ਪੰਜਾਬ ਮੰਤਰੀ ਮੰਡਲ ਵੱਲੋਂ ਵਿਧਾਨ ਸਭਾ ਹਲਕਾ ਲਹਿਰਾਗਾਗਾ ਲਈ ਦੋ ਇਤਿਹਾਸਕ ਫੈਸਲੇ

ਪੰਜਾਬ
  • ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਦੀ ਸਥਾਪਨਾ ਨੂੰ ਪ੍ਰਵਾਨਗੀ
  • ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਦੇ ਸਟਾਫ ਮੈਂਬਰਾਂ ਨੂੰ ਖਾਲੀ ਅਸਾਮੀਆਂ ਦੇ ਵਿਰੁੱਧ ਕੀਤਾ ਜਾਵੇਗਾ ਐਡਜਸਟ
  • ਮਹੱਤਵਪੂਰਨ ਮੰਗਾਂ ਪ੍ਰਵਾਨ ਹੋਈਆਂ, ਮੁੱਖ ਮੰਤਰੀ ਅਤੇ ਪੰਜਾਬ ਸਰਕਾਰ ਦਾ ਧੰਨਵਾਦ – ਬਰਿੰਦਰ ਕੁਮਾਰ ਗੋਇਲ
  • ਹਲਕਾ ਵਾਸੀਆਂ ਨੇ ਲੱਡੂ ਵੰਡੇ ਅਤੇ ਪਟਾਕੇ ਚਲਾਏ

ਲਹਿਰਾਗਾਗਾ, 9 ਜਨਵਰੀ : ਦੇਸ਼ ਕਲਿੱਕ ਬਿਊਰੋ:

ਚੰਡੀਗੜ੍ਹ ਵਿਖੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਵਿਧਾਨ ਸਭਾ ਹਲਕਾ ਲਹਿਰਾਗਾਗਾ ਨਾਲ ਸਬੰਧਤ ਦੋ ਇਤਿਹਾਸਕ ਫੈਸਲੇ ਲਏ ਗਏ ਹਨ। ਇਹਨਾਂ ਫੈਸਲਿਆਂ ਲਈ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਬਰਿੰਦਰ ਕੁਮਾਰ ਗੋਇਲ ਨੇ ਹਲਕਾ ਵਾਸੀਆਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ।

ਇਹਨਾਂ ਫੈਸਲਿਆਂ ਉੱਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਕੈਬਨਿਟ ਨੇ ਜੈਨ ਭਾਈਚਾਰੇ ਵੱਲੋਂ ਘੱਟ ਗਿਣਤੀ ਮੈਡੀਕਲ ਕਾਲਜ (ਮਨਿਉਰਿਟੀ ਮੈਡੀਕਲ ਕਾਲਜ) ਸਥਾਪਤ ਕਰਨ ਵਾਸਤੇ ਬਾਬਾ ਹੀਰਾ ਸਿੰਘ ਭੱਠਲ ਟੈਕਨੀਕਲ ਕਾਲਜ, ਲਹਿਰਾਗਾਗਾ ਵਿੱਚ ਸਥਿਤ 19 ਏਕੜ 4 ਕਨਾਲ ਜ਼ਮੀਨ ਨਾਮਾਤਰ ਲੀਜ਼ ਦਰਾਂ ’ਤੇ ਜੈਨ ਸੁਸਾਇਟੀ ਨੂੰ ਦੇਣ ਦਾ ਫੈਸਲਾ ਕੀਤਾ ਹੈ। ਜੈਨ ਭਾਈਚਾਰੇ ਵੱਲੋਂ ਸਥਾਪਤ ਕੀਤੇ ਜਾਣ ਵਾਲੇ ਇਸ ਮੈਡੀਕਲ ਕਾਲਜ ਵਿੱਚ ਵਿਦਿਆਰਥੀਆਂ ਦਾ ਦਾਖ਼ਲਾ ਅਤੇ ਸੀਟਾਂ ਦੀ ਵੰਡ ਬਾਰੇ ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਜਾਰੀ ਦਿਸ਼ਾ- ਨਿਰਦੇਸ਼ਾਂ/ਨੋਟੀਫਿਕੇਸ਼ਨਾਂ ਦੀਆਂ ਸ਼ਰਤਾਂ ਦੀ ਸਖ਼ਤੀ ਨਾਲ ਪਾਲਣਾ ਹੋਵੇਗੀ। ਸਾਰੀਆਂ ਸ਼੍ਰੇਣੀਆਂ ਦੀਆਂ ਸੀਟਾਂ ਲਈ ਫੀਸ ਢਾਂਚਾ ਸੂਬਾ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ/ਨੋਟੀਫਿਕੇਸ਼ਨਾਂ ਅਨੁਸਾਰ ਹੀ ਲਿਆ ਜਾਵੇਗਾ।

ਮੰਤਰੀ ਮੰਡਲ ਨੇ ਇਹ ਵੀ ਫੈਸਲਾ ਕੀਤਾ ਕਿ ਟਰੱਸਟ ਨੂੰ ਸਮਝੌਤਾ ਪੱਤਰ (ਐਮ.ਓ.ਯੂ.) ਦੇ ਲਾਗੂ/ਸ਼ੁਰੂ ਹੋਣ ਦੀ ਮਿਤੀ ਤੋਂ ਪੰਜ ਸਾਲਾਂ ਦੇ ਅੰਦਰ-ਅੰਦਰ ਹਸਪਤਾਲ ਦਾ ਕੰਮਕਾਜ ਜਲਦੀ ਤੋਂ ਜਲਦੀ ਸ਼ੁਰੂ ਕਰਨਾ ਹੋਵੇਗਾ। ਮੈਡੀਕਲ ਕਾਲਜ ਦੀ ਸਥਾਪਨਾ ਅਤੇ ਸੰਚਾਲਨ ਘੱਟੋ-ਘੱਟ 220 ਬਿਸਤਰਿਆਂ ਵਾਲੇ ਹਸਪਤਾਲ ਅਤੇ 50 ਐਮ.ਬੀ.ਬੀ.ਐਸ. ਸੀਟਾਂ ਦੀ ਦਾਖ਼ਲਾ ਸਮਰੱਥਾ ਦੇ ਨਾਲ ਕੀਤਾ ਜਾਵੇਗਾ ਅਤੇ ਇਸ ਐਮ.ਓ.ਯੂ. ਦੇ ਅੱਠ ਸਾਲਾਂ ਦੇ ਅੰਦਰ 100 ਐਮ.ਬੀ.ਬੀ.ਐਸ. ਸੀਟਾਂ ਦੀ ਦਾਖਲਾ ਸਮਰੱਥਾ ਘੱਟੋ-ਘੱਟ 400 ਬਿਸਤਰਿਆਂ ਨਾਲ ਹਸਪਤਾਲ ਦਾ ਵਿਸਥਾਰ ਕੀਤਾ ਜਾਣਾ ਚਾਹੀਦਾ ਹੈ। ਇਸ ਕਦਮ ਦਾ ਉਦੇਸ਼ ਇਕ ਪਾਸੇ ਸੂਬੇ ਦੇ ਵਸਨੀਕਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਹੈ ਅਤੇ ਦੂਜੇ ਪਾਸੇ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਕੇਂਦਰ ਵਜੋਂ ਉਭਾਰਨਾ ਹੈ।

ਬਰਿੰਦਰ ਕੁਮਾਰ ਗੋਇਲ ਨੇ ਅੱਗੇ ਦੱਸਿਆ ਕਿ ਮੰਤਰੀ ਮੰਡਲ ਨੇ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਦੇ ਸਟਾਫ ਮੈਂਬਰਾਂ ਨੂੰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਅਤੇ ਇਸ ਵਿਭਾਗ ਅਧੀਨ ਆਉਂਦੀਆਂ ਖੁਦਮੁਖਤਿਆਰ ਸੰਸਥਾਵਾਂ ਵਿੱਚ ਉਪਲਬਧ ਖਾਲੀ ਅਸਾਮੀਆਂ ਦੇ ਵਿਰੁੱਧ ਡੈਪੂਟੇਸ਼ਨ ‘ਤੇ ਐਡਜਸਟ ਕਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫੈਸਲਾ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਵਡੇਰੇ ਜਨਤਕ ਹਿੱਤ ਵਿੱਚ ਲਿਆ ਗਿਆ ਹੈ।

ਉਹਨਾਂ ਕਿਹਾ ਕਿ ਇਹ ਦੋਵੇਂ ਮਹੱਤਵਪੂਰਨ ਮੰਗਾਂ ਹਲਕਾ ਵਾਸੀਆਂ ਦੀਆਂ ਚਿਰੋਕਣੀਆਂ ਮੰਗਾਂ ਸਨ, ਜੋ ਅੱਜ ਪੰਜਾਬ ਸਰਕਾਰ ਨੇ ਪੂਰੀਆਂ ਕਰਕੇ ਹਲਕਾ ਲਹਿਰਾ ਦੇ ਸਰਬਪੱਖੀ ਵਿਕਾਸ ਨੂੰ ਨਵਾਂ ਹੁਲਾਰਾ ਦਿੱਤਾ ਹੈ। ਉਹਨਾਂ ਕਿਹਾ ਕਿ ਇਸ ਹਲਕੇ ਵਿੱਚ ਮੈਡੀਕਲ ਖੁੱਲ੍ਹਣ ਨਾਲ ਜਿੱਥੇ ਇਲਾਕੇ ਦੇ ਨੌਜਵਾਨਾਂ ਲਈ ਸੁਨਿਹਰੇ ਭਵਿੱਖ ਲਈ ਨਵੇਂ ਰਸਤੇ ਖੁੱਲ੍ਹਣਗੇ ਉਥੇ ਹੀ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨੋਲੋਜੀ ਦੇ ਸਟਾਫ ਮੈਂਬਰਾਂ ਨੂੰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਅਤੇ ਇਸ ਵਿਭਾਗ ਅਧੀਨ ਆਉਂਦੀਆਂ ਖੁਦਮੁਖਤਿਆਰ ਸੰਸਥਾਵਾਂ ਵਿੱਚ ਉਪਲਬਧ ਖਾਲੀ ਅਸਾਮੀਆਂ ਦੇ ਵਿਰੁੱਧ ਡੈਪੂਟੇਸ਼ਨ ‘ਤੇ ਐਡਜਸਟ ਕਰਨ ਨਾਲ ਉਹਨਾਂ ਨੂੰ ਵੀ ਸੁਨਹਿਰੇ ਭਵਿੱਖ ਦੀ ਆਸ ਜਗੀ ਹੈ। ਦੂਜੇ ਪਾਸੇ ਅੱਜ ਪੰਜਾਬ ਸਰਕਾਰ ਦੇ ਇਹਨਾਂ ਫੈਸਲਿਆਂ ਤੋਂ ਖੁਸ਼ ਹੋ ਕੇ ਹਲਕਾ ਵਾਸੀਆਂ ਨੇ ਲੱਡੂ ਵੰਡੇ ਅਤੇ ਪਟਾਕੇ ਚਲਾਏ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।