ਜ਼ਿਲ੍ਹਾ ਸੰਗਰੂਰ ਵਿੱਚ ਸ਼ਾਮ 7 ਵਜੇ ਤੋਂ ਅਗਲੇ ਦਿਨ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ

ਪੰਜਾਬ


ਸੰਗਰੂਰ, 16 ਸਤੰਬਰ: ਦੇਸ਼ ਕਲਿੱਕ ਬਿਓਰੋ
ਸਾਲ 2025 ਦੌਰਾਨ ਝੋਨੇ ਦੀ ਫਸਲ ਦੀ ਕਟਾਈ ਸ਼ੁਰੂ ਹੋ ਰਹੀ ਹੈ। ਆਮ ਤੌਰ ‘ਤੇ ਵੇਖਣ ਵਿੱਚ ਆਇਆ ਹੈ ਕਿ ਝੋਨਾ ਕੱਟਣ ਲਈ ਕੰਬਾਈਨਾਂ ਦੇਰ ਰਾਤ ਤੱਕ ਚੱਲਦੀਆਂ ਹਨ। ਰਾਤ ਸਮੇਂ ਕੱਟਿਆ ਗਿੱਲਾ ਤੇ ਹਰਾ ਝੋਨਾ ਜਦੋਂ ਮੰਡੀਆਂ ਵਿੱਚ ਵਿਕਣ ਲਈ ਜਾਂਦਾ ਹੈ ਤਾਂ ਨਮੀ ਪ੍ਰਵਾਨਿਤ ਹੱਦ ਨਾਲੋਂ ਜਿਆਦਾ ਹੋਣ ਕਾਰਨ ਖਰੀਦ ਏਜੰਸੀਆਂ ਝੋਨਾ ਖਰੀਦ ਕਰਨ ਤੋਂ ਇਨਕਾਰ ਕਰ ਦਿੰਦੀਆਂ ਹਨ। ਸਿੱਟੇ ਵਜੋਂ ਮੰਡੀਆਂ ਵਿੱਚ ਅਣਵਿਕੇ ਝੋਨੇ ਦੇ ਅੰਬਾਰ ਲੱਗ ਜਾਂਦੇ ਹਨ।
ਇਸ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਅਮਿਤ ਬੈਂਬੀ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸੰਗਰੂਰ ਵਿੱਚ ਸ਼ਾਮ 07:00 ਵਜੇ ਤੋਂ ਅਗਲੇ ਦਿਨ ਸਵੇਰੇ 10:00 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ਤੇ ਪਾਬੰਦੀ ਲਗਾਈ ਹੈ। ਵਧੀਕ  ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹਾ ਸੰਗਰੂਰ ਅੰਦਰ ਝੋਨੇ ਦੀ ਕਟਾਈ ਕਰਨ ਵਾਲੀਆਂ ਕੰਬਾਈਨਾਂ ਦੇ ਮਾਲਕਾਂ ਨੂੰ ਇਹ ਹਦਾਇਤ ਵੀ ਕੀਤੀ ਗਈ ਹੈ ਕਿ ਪੁਰਾਣੀਆਂ ਹਾਰਵੈਸਟਰ ਕੰਬਾਈਨਾਂ ਦੀ ਨਿਰਮਾਤਾ ਕੰਪਨੀ ਅਤੇ ਖੇਤੀਬਾੜੀ ਵਿਭਾਗ (ਮੁੱਖ ਖੇਤੀਬਾੜੀ ਅਫਸਰ) ਤੋਂ ਇੰਸਪੈਕਸ਼ਨ ਕਰਵਾਈ ਜਾਵੇ ਤਾਂ ਕਿ ਝੋਨੇ ਦੀ ਵਾਢੀ ਸਮੇਂ ਕੁਆਲਿਟੀ ਖਰਾਬ ਨਾ ਹੋਵੇ ਅਤੇ ਪੰਜਾਬ ਪ੍ਰਦੂਸਣ ਕੰਟਰੋਲ ਬੋਰਡ ਵੱਲੋ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ (ਐਸ ਐਮ ਐਸ) ਹਾਰਵੈਸਟਰ ਕੰਬਾਈਨਾਂ ਵਿੱਚ ਫਿੱਟ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਕੋਈ ਵੀ ਹਾਰਵੈਸਟਰ ਕੰਬਾਈਨ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ   (ਐਸਐਮਐਸ) ਲਗਾਏ ਬਗੈਰ ਨਾ ਵਰਤੀ ਜਾਵੇ।
ਇਸੇ ਤਰ੍ਹਾਂ ਝੋਨੇ ਦੀ ਕਟਾਈ ਤੋਂ ਬਾਅਦ ਖੇਤਾਂ ਵਿੱਚ ਖੜ੍ਹੇ ਸੁੱਕੇ ਕਰਚਿਆਂ/ਪਰਾਲੀ ਨੂੰ ਅੱਗ ਲਗਾਉਣ ਨਾਲ ਨਾ ਕੇਵਲ ਪ੍ਰਦੂਸ਼ਣ ਹੁੰਦਾ ਹੈ ਬਲਕਿ ਅੱਗ ਲੱਗਣ ਦਾ ਡਰ ਵੀ ਰਹਿੰਦਾ ਹੈ। ਇਸ ਤੋ ਇਲਾਵਾ ਪੁਰਾਣੀਆਂ ਹਾਰਵੈਸਟਰ ਕੰਬਾਇਨਾਂ ਝੋਨੇ ਦੀ ਕੁਆਲਿਟੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਦੀਆਂ ਹਨ, ਮਕੈਨੀਕਲ ਨੁਕਸ ਹੋਣ ਕਾਰਨ ਟੁੱਟੇ ਦਾਣਿਆਂ ਦੀ ਮਾਤਰਾ ਵੀ ਮਾਪਦੰਡਾਂ ਤੋਂ ਕਾਫੀ ਵੱਧ ਜਾਂਦੀ ਹੈ, ਜਿਸ ਕਰਕੇ ਖਰੀਦ ਏਜੰਸੀਆਂ ਅਜਿਹਾ ਝੋਨਾ ਖਰੀਦ ਕਰਨ ਤੋਂ ਹਿਚਕਚਾਂਉਦੀਆਂ ਹਨ। ਝੋਨਾ ਸਮੇਂ ਸਿਰ ਨਾ ਵਿਕਣ ਕਾਰਨ ਕਿਸਾਨਾਂ ਵਿੱਚ ਰੋਸ ਪੈਦਾ ਹੁੰਦਾ ਹੈ। ਇਸ ਨਾਲ ਅਮਨ ਕਾਨੂੰਨ ਦੀ ਸਥਿੱਤੀ ਨੂੰ ਖਤਰਾ ਪੈਦਾ ਹੁੰਦਾ ਹੈ। ਅਜਿਹਾ ਉਪਰੋਕਤ ਦਰਸਾਈਆਂ ਗਈਆਂ ਸਥਿਤੀਆਂ ਕਾਰਨ ਹੁੰਦਾ ਹੈ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸੀਨੀਅਰ ਕਪਤਾਨ ਪੁਲਿਸ ਸੰਗਰੂਰ, ਸਮੂਹ ਉਪ ਮੰਡਲ ਮੈਜਿਸਟਰੇਟ ਸੰਗਰੂਰ ਅਤੇ ਮੁੱਖ ਖੇਤੀਬਾੜੀ ਅਫਸਰ, ਸੰਗਰੂਰ ਇਸ ਹੁਕਮ ਨੂੰ ਲਾਗੂ ਕਰਵਾਉਣ ਲਈ ਜ਼ਿੰਮੇਵਾਰ ਹੋਣਗੇ।
ਇਹ ਹੁਕਮ 11ਨਵੰਬਰ 2025 ਤੱਕ ਲਾਗੂ ਰਹੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।