ਚੰਡੀਗੜ੍ਹ, 7 ਨਵੰਬਰ: ਦੇਸ਼ ਕਲਿੱਕ ਬਿਊਰੋ :
ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ ‘ਤੇ ਅੱਜ ਬਾਅਦ ਦੁਪਹਿਰ ਸੁਣਵਾਈ ਹੋਈ। ਅਦਾਲਤ ਨੇ ਅੱਜ ਵੀ ਮਜੀਠੀਆ ਦੀ ਪਟੀਸ਼ਨ ‘ਤੇ ਫੈਸਲਾ ਨਾ ਸੁਣਾਉਂਦੇ ਹੋਏ ਫਿਰ ਤੋਂ ਸੁਣਵਾਈ ਸੋਮਵਾਰ ਤੱਕ ਮੁਲਤਵੀ ਕਰ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨ 6 ਨਵੰਬਰ ਨੂੰ ਵੀ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਹੋਈ ਸੀ। ਮਜੀਠੀਆ ਦੇ ਵਕੀਲਾਂ ਨੇ ਆਪਣੀਆਂ ਦਲੀਲਾਂ ਪੇਸ਼ ਕੀਤੀਆਂ ਸਨ। ਮਾਮਲੇ ‘ਤੇ ਸੁਣਵਾਈ ਲਗਭਗ ਤਿੰਨ ਘੰਟੇ ਚੱਲੀ ਸੀ। ਅਦਾਲਤ ਨੇ ਅੱਜ ਲਈ ਸੁਣਵਾਈ ਮੁਲਤਵੀ ਕਰ ਦਿੱਤੀ ਸੀ ਅੱਜ ਫੇਰ ਅਦਾਲਤ ਨੇ ਸੋਮਵਾਰ ਲਈ ਸੁਣਵਾਈ ਮੁਲਤਵੀ ਕਰ ਦਿੱਤੀ ਹੈ।
ਦੱਸ ਦਈਏ ਕਿ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਬਿਕਰਮ ਸਿੰਘ ਮਜੀਠੀਆ ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ। ਇਸ ਤੋਂ ਬਾਅਦ, ਟੀਮਾਂ ਨੇ ਹਿਮਾਚਲ ਪ੍ਰਦੇਸ਼, ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ 25 ਥਾਵਾਂ ‘ਤੇ ਛਾਪੇਮਾਰੀ ਕੀਤੀ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਦੀ ਪਛਾਣ ਕੀਤੀ। ਉਹ 6 ਜੁਲਾਈ ਤੱਕ ਵਿਜੀਲੈਂਸ ਬਿਊਰੋ ਰਿਮਾਂਡ ‘ਤੇ ਸੀ। ਉਦੋਂ ਤੋਂ ਉਹ ਜੇਲ੍ਹ ਵਿੱਚ ਹੈ। ਉਸਨੇ ਇਸ ਸਾਲ ਦੇ ਮੁੱਖ ਤਿਉਹਾਰ – ਰੱਖੜੀ, ਦੀਵਾਲੀ, ਦੁਸਹਿਰਾ ਅਤੇ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਹਾੜਾ – ਮਜੀਠੀਆ ਨੇ ਜੇਲ੍ਹ ਵਿੱਚ ਮਨਾਏ।




