ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼: ਮਿੱਥ ਕੇ ਕਤਲ ਦੀ ਵਾਰਦਾਤ ਨੂੰ ਨਾਕਾਮ; 9 ਪਿਸਤੌਲਾਂ ਸਮੇਤ ਇੱਕ ਕਾਬੂ

ਪੰਜਾਬ
  • ਪੰਜਾਬ ਪੁਲਿਸ ਨੇ ਮੱਧ ਪ੍ਰਦੇਸ਼ ਅਧਾਰਤ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਕੇ ਮਿੱਥ ਕੇ ਕਤਲ ਦੀ ਵਾਰਦਾਤ ਨੂੰ ਕੀਤਾ ਨਾਕਾਮ; 9 ਪਿਸਤੌਲਾਂ ਸਮੇਤ ਇੱਕ ਕਾਬੂ
  • ਅੰਤਰ-ਗਿਰੋਹ ਦੁਸ਼ਮਣੀ ਦੇ ਚਲਦਿਆਂ ਮਿੱਥ ਕੇ ਕਤਲ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਲਈ ਖਰੀਦੇ ਗਏ ਸਨ ਇਹ ਹਥਿਆਰ: ਡੀਜੀਪੀ ਗੌਰਵ ਯਾਦਵ
  • ਪੂਰੀ ਸਪਲਾਈ ਚੇਨ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ

ਚੰਡੀਗੜ੍ਹ/ਅੰਮ੍ਰਿਤਸਰ, 15 ਨਵੰਬਰ: ਦੇਸ਼ ਕਲਿੱਕ ਬਿਊਰੋ :

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵਿਸ਼ੇਸ਼ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਮੱਧ ਪ੍ਰਦੇਸ਼ (ਐਮਪੀ) ਅਧਾਰਿਤ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਇੱਕ ਸੰਚਾਲਕ ਨੂੰ ਨੌਂ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਮਿੱਥ ਕੇ ਕਤਲ ਦੀ ਵਾਰਦਾਤ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਅਰੁਣ ਸਿੰਘ ਵਾਸੀ ਪਿੰਡ ਨੌਸ਼ਹਿਰਾ ਪੰਨੂਆਂ, ਤਰਨ ਤਾਰਨ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਸੱਤ .32 ਬੋਰ ਦੇ ਪਿਸਤੌਲਾਂ ਅਤੇ ਦੋ .30 ਬੋਰ ਪਿਸਤੌਲਾਂ ਸਮੇਤ ਮੈਗਜ਼ੀਨ ਅਤੇ ਪੰਜ ਜ਼ਿੰਦਾ ਕਾਰਤੂਸ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਹਥਿਆਰ ਖੇਤਰ ਵਿੱਚ ਅੰਤਰ- ਗਿਰੋਹ ਦੁਸ਼ਮਣੀ ਦੇ ਚਲਦਿਆਂ ਮਿੱਥ ਕੇ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਲਈ ਖਰੀਦੇ ਗਏ ਸਨ। ਉਨ੍ਹਾਂ ਦੱਸਿਆ ਕਿ ਜਾਂਚ ਤੋਂ ਇਹ ਵੀ ਖੁਲਾਸਾ ਹੋਇਆ ਹੈ ਕਿ ਦੋਸ਼ੀ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਮੱਧ ਪ੍ਰਦੇਸ਼ ਦੇ ਗੈਰ-ਕਾਨੂੰਨੀ ਹਥਿਆਰ ਸਪਲਾਇਰਾਂ ਦੇ ਸੰਪਰਕ ਵਿੱਚ ਸੀ ਅਤੇ ਪੰਜਾਬ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਲਈ ਅਪਰਾਧੀਆਂ ਨੂੰ ਹਥਿਆਰ ਸਪਲਾਈ ਕਰਨ ਵਿੱਚ ਮਦਦ ਕਰ ਰਿਹਾ ਸੀ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸੀਆਈ ਅੰਮ੍ਰਿਤਸਰ ਨੂੰ ਮੱਧ ਪ੍ਰਦੇਸ਼ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਇੱਕ ਵੱਡੀ ਖੇਪ ਮਿਲਣ ਬਾਰੇ ਵਿਸ਼ੇਸ਼ ਖੁਫੀਆ ਜਾਣਕਾਰੀ ਮਿਲੀ ਸੀ। ਉਨ੍ਹਾਂ ਦੱਸਿਆ ਕਿ ਇਸ ਜਾਣਕਾਰੀ ‘ਤੇ ਤੁਰੰਤ ਕਾਰਵਾਈ ਕਰਦਿਆਂ, ਸੀਆਈ-ਅੰਮ੍ਰਿਤਸਰ ਦੀ ਪੁਲਿਸ ਟੀਮ ਨੇ ਪਿੰਡ ਘਨੂਪੁਰ ਕਾਲੇ ਨਜਦੀਕ ਬਾਈਪਾਸ ਰੋਡ ‘ਤੇ ਸਥਿਤ ਐਚਪੀ ਪੈਟਰੋਲ ਪੰਪ ਨੇੜੇ ਸ਼ੱਕੀ ਨੂੰ ਰੋਕਿਆ ਅਤੇ ਉਸਦੇ ਕਬਜ਼ੇ ਵਿੱਚੋਂ ਗੈਰ-ਕਾਨੂੰਨੀ ਹਥਿਆਰਾਂ ਦਾ ਜ਼ਖੀਰਾ ਬਰਾਮਦ ਕੀਤਾ।

ਡੀਜੀਪੀ ਨੇ ਦੱਸਿਆ ਕਿ ਪੂਰੀ ਸਪਲਾਈ ਚੇਨ ਦਾ ਪਰਦਾਫਾਸ਼ ਕਰਨ ਅਤੇ ਇਸ ਵਿੱਚ ਸ਼ਾਮਲ ਹੋਰ ਕਾਰਕੁਨਾਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ, ਐਫਆਈਆਰ ਨੰਬਰ 68 ਮਿਤੀ 15-11-2025 ਨੂੰ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ 25(1)(ਏ) ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61(2) ਤਹਿਤ ਦਰਜ ਕੀਤੀ ਗਈ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।