ਚੰਡੀਗੜ੍ਹ, 15 ਸਤੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਵਿੱਚ ਪਾਕਿਸਤਾਨ ਤੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ 2 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਤੋਂ 5 ਵਿਦੇਸ਼ੀ ਪਿਸਤੌਲ (.30 ਬੋਰ) ਅਤੇ 9 ਮੈਗਜ਼ੀਨ ਬਰਾਮਦ ਕੀਤੇ ਗਏ ਹਨ। ਇਸ ਗੱਲ ਦਾ ਖੁਲਾਸਾ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਖੁਦ ਇੱਕ ਟਵੀਟ ਰਾਹੀਂ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸੁਰਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਹ ਹਥਿਆਰ ਪਾਕਿਸਤਾਨ ਤੋਂ ਇੱਕ ਵਿਦੇਸ਼ੀ ਨੈੱਟਵਰਕ ਰਾਹੀਂ ਮੰਗਵਾਏ ਗਏ ਸਨ ਅਤੇ ਪੰਜਾਬ ਵਿੱਚ ਅਪਰਾਧਿਕ ਗਿਰੋਹਾਂ ਨੂੰ ਪਹੁੰਚਾਉਣ ਲਈ ਤਿਆਰ ਕੀਤੇ ਜਾ ਰਹੇ ਸਨ।
ਗ੍ਰਿਫ਼ਤਾਰ ਮੁਲਜ਼ਮਾਂ ਦਾ ਕੰਮ ਹਥਿਆਰ ਸਪਲਾਈ ਕਰਨਾ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਗੈਂਗਸਟਰਾਂ ਨੂੰ ਪਹੁੰਚਾਉਣਾ ਸੀ। ਇਸ ਤੋਂ ਬਾਅਦ ਵੱਖ-ਵੱਖ ਥਾਵਾਂ ‘ਤੇ ਵੱਡੇ ਅਪਰਾਧਾਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚੀ ਜਾ ਰਹੀ ਸੀ। ਪੁਲਿਸ ਗ੍ਰਿਫ਼ਤਾਰ ਦੋਵਾਂ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ ਕਿ ਮੁਲਜ਼ਮ ਪੰਜਾਬ ਵਿੱਚ ਹਥਿਆਰ ਕਿਸ ਨੂੰ ਦਿੰਦੇ ਸਨ ਅਤੇ ਕਿਸ ਅਪਰਾਧ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚੀ ਜਾ ਰਹੀ ਸੀ।
