ਚੰਡੀਗੜ੍ਹ, 6 ਅਕਤੂਬਰ, ਦੇਸ਼ ਕਲਿਕ ਬਿਊਰੋ :
ਅੱਜ ਪੰਜਾਬ ਵਿੱਚ ਕਈ ਥਾਈਂ ਤੇਜ਼ ਹਵਾਵਾਂ ਚੱਲਣ ਦੇ ਨਾਲ ਮੀਂਹ ਪੈ ਰਿਹਾ ਹੈ। ਪੱਛਮੀ ਗੜਬੜੀ ਦੇ ਸਰਗਰਮ ਹੋਣ ਤੋਂ ਬਾਅਦ ਪੰਜਾਬ ਸਮੇਤ ਉੱਤਰੀ ਭਾਰਤ ਲਈ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਪਹਾੜੀ ਖੇਤਰਾਂ ਵਿੱਚ ਆਮ ਨਾਲੋਂ ਵੱਧ ਮੀਂਹ ਪੈ ਰਿਹਾ ਹੈ, ਜਿਸ ਨਾਲ ਪੰਜਾਬ ਵਿੱਚ ਇੱਕ ਵਾਰ ਫਿਰ ਹੜ੍ਹ ਆਉਣ ਦਾ ਖ਼ਤਰਾ ਵਧ ਗਿਆ ਹੈ।
ਡੈਮਾਂ ਵਿੱਚ ਪਾਣੀ ਦਾ ਪੱਧਰ ਵੱਧ ਰਿਹਾ ਹੈ, ਇਸ ਲਈ ਡੈਮਾਂ ‘ਤੇ ਦਬਾਅ ਘਟਾਉਣ ਲਈ ਹੌਲੀ-ਹੌਲੀ ਪਾਣੀ ਛੱਡਿਆ ਜਾ ਰਿਹਾ ਹੈ। ਇਸ ਨਾਲ ਨਦੀਆਂ ਵਿੱਚ ਪਾਣੀ ਦਾ ਪੱਧਰ ਵੀ ਵੱਧ ਰਿਹਾ ਹੈ।
ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਲਈ ਸੰਤਰੀ ਚੇਤਾਵਨੀ ਜਾਰੀ ਕੀਤੀ ਗਈ ਹੈ, ਜਦੋਂ ਕਿ ਭਾਰੀ ਮੀਂਹ ਦੀ ਸੰਭਾਵਨਾ ਦੇ ਕਾਰਨ ਹੋਰ ਜ਼ਿਲ੍ਹਿਆਂ ਲਈ ਵੀ ਚੇਤਾਵਨੀ ਜਾਰੀ ਕੀਤੀ ਗਈ ਹੈ।
ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਸੰਗਰੂਰ ਲਈ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਹੋਰ ਜ਼ਿਲ੍ਹਿਆਂ ਲਈ ਪੀਲ਼ੀ ਚੇਤਾਵਨੀ ਲਾਗੂ ਹੈ। ਮੀਂਹ ਦੇ ਨਾਲ-ਨਾਲ, ਸੂਬੇ ਵਿੱਚ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਰਹੀਆਂ ਹਨ।
