ਚੰਡੀਗੜ੍ਹ, 9 ਸਤੰਬਰ, ਦੇਸ਼ ਕਲਿਕ ਬਿਊਰੋ :
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਗਲਵਾਰ ਨੂੰ ਹੜ੍ਹ ਪੀੜਤਾਂ ਦੇ ਦਰਦ ਨੂੰ ਸਮਝਣ ਅਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਪੰਜਾਬ ਪਹੁੰਚਣਗੇ। ਉਹ ਦੁਪਹਿਰ 3 ਵਜੇ ਦੇ ਕਰੀਬ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕਰਨਗੇ। ਹਵਾਈ ਸਰਵੇਖਣ ਤੋਂ ਬਾਅਦ, ਪ੍ਰਧਾਨ ਮੰਤਰੀ ਸ਼ਾਮ 4 ਵਜੇ ਦੇ ਕਰੀਬ ਗੁਰਦਾਸਪੁਰ ਪਹੁੰਚਣਗੇ। ਜਿੱਥੇ ਉਹ ਸੀਨੀਅਰ ਅਧਿਕਾਰੀਆਂ ਨਾਲ ਹੜ੍ਹ ਦੀ ਸਥਿਤੀ ਬਾਰੇ ਚਰਚਾ ਕਰਨਗੇ ਅਤੇ ਜ਼ਮੀਨੀ ਸਥਿਤੀ ਬਾਰੇ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਵੀ ਕਰਨਗੇ। ਉਹ ਗੁਰਦਾਸਪੁਰ ਵਿੱਚ ਹੜ੍ਹ ਪ੍ਰਭਾਵਿਤ ਵਿਅਕਤੀਆਂ ਦੇ ਨਾਲ-ਨਾਲ ਐਨਡੀਆਰਐਫ, ਐਸਡੀਆਰਐਫ ਅਤੇ ਆਫ਼ਤ ਮਿੱਤਰਾ ਟੀਮ ਨਾਲ ਵੀ ਗੱਲਬਾਤ ਕਰਨਗੇ।
ਪ੍ਰਧਾਨ ਮੰਤਰੀ ਦੇ ਇਸ ਦੌਰੇ ਦਾ ਉਦੇਸ਼ ਇਸ ਮੁਸ਼ਕਲ ਸਮੇਂ ਵਿੱਚ ਪੰਜਾਬ ਦੇ ਲੋਕਾਂ ਦੀ ਮਦਦ ਲਈ ਰਾਹਤ ਅਤੇ ਪੁਨਰਵਾਸ ਯਤਨਾਂ ਦੀ ਨੇੜਿਓਂ ਨਿਗਰਾਨੀ ਕਰਨਾ ਹੈ। ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਮੋਦੀ ਤੋਂ 20 ਹਜ਼ਾਰ ਕਰੋੜ ਦੇ ਅੰਤਰਿਮ ਰਾਹਤ ਪੈਕੇਜ ਦੀ ਮੰਗ ਕੀਤੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਾ ਸਵਾਗਤ ਹੈ ਅਤੇ ਸਰਕਾਰ ਨੂੰ ਉਮੀਦ ਹੈ ਕਿ ਉਹ ਆਫ਼ਤ ਪ੍ਰਭਾਵਿਤ ਸੂਬੇ ਲਈ ਖੁੱਲ੍ਹੇ ਦਿਲ ਨਾਲ ਰਾਹਤ ਪੈਕੇਜ ਦਾ ਐਲਾਨ ਕਰਨਗੇ। ਸਰਕਾਰ ਮੰਗ ਕਰਦੀ ਹੈ ਕਿ ਉਹ ਪੰਜਾਬ ਦੇ 60 ਹਜ਼ਾਰ ਕਰੋੜ ਦੇ ਪੁਰਾਣੇ ਬਕਾਏ ਵੀ ਜਾਰੀ ਕਰੇ ਤਾਂ ਜੋ ਹੜ੍ਹਾਂ ਤੋਂ ਪੀੜਤ ਪੰਜਾਬੀਆਂ ਦੀ ਮਦਦ ਕੀਤੀ ਜਾ ਸਕੇ।
ਦੂਜੇ ਪਾਸੇ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਵੜਿੰਗ ਨੇ ਵੀ ਪ੍ਰਧਾਨ ਮੰਤਰੀ ਤੋਂ ਰਾਹਤ ਪੈਕੇਜ ਦੀ ਮੰਗ ਕੀਤੀ ਹੈ।
