- ਕਿਹਾ, ਇਨ੍ਹਾਂ 115 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਪੜਾਅਵਾਰ ਲਾਗੂ ਕੀਤੀ ਜਾਵੇਗੀ
ਚੰਡੀਗੜ੍ਹ, 20 ਨਵੰਬਰ: ਦੇਸ਼ ਕਲਿੱਕ ਬਿਊਰੋ :
ਵੱਖ-ਵੱਖ ਤਕਨੀਕੀ ਅਤੇ ਪ੍ਰਸ਼ਾਸਕੀ ਅਹੁਦਿਆਂ ਦੀ ਪੁਨਰ ਸੁਰਜੀਤੀ ਅਤੇ ਭਰਤੀ ਰਾਹੀਂ ਹੋਮਿਓਪੈਥਿਕ ਵਿਭਾਗ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਫੈਸਲੇ ਦਾ ਐਲਾਨ ਕਰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਵਿੱਤ ਵਿਭਾਗ ਵੱਲੋਂ ਹੋਮਿਓਪੈਥਿਕ ਵਿਭਾਗ ਦੇ ਅੰਦਰ ਵੱਖ-ਵੱਖ ਕਾਡਰਾਂ ਵਿੱਚ ਕੁੱਲ 115 ਅਸਾਮੀਆਂ ਲਈ ਪੁਨਰ ਸੁਰਜੀਤੀ ਅਤੇ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਸੂਬੇ ਭਰ ਵਿੱਚ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਲਈ ਵਿਭਾਗ ਦੀ ਸਮਰੱਥਾ ਨੂੰ ਵਧਾਉਣ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ।
ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਸ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 115 ਅਸਾਮੀਆਂ ਲਈ ਭਰਤੀ ਵਿੱਚ ਹੋਮਿਓਪੈਥਿਕ ਮੈਡੀਕਲ ਅਫਸਰ (ਐਚਐਮਓ) ਦੀਆਂ 42 ਅਸਾਮੀਆਂ, ਡਿਸਪੈਂਸਰ (ਹੋਮਿਓਪੈਥਿਕ) ਦੀਆ 72 ਅਸਾਮੀਆਂ ਅਤੇ 1 ਕਲਰਕ ਦੀ ਅਸਾਮੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ 115 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਦੋ ਸਾਲਾਂ ਵਿੱਚ ਪੜਾਅਵਾਰ ਲਾਗੂ ਕੀਤੀ ਜਾਵੇਗੀ।
ਵਿੱਤ ਮੰਤਰੀ, ਜੋ ਕਿ ਮੁਲਾਜ਼ਮ ਮੁੱਦਿਆਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਕਿਹਾ ਕਿ ਹੋਮਿਓਪੈਥਿਕ ਮੈਡੀਕਲ ਅਫ਼ਸਰ ਐਸੋਸੀਏਸ਼ਨ ਨਾਲ ਮੀਟਿੰਗ ਦੌਰਾਨ ਇਸ ਮੁੱਦੇ ‘ਤੇ ਵਿਸਥਾਰ ਸਹਿਤ ਚਰਚਾ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਹੋਮਿਓਪੈਥਿਕ ਵਿਭਾਗ ਨੇ ਆਪਣੀ ਕਾਰਜ-ਕੁਸ਼ਲਤਾ ਨੂੰ ਦਰਪੇਸ਼ ਵੱਖ-ਵੱਖ ਮੁੱਦਿਆਂ ਨੂੰ ਉਠਾਉਂਦਿਆਂ ਇਹ ਪੱਖ ਰੱਖਿਆ ਕਿ ਹੋਮਿਓਪੈਥਿਕ ਮੈਡੀਕਲ ਕਾਲਜ ਤੇ ਹਸਪਤਾਲ ਅਤੇ ਵੱਖ-ਵੱਖ ਡਿਸਪੈਂਸਰੀਆਂ ਨੂੰ 100 ਫੀਸਦ ਸਮਰੱਥਾ ‘ਤੇ ਪ੍ਰਬੰਧਿਤ ਕਰਨ ਦੇ ਬਾਵਜੂਦ, ਵਿਭਾਗ ਵਿੱਚ ਪਿਛਲੇ ਸਮੇਂ ਦੌਰਾਨ ਸਿਰਫ਼ 22 ਰੈਗੂਲਰ ਅਸਾਮੀਆਂ ਹੀ ਭਰੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਵਿਭਾਗ ਦੀ ਬਿਹਤਰ ਕਾਰਜ-ਕੁਸ਼ਲਤਾ ਅਤੇ ਹੋਮਿਓਪੈਥਿਕ ਸੇਵਾਵਾਂ ਦੇ ਵਿਸਥਾਰ ਲਈ ਇਨ੍ਹਾਂ ਅਸਾਮੀਆਂ ਨੂੰ ਮੁੜ ਸੁਰਜੀਤ ਕਰਨ ਦੀ ਲੋੜ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਸਰਕਾਰ ਦੁਆਰਾ ਆਪਣੇ ਜਨਤਕ ਸਿਹਤ ਸੰਭਾਲ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇਣ ਦੀ ਦਿਸ਼ਾ ਵਿੱਚ ਇੱਕ ਫੈਸਲਾਕੁੰਨ ਕਦਮ ਹੈ।




