- ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀਆਂ ਦਾ ਮੁੱਦਾ ਕਾਂਗਰਸ ਦੀ ਦੇਣ – ਹਰਦੇਵ ਸਿੰਘ ਉੱਭਾ
ਮੋਹਾਲੀ, 23 ਨਵੰਬਰ : ਦੇਸ਼ ਕਲਿੱਕ ਬਿਊਰੋ :
ਪੰਜਾਬ ਭਾਜਪਾ ਦਾ ਸਟੈਂਡ ਸਪੱਸ਼ਟ ਹੈ ਕਿ ਚੰਡੀਗੜ੍ਹ ਪੰਜਾਬ ਦਾ ਸੀ, ਹੈ ਅਤੇ ਭਵਿੱਖ ਵਿੱਚ ਵੀ ਪੰਜਾਬ ਦਾ ਹੀ ਰਹੇਗਾ। ਦੁਨੀਆ ਦੀ ਕੋਈ ਵੀ ਤਾਕਤ ਚੰਡੀਗੜ੍ਹ ਨੂੰ ਪੰਜਾਬ ਤੋਂ ਵੱਖ ਨਹੀਂ ਕਰ ਸਕਦੀ। ਇਹ ਪ੍ਰਤੀਕਿਰਿਆ ਭਾਜਪਾ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਅਖਬਾਰਾਂ ਵਿੱਚ ਛਪੀਆਂ ਉਹਨਾਂ ਖਬਰਾਂ ’ਤੇ ਦਿੱਤੀ, ਜਿਨ੍ਹਾਂ ਵਿੱਚ ਚੰਡੀਗੜ੍ਹ ਨੂੰ ਪੰਜਾਬ ਤੋਂ ਵੱਖ ਕਰਕੇ ਯੂਟੀ ਬਣਾਉਣ ਸਬੰਧੀ ਅਟਕਲਾਂ ਲਗਾਈਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਅਭਿੰਨ ਅੰਗ ਹੈ ਅਤੇ ਪੰਜਾਬ ਭਾਜਪਾ ਪੰਜਾਬ ਦੇ ਹਿੱਤਾਂ ਨਾਲ ਪੂਰੀ ਦ੍ਰਿੜਤਾ ਨਾਲ ਖੜੀ ਹੈ, ਚਾਹੇ ਮਸਲਾ ਚੰਡੀਗੜ੍ਹ ਦਾ ਹੋਵੇ ਜਾਂ ਪੰਜਾਬ ਦੇ ਪਾਣੀਆਂ ਦਾ। ਚੰਡੀਗੜ੍ਹ ਸਬੰਧੀ ਜੋ ਵੀ ਭਰਮ ਦੀ ਸਥਿਤੀ ਪੈਦਾ ਹੋਈ ਹੈ, ਉਸ ਨੂੰ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਕੇਂਦਰ ਸਰਕਾਰ ਨਾਲ ਗੱਲਬਾਤ ਕਰਕੇ ਜਲਦੀ ਦੂਰ ਕਰਵਾਏਗੀ।
ਹਰਦੇਵ ਸਿੰਘ ਉੱਭਾ ਨੇ ਕਿਹਾ, “ਮੈਂ ਖੁਦ ਇੱਕ ਪੰਜਾਬੀ ਅਤੇ ਗੁਰਸਿੱਖ ਹੋਣ ਦੇ ਨਾਤੇ ਇਹ ਭਰੋਸਾ ਦਿਵਾਉਂਦਾ ਹਾਂ ਕਿ ਸਾਡੇ ਲਈ ਪੰਜਾਬ ਸਭ ਤੋਂ ਪਹਿਲਾਂ ਹੈ ਅਤੇ ਅਸੀਂ ਆਪਣੀ ਜਿੰਮੇਵਾਰੀ ਪੂਰੀ ਇਮਾਨਦਾਰੀ ਨਾਲ ਨਿਭਾਵਾਂਗੇ।”
ਉਨ੍ਹਾਂ ਦੋਸ਼ ਲਗਾਇਆ ਕਿ ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀਆਂ ਸਮੇਤ ਜ਼ਿਆਦਾਤਰ ਅਹਿਮ ਮੁੱਦੇ ਕਾਂਗਰਸ ਪਾਰਟੀ ਦੀ ਹੀ ਦੇਣ ਹਨ।ਭਾਜਪਾ ਨੂੰ ਛੱਡ ਕੇ ਬਾਕੀ ਸਿਆਸੀ ਪਾਰਟੀਆਂ ਨੇ ਵੀ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਹੱਲ ਕਰਨ ਦੀ ਬਜਾਏ ਸਿਰਫ ਆਪਣੀ ਰਾਜਨੀਤੀ ਚਲਾਈ ਹੈ।
ਹਰਦੇਵ ਸਿੰਘ ਉੱਭਾ ਨੇ ਮਾਨਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਸ੍ਰੀ ਜੇ.ਪੀ. ਨੱਡਾ ਜੀ ਨੂੰ ਅਪੀਲ ਕੀਤੀ ਕਿ ਚੰਡੀਗੜ੍ਹ ਨੂੰ ਪੰਜਾਬ ਦੀ ਰਾਜਧਾਨੀ ਵਜੋਂ ਅਧਿਕਾਰਿਕ ਤੌਰ ’ਤੇ ਐਲਾਨਿਆ ਜਾਵੇ।




