PU ਚੰਡੀਗੜ੍ਹ ’ਚ ਵਿਦਿਆਰਥੀਆਂ ਦਾ ਇਕੱਠ ਅੱਜ, ਪੁਲਿਸ ਵੱਲੋਂ ਸਖਤੀ

ਚੰਡੀਗੜ੍ਹ ਪੰਜਾਬ

ਪੁਲਿਸ ਨੇ ਰਾਤ ਨੂੰ ਯੂਨੀਵਰਸਿਟੀ ਦੇ ਗੇਟ ਕੀਤੇ ਬੰਦ, ਵਿਦਿਆਰਥੀਆਂ ਨੇ ਮੁੜ ਖੁੱਲ੍ਹਵਾਏ

ਚੰਡੀਗੜ੍ਹ, 10 ਨਵੰਬਰ, ਦੇਸ਼ ਕਲਿੱਕ ਬਿਓਰੋ :

ਪੰਜਾਬ ਯੂਨੀਵਰਸਿਟੀ ਵਿਚ ਸੈਨੇਟ ਦੀਆਂ ਚੋਣਾਂ ਨੂੰ ਲੈ ਕੇ ਵਿਦਿਆਰਥੀਆਂ ਦੇ ਸਾਂਝੇ ਮੋਰਚੇ ਵੱਲੋਂ ਕੀਤੇ ਜਾ ਰਹੇ ਸੰਘਰਸ਼ ਤਹਿਤ ਅੱਜ ਵੱਡਾ ਇਕੱਠ ਸੱਦਿਆ ਗਿਆ ਹੈ। ਵਿਦਿਆਰਥੀਆਂ ਦੇ ਇਸ ਇਕੱਠ ਨੂੰ ਅਸਫਲ ਕਰਨ ਲਈ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਚੰਡੀਗੜ੍ਹ ਪ੍ਰਸ਼ਾਸਨ ਹਰ ਤਰ੍ਹਾਂ ਦਾ ਹੱਥ ਕੰਢਾ ਵਰਤਣ ਦੀ ਕੋਸ਼ਿਸ਼ ਕਰ ਰਿਹਾ ਹੈ। ਪੰਜਾਬ ਯੂਨੀਵਰਸਿਟੀ ਵੱਲੋਂ ਜਿੱਥੇ ਯੂਨੀਵਰਸਿਟੀ ਵਿਚ 2 ਦਿਨ ਦੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਉਥੇ ਬਾਹਰੋਂ ਕਿਸੇ ਨੂੰ ਯੂਨੀਵਰਸਿਟੀ ਵਿਚ ਦਾਖਲ ਹੋਣ ਤੋਂ ਰੋਕਣ ਲਈ ਸਾਰੇ ਗੇਟਾਂ ਉਤੇ ਵੱਡੀ ਗਿਣਤੀ ਪੁਲਿਸ ਤੈਨਾਤ ਕੀਤੀ ਗਈ ਹੈ। ਵਿਦਿਆਰਥੀਆਂ ਨੂੰ ਆਈ ਕਾਰਡ ਦਿਖਾਉਣ ਤੋਂ ਬਾਅਦ ਅੰਦਰ ਦਾਖਲ ਹੋਣਗੇ। ਐਤਵਾਰ ਦੀ ਰਾਤ ਨੂੰ ਵੀ ਪੁਲਿਸ ਵੱਲੋਂ ਧਰਨੇ ਵਾਲੇ ਥਾਂ ਵਾਸਤੇ ਨਾ ਤਾਂ ਸਾਊਂਡ ਸਿਸਟਮ ਅੰਦਰ ਜਾਣ ਦਿੱਤਾ ਅਤੇ ਨਾ ਹੀ ਟੈਂਟ। ਪੁਲਿਸ ਨੇ ਯੂਨੀਵਰਸਿਟੀ ਦੇ ਗੇਟ ਬੰਦ ਕਰ ਦਿੱਤੇ। ਇਸ ਤੋਂ ਬਾਅਦ ਵੱਡੀ ਗਿਣਤੀ ਵਿਦਿਆਰਥੀ ਯੂਨੀਵਰਸਿਟੀ ਦੇ ਗੇਟ ਨੰਬਰ 2 ਉਤੇ ਪਹੁੰਚ ਗਏ ਅਤੇ ਚੰਡੀਗੜ੍ਹ ਪੁਲਿਸ ਵਾਪਸ ਜਾਓ ਦੇ ਨਾਅਰੇ ਲਗਾਏ ਗਏ। ਇਕ ਵਾਰ ਵਿਦਿਆਰਥੀਆਂ ਅਤੇ ਪੁਲਿਸ ਵਿਚਕਾਰ ਤਣਾਓ ਵਾਲਾ ਮਾਹੌਲ ਪੈਦਾ ਹੋ ਗਿਆ। ਵਿਦਿਆਰਥੀਆਂ ਨੇ ਉਥੇ ਹੀ ਧਰਨਾ ਸ਼ੁਰੂ ਕਰ ਦਿੱਤਾ। ਵਿਦਿਆਰਥੀਆਂ ਨੇ ਪੁਲਿਸ ਵੱਲੋਂ ਰੋਕੀਆਂ ਗਈਆਂ ਗੱਡੀਆਂ ਨੂੰ ਗੇਟ ਤੋਂ ਲੰਘਾਇਆ ਗਿਆ। ਇਸ ਤੋਂ ਬਾਅਦ ਪੁਲਿਸ ਅਤੇ ਵਿਦਿਆਰਥੀਆਂ ਵਿਚਕਾਰ ਹੋਈ ਗੱਲਬਾਤ ਤੋਂ ਬਾਅਦ ਧਰਨਾ ਉਥੇ ਚੁੱਕ ਕੇ ਮੇਨ ਧਰਨੇ ਵਾਲੇ ਥਾਂ ਉਤੇ ਵਿਦਿਆਰਥੀ ਚਲੇ ਗਏ। ਅੱਧੀ ਰਾਤ ਤੋਂ ਬਾਅਦ ਵਿਦਿਆਰਥੀਆਂ ਦਾ ਸਾਊਂਡ ਸਿਸਟਮ ਅਤੇ ਟੈਂਟ ਪਹੁੰਚਿਆ।

ਵਿਦਿਆਰਥੀ ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਅੱਜ ਦੇ ਇਕੱਠ ਵਿਚ ਪਹੁੰਚਣ। ਵਿਦਿਆਰਥੀ ਆਗੂਆਂ ਨੇ ਪ੍ਰਸ਼ਾਸਨ ਨੂੰ ਸਪੱਸ਼ਟ ਦੱਸਿਆ ਕਿ ਇਹ ਸੰਘਰਸ਼ ਉਦੋਂ ਤੱਕ ਚਲਦਾ ਰਹੇਗਾ ਜਦੋਂ ਤੱਕ ਸੈਨੇਟ ਦੀਆਂ ਚੋਣਾਂ ਦਾ ਸ਼ਡਿਊਲ ਜਾਰੀ ਨਹੀਂ ਕੀਤਾ ਜਾਂਦਾ।

ਦੂਜੇ ਪਾਸੇ ਵਿਦਿਆਰਥੀਆਂ ਦੇ ਇਕੱਠ ਵਿਚ ਜਾਣ ਤੋਂ ਰੋਕਣ ਲਈ ਚੰਡੀਗੜ੍ਹ ਪੁਲਿਸ ਵੱਲੋਂ ਵੀ ਕੋਸ਼ਿਸ਼ ਕੀਤੀ ਜਾਵੇਗੀ। ਚੰਡੀਗੜ੍ਹ ਪੁਲਿਸ ਵੱਲੋਂ 12 ਐਂਟਰੀ ਪੁਆਇੰਟਾਂ ਨਾਕੇ ਲਗਾਏ ਜਾਣਗੇ ਤਾਂ ਜੋ ਲੋਕਾਂ ਨੂੰ ਚੰਡੀਗੜ੍ਹ ਦਾਖਲ ਹੋਣ ਤੋਂ ਰੋਕਿਆ ਜਾਵੇਗਾ। ਇਸ ਲਈ ਕਰੀਬ 2000 ਪੁਲਿਸ ਕਰਮਚਾਰੀ ਤੈਨਾਤ ਕੀਤੇ ਗਏ ਹਨ।

ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਦੇ ਸਿੰਡੀਕੇਟ ਅਤੇ ਸੈਨੇਟ ਰੱਦ ਕਰਨ ਸਬੰਧੀ ਫੈਸਲਾ ਲਿਆ ਸੀ। ਇਸ ਤੋਂ ਬਾਅਦ ਵਿਦਿਆਰਥੀਆਂ ਦੇ ਵਿਰੋਧ ਦੇ ਚਲਦਿਆਂ ਫੈਸਲਾ ਵਾਪਸ ਲੈ ਲਿਆ ਸੀ। ਹੁਣ ਵਿਦਿਆਰਥੀਆਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਸੈਨੇਟ ਦੀਆਂ ਚੋਣਾਂ ਦਾ ਜਦੋਂ ਤੱਕ ਸ਼ਡਿਊਲ ਜਾਰੀ ਨਹੀਂ ਹੁੰਦਾ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਯੂਨੀਵਰਸਿਟੀ ਵੀਸੀ ਵੱਲੋਂ ਕਿਹਾ ਗਿਆ ਹੈ ਕਿ ਉਨ੍ਹਾਂ ਵੱਲੋਂ ਸਰਕਾਰ ਨੂੰ ਸ਼ਡਿਊਲ ਭੇਜਿਆ ਗਿਆ ਹੈ, ਜਦੋਂ ਅਪਰੂਵਲ ਆਉਂਦੀ ਹੈ ਤਾਂ ਜਾਰੀ ਕਰ ਦਿੱਤਾ ਜਾਵੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।