ਭਗਵੰਤ ਮਾਨ ਨੇ ਪੰਜਾਬ ਦੇ ਪ੍ਰਮੁੱਖ ਮੈਡੀਕਲ ਕਾਲਜਾਂ ਨੂੰ ਅਪਗ੍ਰੇਡ ਕਰਨ ਲਈ ₹68.98 ਕਰੋੜ ਦੇ ਫੰਡ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ

ਪੰਜਾਬ
  • ਪੰਜਾਬ ਸਰਕਾਰ ਮੈਡੀਕਲ ਕਾਲਜਾਂ ਨੂੰ ਉੱਚ-ਪੱਧਰੀ, ਵਿਸ਼ਵ ਪੱਧਰੀ ਮਸ਼ੀਨਰੀ ਨਾਲ ਲੈਸ ਕਰੇਗੀ ਤਾਂ ਜੋ ਮਿਆਰੀ ਇਲਾਜ ਅਤੇ ਬਿਹਤਰ ਮੈਡੀਕਲ ਟੈਸਟ ਸਹੂਲਤ ਪ੍ਰਦਾਨ ਕੀਤੀ ਜਾ ਸਕੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਮੈਡੀਕਲ ਕਾਲਜਾਂ ਦੇ ਬੁਨਿਆਦੀ ਢਾਂਚੇ ਵਿੱਚ ਵੱਡੇ ਨਿਵੇਸ਼ ਨਾਲ ਪੰਜਾਬ ਮੈਡੀਕਲ ਸਿੱਖਿਆ ਦੇ ਵਿਸ਼ਵ ਪੱਧਰੀ ਕੇਂਦਰ ਵਜੋਂ ਉੱਭਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 23 ਦਸੰਬਰ: ਦੇਸ਼ ਕਲਿੱਕ ਬਿਊਰੋ –

ਮੈਡੀਕਲ ਕਾਲਜਾਂ ਵਿੱਚ ਲੋਕਾਂ ਨੂੰ ਮਿਆਰੀ ਇਲਾਜ ਤੇ ਮੈਡੀਕਲ ਟੈਸਟਾਂ ਦੀਆਂ ਸਹੂਲਤਾਂ ਮੁਹੱਈਆ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਪ੍ਰਮੁੱਖ ਮੈਡੀਕਲ ਕਾਲਜਾਂ ਦੀ ਕਾਇਆ-ਕਲਪ ਕਰਨ ਵਾਸਤੇ 68.98 ਕਰੋੜ ਰੁਪਏ ਦੇ ਫੰਡ ਫੌਰੀ ਜਾਰੀ ਕਰਨ ਦਾ ਆਦੇਸ਼ ਦਿੱਤਾ।

ਇੱਥੇ ਅੱਜ ਮੈਡੀਕਲ ਸਿੱਖਿਆ ਦੇ ਖੋਜ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਨ੍ਹਾਂ ਮੈਡੀਕਲ ਕਾਲਜਾਂ ਵਿੱਚ ਇਨ੍ਹਾਂ ਸਹੂਲਤਾਂ ਦਾ ਵਿਸਤਾਰ ਕਰਨਾ ਸਮੇਂ ਦੀ ਲੋੜ ਸੀ ਤਾਂ ਕਿ ਲੋਕਾਂ ਨੂੰ ਵਧੀਆ ਇਲਾਜ ਦੇ ਨਾਲ-ਨਾਲ ਮੈਡੀਕਲ ਟੈਸਟਾਂ ਦੀ ਸਹੂਲਤ ਯਕੀਨੀ ਬਣੇ। ਉਨ੍ਹਾਂ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ਨੂੰ ਅਤਿ-ਆਧੁਨਿਕ ਤੇ ਵਿਸ਼ਵ ਪੱਧਰੀ ਮਸ਼ੀਨਰੀ ਨਾਲ ਲੈਸ ਕਰਨਾ ਜ਼ਰੂਰੀ ਹੈ ਤਾਂ ਕਿ ਇਹ ਮਰੀਜ਼ਾਂ ਨੂੰ ਬਿਹਤਰ ਤਰੀਕੇ ਨਾਲ ਸੇਵਾਵਾਂ ਦੇ ਸਕਣ। ਭਗਵੰਤ ਸਿੰਘ ਮਾਨ ਨੇ ਮੈਡੀਕਲ ਸਿੱਖਿਆ ਵਿਭਾਗ ਨੂੰ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ਵਿੱਚ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਫੌਰੀ 68.98 ਕਰੋੜ ਰੁਪਏ ਜਾਰੀ ਕੀਤੇ ਜਾਣ।

ਮੁੱਖ ਮੰਤਰੀ ਨੇ ਕਿਹਾ ਕਿ 26.53 ਕਰੋੜ ਰੁਪਏ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ, 28.51 ਕਰੋੜ ਰੁਪਏ ਸਰਕਾਰੀ ਮੈਡੀਕਲ ਕਾਲਜ ਪਟਿਆਲਾ, 9.43 ਕਰੋੜ ਰੁਪਏ ਡਾ. ਬੀ.ਆਰ. ਅੰਬੇਦਕਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਸ.ਏ.ਐਸ. ਨਗਰ (ਮੋਹਾਲੀ) ਅਤੇ 4.51 ਕਰੋੜ ਰੁਪਏ ਪੀ.ਜੀ.ਆਈ. ਸੈਟੇਲਾਈਟ ਸੈਂਟਰ, ਫ਼ਿਰੋਜ਼ਪੁਰ ਲਈ ਤੁਰੰਤ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਇਨ੍ਹਾਂ ਫੰਡਾਂ ਦੀ ਵਰਤੋਂ ਆਧੁਨਿਕ ਮਸ਼ੀਨਾਂ ਤੇ ਹੋਰ ਉਪਕਰਨ ਖ਼ਰੀਦਣ ਦੇ ਨਾਲ-ਨਾਲ ਮੈਡੀਕਲ ਕਾਲਜਾਂ ਵਿੱਚ ਵਿਕਾਸ ਕਾਰਜਾਂ ਲਈ ਕੀਤੀ ਜਾਵੇ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਸਾਡੀ ਸਰਕਾਰ ਪੰਜਾਬ ਨੂੰ ਦੁਨੀਆ ਭਰ ਵਿੱਚੋਂ ਮੈਡੀਕਲ ਸਿੱਖਿਆ ਦੇ ਗੜ੍ਹ ਵਜੋਂ ਵਿਕਸਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਇਲਾਜ ਤੇ ਮੈਡੀਕਲ ਟੈਸਟਾਂ ਦੀਆਂ ਸਹੂਲਤਾਂ ਨੂੰ ਹੋਰ ਹੁਲਾਰਾ ਮਿਲੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਮੈਡੀਕਲ ਕਾਲਜਾਂ ਵਿੱਚ ਇਹ ਕੰਮ ਸਮਾਂ-ਬੱਧ ਤੇ ਢੁਕਵੇਂ ਤਰੀਕੇ ਨਾਲ ਮੁਕੰਮਲ ਕੀਤੇ ਜਾਣ ਤਾਂ ਕਿ ਲੋਕਾਂ ਨੂੰ ਇਲਾਜ ਸਹੂਲਤਾਂ ਕਿਫ਼ਾਇਤੀ ਦਰਾਂ ਉੱਤੇ ਉਪਲਬਧ ਹੋਣ। ਉਨ੍ਹਾਂ ਕਿਹਾ ਕਿ ਪੰਜਾਬ ਦਾ ਇਤਿਹਾਸ ਰਿਹਾ ਹੈ ਕਿ ਇਸ ਨੇ ਵਿਸ਼ਵ ਪੱਧਰ ਦੇ ਡਾਕਟਰ ਪੈਦਾ ਕੀਤੇ ਹਨ ਅਤੇ ਅੱਜ ਵੀ ਸੂਬੇ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀ ਡਾਕਟਰ ਬਣਨ ਲਈ ਮੈਡੀਕਲ ਸਿੱਖਿਆ ਲੈ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ਵਿੱਚ ਮਿਆਰੀ ਸਿੱਖਿਆ ਦੇਣਾ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਤਾਂ ਕਿ ਮੈਡੀਕਲ ਸਿੱਖਿਆ ਲੈ ਰਹੇ ਵਿਦਿਆਰਥੀਆਂ ਨੂੰ ਵੱਡੇ ਪੱਧਰ ਉੱਤੇ ਲਾਭ ਮਿਲੇ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ਦੀ ਕਾਇਆ-ਕਲਪ ਕਰਨ ਦਾ ਇਕੋ-ਇਕ ਮਕਸਦ ਲੋਕਾਂ ਦੀ ਮਿਆਰੀ ਸਿਹਤ ਸੇਵਾਵਾਂ ਤੱਕ ਪਹੁੰਚ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਮੁੱਖ ਕਾਲਜਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਨ ਨਾਲ ਆਮ ਆਦਮੀ ਦੀ ਭਲਾਈ ਯਕੀਨੀ ਬਣੇਗੀ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਸੂਬਾ ਸਰਕਾਰ ਇਸ ਲੋਕ ਭਲਾਈ ਦੇ ਕਾਰਜ ਲਈ ਵਚਨਬੱਧ ਹੈ ਅਤੇ ਇਸ ਲਈ ਹਰ ਹਰਬਾ ਵਰਤਿਆ ਜਾਵੇਗਾ।

ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਵਧੀਕ ਮੁੱਖ ਸਕੱਤਰ ਅਲੋਕ ਸ਼ੇਖ਼ਰ, ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ ਤੇ ਹੋਰ ਹਾਜ਼ਰ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।