ਚੰਡੀਗੜ੍ਹ, 10 ਜਨਵਰੀ: ਦੇਸ਼ ਕਲਿੱਕ ਬਿਊਰੋ;
ਪੰਜਾਬ ਸਰਕਾਰ ਨੇ ਆਈਪੀਐਸ ਅਧਿਕਾਰੀ ਮਨਿੰਦਰ ਸਿੰਘ ਦੀ ਮੁਅੱਤਲੀ ਦੀ ਮਿਆਦ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤੀ ਹੈ। ਸਰਕਾਰੀ ਹੁਕਮਾਂ ਅਨੁਸਾਰ, ਮਨਿੰਦਰ ਸਿੰਘ ਨੂੰ ਬਹਾਲ ਕਰ ਦਿੱਤਾ ਗਿਆ ਹੈ। ਮਨਿੰਦਰ ਸਿੰਘ 2019 ਬੈਚ ਦੇ ਆਈਪੀਐਸ ਅਧਿਕਾਰੀ ਹਨ। ਮੁਅੱਤਲੀ ਸਮੇਂ, ਉਹ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਵਜੋਂ ਤਾਇਨਾਤ ਸਨ।
ਸਰਕਾਰ ਨੇ ਪੰਜਾਬ ਦੇ ਰਾਜਪਾਲ ਨੇ ਆਲ ਇੰਡੀਆ ਸਰਵਿਸਿਜ਼ (ਅਨੁਸ਼ਾਸਨ ਅਤੇ ਅਪੀਲ) ਨਿਯਮ, 1969 ਦੇ ਨਿਯਮ 3(7)(c) ਦੇ ਤਹਿਤ ਆਈਪੀਐਸ ਅਧਿਕਾਰੀ ਦੀ ਮੁਅੱਤਲੀ ਨੂੰ ਰੱਦ ਕਰ ਦਿੱਤਾ ਹੈ। ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਆਈਪੀਐਸ ਅਧਿਕਾਰੀ ਦੀ ਨਵੀਂ ਤਾਇਨਾਤੀ ਲਈ ਆਦੇਸ਼ ਵੱਖਰੇ ਤੌਰ ‘ਤੇ ਜਾਰੀ ਕੀਤੇ ਜਾਣਗੇ।
ਜ਼ਿਕਰਯੋਗ ਹੈ ਕਿ ਪਿਛਲੇ ਸਾਲ ਨਵੰਬਰ ਵਿੱਚ, ਪੰਜਾਬ ਸਰਕਾਰ ਨੇ ਅੰਮ੍ਰਿਤਸਰ ਦਿਹਾਤੀ ਜ਼ਿਲ੍ਹੇ ਵਿੱਚ ਵਧੀਆਂ ਗੈਂਗਸਟਰ ਗਤੀਵਿਧੀਆਂ ਅਤੇ ਉਨ੍ਹਾਂ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਦੀ ਘਾਟ ਦੇ ਦੋਸ਼ਾਂ ਕਾਰਨ ਐਸਐਸਪੀ ਮਨਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਸੀ। ਇਸ ਫੈਸਲੇ ਤੋਂ ਬਾਅਦ, ਉਹ ਲਗਭਗ ਦੋ ਮਹੀਨਿਆਂ ਲਈ ਮੁਅੱਤਲ ਰਹੇ।
ਇਸ ਬਹਾਲੀ ਦੇ ਫੈਸਲੇ ਨੂੰ ਹੁਣ ਪ੍ਰਸ਼ਾਸਨਿਕ ਹਲਕਿਆਂ ਵਿੱਚ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਮਨਿੰਦਰ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਸੌਂਪ ਸਕਦੀ ਹੈ।



