ਕਿਹਾ, ਸਰਕਾਰ ਵੱਖ ਵੱਖ ਵਿਭਾਗਾਂ ’ਚ ਠੇਕਾ ਪ੍ਰਣਾਲੀ ਦਾ ਸੰਤਾਪ ਭੋਗ ਰਹੇ ਠੇਕਾ ਮੁਲਾਜਮਾਂ ਦਾ ਪੱਕਾ ਰੁਜਗਾਰ ਕਰੇ
ਸੰਗਰੂਰ, 29 ਸਤੰਬਰ, ਦੇਸ਼ ਕਲਿੱਕ ਬਿਓਰੋ –
ਵੱਖ-ਵੱਖ ਸਰਕਾਰੀ ਵਿਭਾਗਾਂ ’ਚ ਪਿਛਲੇ ਸਾਲਾਂ-ਬੱਧੀ ਅਰਸ਼ੇ ਤੋਂ ਲਗਾਤਾਰ ਸੇਵਾਵਾਂ ਦੇ ਰਹੇ ਆਊਟਸੋਰਸ ਅਤੇ ਇਨਲਿਸਟਮੈਂਟ ਮੁਲਾਜ਼ਮਾਂ ਦੇ ਕੱਚੇ-ਪਿੱਲੇ ਰੁਜਗਾਰ ਨੂੰ ਪੱਕਾ ਕਰਨ ਸਮੇਤ ਹੋਰ ਹੱਕੀ ਤੇ ਜਾਇਜ਼ ਮੰਗਾਂ ਦਾ ਹੱਲ ਕਰਵਾਉਣ ਦੀ ਮੰਗ ਲਈ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਪਲੇਟਫਾਰਮ ‘ਤੇ ਸ਼ਹੀਦ-ਏ- ਆਜ਼ਮ ਭਗਤ ਸਿੰਘ ਜੀ ਦਾ ਜਨਮ ਦਿਨ, ਸੰਗਰੂਰ ਵਿੱਚ ਮੁੱਖ ਮੰਤਰੀ ਪੰਜਾਬ ਸਰਕਾਰ ਦੀ ਕੋਠੀ ਦਾ ਘਿਰਾਓ ਕਰਕੇ ਮਨਾਇਆ ਗਿਆ। ਇਸ ਸਬੰਧੀ ਆਯੋਜਿਤ ਸੂਬਾ ਪੱਧਰੀ ਪ੍ਰਦਰਸ਼ਨ ’ਚ ਪੰਜਾਬ ਭਰ ਤੋਂ ਹਜਾਰਾਂ ਦੀ ਗਿਣਤੀ ਵਿੱਚ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮ ਆਪਣੇ ਪਰਿਵਾਰਾਂ, ਬੱਚਿਆਂ ਸਮੇਤ ਅਕਾਸ਼ ਗੂੰਜਾਓ ਨਾਅਰੇ ਲਾਉਂਦੇ ਪੁੱਜੇ।
ਇਸ ਸਬੰਧੀ ਪ੍ਰੈਸ ਨੋਟ ਜਾਰੀ ਕਰਦਿਆ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾ ਆਗੂ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ,ਬਲਿਹਾਰ ਸਿੰਘ, ਗੁਰਵਿੰਦਰ ਸਿੰਘ ਪੰਨੂ, ਸ਼ੇਰ ਸਿੰਘ ਖੰਨਾ, ਸਿਮਰਨਜੀਤ ਸਿੰਘ ਨੀਲੋ, ਪਵਨਦੀਪ ਸਿੰਘ, ਜਸਪ੍ਰੀਤ ਸਿੰਘ ਗਗਨ, ਗੁਰਪ੍ਰੀਤ ਸਿੰਘ ਢਿੱਲੋਂ ਨੇ ਕਿਹਾ ਕਿ ਅਸੀਂ ਪੰਜਾਬ ਸਰਕਾਰ ਦੇ ਸਰਕਾਰੀ ਵਿਭਾਗਾਂ ਵਿੱਚ ਆਊਟਸੋਰਸ ਅਤੇ ਇਨਲਿਸਟਮੈਂਟ ਆਦਿ ਵੱਖ-ਵੱਖ ਕੈਟਾਗਿਰੀਆਂ ਰਾਹੀਂ ਪਿਛਲੇ 15-20 ਸਾਲਾਂ ਦੇ ਲੰਬੇ ਅਰਸ਼ੇ ਤੋਂ ਨਿਗੂਣੀਆਂ ਤਨਖਾਹਾਂ ‘ਤੇ ਤਨਦੇਹੀ ਨਾਲ਼ ਲਗਾਤਾਰ ਸੇਵਾਵਾਂ ਦਿੰਦੇ ਆ ਰਹੇ ਹਾਂ।
ਉਨ੍ਹਾਂ ਕਿਹਾ ਕਿ ‘ਮੋਰਚੇ ’ ਵੱਲੋੰ ਪੰਜਾਬ ਸਰਕਾਰ ਦੇ ਸਮੂਹ ਕੈਬਨਿਟ ਮੰਤਰੀਆਂ ਅਤੇ ਸਮੂਹ ਵਿਧਾਇਕਾਂ ਰਾਹੀਂ ਪਿਛਲੇ ਸਮੇਂ ਦੌਰਾਨ ਸੈਂਕੜੇ ਵਾਰ ‘ਮੰਗ-ਪੱਤਰ’ ਅਤੇ ਯਾਦ-ਪੱਤਰ ਭੇਜ ਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਸਥਾਈ ਸੇਵਾ ਦੀ ਲੋੜ ਦੇ ਅਧਾਰ ‘ਤੇ ਉਸਾਰੇ ਸਰਕਾਰੀ ਵਿਭਾਗਾਂ ਵਿੱਚ ਪੱਕੇ ਰੁਜਗਾਰ ਦੀ ਗਾਰੰਟੀ ਕੀਤੀ ਜਾਵੇ। ਇਸੇ ਅਧਾਰ ‘ਤੇ ਪੰਜਾਬ ਸਰਕਾਰ ਵੱਲੋਂ ਕੈਬਨਿਟ ਦੀ ਮੀਟਿੰਗ ਵਿੱਚ ਏਜੰਡਾ ਪਾਸ ਕਰਕੇ ਉਪਰੋਕਤ ਸਰਕਾਰੀ ਵਿਭਾਗਾਂ ਵਿੱਚ ਲਗਾਤਾਰ ਕੰਮ ਕਰਦੇ ਆਊਟਸੋਰਸ ਅਤੇ ਇਨਲਿਸਟਮੈਟ ਠੇਕਾ ਮੁਲਾਜਮਾਂ ਨੂੰ ਸਬੰਧਤ ਵਿਭਾਗਾਂ ਵਿਚ ਮਰਜ਼ ਕਰਕੇ ਤਜੱਰਬੇ ਦੇ ਅਧਾਰ ‘ਤੇ ਬਿਨਾਂ ਸ਼ਰਤ ਰੈਗੂਲਰ ਕੀਤਾ ਜਾਵੇ।
ਮੋਰਚੇ ਦੇ ਆਗੂਆਂ ਨੇ ਮੰਗ ਕੀਤੀ ਕਿ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ/ਪੰਚਾਇਤੀਕਰਨ ਦੀ ਨੀਤੀ ਨੂੰ ਤੁਰੰਤ ਰੱਦ ਕੀਤਾ ਜਾਵੇ। ਪੱਕੇ ਕੰਮ ਖੇਤਰ ਵਿੱਚ ਪੱਕੇ ਰੁਜਗਾਰ ਦਾ ਨਿਯਮ ਲਾਗੂ ਕੀਤਾ ਜਾਵੇ। ਆਊਟਸੋਰਸਡ ਕੰਪਨੀਆਂ, ਠੇਕੇਦਾਰਾਂ ਅਤੇ ਸੁਸਾਇਟੀਆਂ ਨੂੰ ਸਰਕਾਰੀ ਵਿਭਾਗਾਂ ਵਿਚੋਂ ਬਾਹਰ ਕੱਢ ਕੇ ਸਰਕਾਰੀ ਖਜਾਨੇ ਦੀ ਅੰਨ੍ਹੀ ਹੋ ਰਹੀ ਲੁੱਟ ਨੂੰ ਬੰਦ ਕੀਤਾ ਜਾਵੇ, ਸਮੂਹ ਆਊਟਸੋਰਸ ਅਤੇ ਇਨਲਿਸਟਮੈਟ ਮੁਲਾਜ਼ਮਾਂ ਨੂੰ ਸਬੰਧਤ ਵਿਭਾਗਾਂ ਵਿੱਚ ਮਰਜ਼ ਕਰਕੇ ਰੈਗੂਲਰ ਕੀਤਾ ਜਾਵੇ। ਘੱਟੋ-ਘੱਟ ਉਜਰਤ ਦੇ ਕਾਨੂੰਨ 1948 ਅਤੇ 15ਵੀਂ ਲੇਬਰ ਕਾਨਫ਼ਰੰਸ ਦੀਆਂ ਸਿਫਾਰਸ਼ਾਂ ਨੂੰ ਅਧਾਰ ਮੰਨ ਕੇ ਆਊਟਸੋਰਸ ਅਤੇ ਇਨਲਿਸਟਮੈਟ ਮੁਲਾਜਮਾਂ ਦੀ ਤਨਖਾਹ ਤਹਿ ਕੀਤੀ ਜਾਵੇ। ਬਰਾਬਰ ਕੰਮ ਲਈ ਬਰਾਬਰ ਤਨਖਾਹ ਦੇ ਵਿਗਿਆਨਕ ਅਸੂਲ ਨੂੰ ਲਾਗੂ ਕੀਤਾ ਜਾਵੇ। ਡਿਊਟੀ ਦੌਰਾਨ ਹੋਣ ਵਾਲੇ ਘਾਤਕ ਅਤੇ ਗੈਰ ਘਾਤਕ ਹਾਦਸਿਆਂ ਦੇ ਯੋਗ ਮੁਆਵਜ਼ੇ, ਇਲਾਜ ਦੀ ਭਰਪਾਈ ਦੇ ਨਾਲ ਨਾਲ ਮੌਤ ਹੋਣ ‘ਤੇ ਪਰਿਵਾਰ ਦੇ ਇਕ ਮੈਂਬਰ ਲਈ ਪੱਕੀ ਨੌਕਰੀ ਦਾ ਪ੍ਰਬੰਧ ਕੀਤਾ ਜਾਵੇ।ਇੰਨਲਿਸਟਮੈਟ ਵਰਕਰਾਂ ਨੂੰ ਈ.ਪੀ.ਐਫ. ਅਤੇ ਈ.ਐਸ.ਆਈ. ਸਕੀਮ ਅਧੀਨ ਲਿਆਂਦਾ ਜਾਵੇ। ਸਮੂਹ ਵਿਭਾਗਾਂ ਦੇ ਆਊਟਸੋਰਸ ਅਤੇ ਇਨਲਿਸਟਮੈਂਟ ਮੁਲਾਜ਼ਮਾਂ ਤੇ ਗਰੈਚੁਟੀ ਅਤੇ ਰਿਟਾਇਰਮੈਂਟ ਉਪਰੰਤ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ। ਕਿਰਤ ਕਾਨੂੰਨ, ਬੋਨਸ ਦਾ ਭੁਗਤਾਨ ਐਕਟ, 1965 ਮੁਤਾਬਿਕ ਆਊਟਸੋਰਸ ਵਰਕਰਾਂ ਨੂੰ 8.33 ਪ੍ਰਤੀਸ਼ਤ ਲਾਗੂ ਕੀਤਾ ਜਾਵੇ। ਪੰਚਾਇਤ ਅਧੀਨ ਵਾਟਰ ਸਪਲਾਈ ਸਕੀਮਾਂ ‘ਤੇ ਕੰਮ ਕਰਦੇ ਵਰਕਰਾਂ ਨੂੰ ਕਿਰਤ ਕਾਨੂੰਨ ਮੁਤਾਬਕ ਉਜ਼ਰਤਾਂ ਤੈਅ ਕੀਤੀਆਂ ਜਾਣ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਠੇਕਾ ਮੁਲਾਜ਼ਮ ਵਿਰੋਧੀ ਅਪਣਾਏ ਜਾ ਰਹੇ ਰਵੱਈਏ ਦੇ ਕਾਰਨ ਆਪਣੇ ਕੱਚੇ-ਪਿੱਲੇ ਰੁਜਗਾਰ ਨੂੰ ਬਚਾਉਣ ਅਤੇ ਆਪਣੇ ਹੱਕਾਂ ਦੀ ਰਾਖੀ ਲਈ ਸਰਕਾਰ ਵਲੋਂ ਪੈਦਾ ਕੀਤੀ ਜਾ ਰਹੀ ਮਜਬੂਰੀ ਵੱਸ ਅੱਜ ਇੱਥੇ ਸਮੂਹ ਵਿਭਾਗਾਂ ਦੇ ਠੇਕਾ ਮੁਲਾਜਮਾਂ ਵਲੋਂ ਰੋਹ ਭਰਪੂਰ ਪ੍ਰਦਰਸ਼ਨ ਕਰਨ ਉਪਰੰਤ ਮੋਰਚੇ ਦੇ ਪਲੇਟਫਾਰਮ ਤੋਂ ਐਲਾਨ ਕੀਤਾ ਕਿ ਆਪਣੇ ਪੱਕੇ ਰੁਜਗਾਰ ਦੀ ਮੰਗ ਦਾ ਹੱਲ ਕਰਵਾਉਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।
ਅੱਜ ਦੇ ਇਸ ਧਰਨੇ ਦੌਰਾਨ ਭਰਾਤਰੀ ਜਥੇਬੰਦੀਆਂ ਜਿਵੇਂ ਕਿ ਪੰਜਾਬ ਖੇਤ ਮਜ਼ਦੂਰ ਯੂਨੀਅਨ ਤੋਂ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ, ਗ੍ਰਾਮ ਪੰਚਾਇਤ ਪੰਪ ਅਪਰੇਟਰ ਠੇਕਾ ਮੁਲਾਜ਼ਮ ਯੂਨੀਅਨ ਤੋਂ ਬੋਹੜ ਸਿੰਘ ਭੁੱਲਰ, ਸਿਵਲ ਗੰਨਮੈਨ ਗਾਰਡ ਯੂਨੀਅਨ ਤੋਂ ਪਰਮਜੀਤ ਸਿੰਘ, ਬਲਵਿੰਦਰ ਸਿੰਘ, ਫਰਦ ਕੇਂਦਰ ਠੇਕਾ ਮੁਲਾਜ਼ਮ ਤੋਂ ਸਤਨਾਮ ਸਿੰਘ, ਪਰਮਜੀਤ ਕੌਰ, ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਜ਼ਿਲ੍ਹਾ ਸੰਗਰੂਰ ਤੋਂ ਹਰਦੇਵ ਸਿੰਘ ਕੁਲਾਰਾਂ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਏਕਤਾ ਦਿੜ੍ਹਬਾ ਬਲਾਕ ਆਗੂ ਹਰਜੀਤ ਸਿੰਘ, ਨੇ ਸੰਘਰਸ਼ ਨੂੰ ਹਮਾਇਤ ਕੀਤੀ ਤੇ ਸੰਬੋਧਿਤ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਠੇਕਾ ਮੁਲਾਜਮਾਂ ਦਾ ਪੱਕਾ ਰੁਜ਼ਗਾਰ ਕਰਨ ਦਾ ਤੁਰੰਤ ਫੈਸਲਾ ਲਿਆ ਜਾਵੇ।