿ ਨੰਗਲ ਖੇਤਰ ਵਿੱਚ ਲਗਾਤਾਰ ਬਾਰਿਸ਼ ਹੋ ਰਹੀ ਹੈ, ਜਿਸ ਕਾਰਨ ਸਤਲੁਜ ਦੇ ਕੰਢੇ ਅਤੇ ਪਿੰਡਾਂ ਦੇ ਬੰਨ੍ਹ ਕਮਜ਼ੋਰ ਹੋ ਗਏ ਹਨ। ਉਨ੍ਹਾਂ ਲੋਕਾਂ ਨੂੰ ਤੁਰੰਤ ਸੁਰੱਖਿਅਤ ਥਾਵਾਂ ‘ਤੇ ਜਾਣ ਦੀ ਅਪੀਲ ਕੀਤੀ ਹੈ।
