ਚੰਡੀਗੜ੍ਹ 27 ਜਨਵਰੀ: ਦੇਸ਼ ਕਲਿੱਕ ਬਿਊਰੋ:
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਜੰਗਲਾਤ ਗਾਰਡ ਕੁਲਦੀਪ ਸਿੰਘ ਅਤੇ ਦਿਹਾੜੀਦਾਰ ਦਰਸ਼ਨ ਸਿੰਘ ਮੇਟ ਨੂੰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਦੋਵੇਂ ਦੋਸ਼ੀ ਵਣ ਰੇਂਜ ਦਫ਼ਤਰ ਨਕੋਦਰ, ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਸਨ।
ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਸੰਘੋਵਾਲ, ਸਬ ਤਹਿਸੀਲ ਮਹਿਤਪੁਰ, ਜ਼ਿਲ੍ਹਾ ਜਲੰਧਰ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਮਜ਼ਦੂਰ ਵਜੋਂ ਕੰਮ ਕਰਦਾ ਹੈ ਅਤੇ ਜਦੋਂ ਸ਼ਿਕਾਇਤਕਰਤਾ ਦਾ ਘਰੇਲੂ ਗੈਸ ਸਿਲੰਡਰ ਖਤਮ ਹੋ ਗਿਆ, ਤਾਂ ਉਹ ਘਰੇਲੂ ਵਰਤੋਂ ਲਈ ਮਹਿਤਪੁਰ-ਜਗਰਾਉਂ ਸੜਕ ਦੇ ਕਿਨਾਰੇ ਦਰੱਖਤਾਂ ਤੋਂ ਲੱਕੜ ਦੇ ਛੋਟੇ ਟੁਕੜੇ ਇਕੱਠੇ ਕਰ ਰਿਹਾ ਸੀ। ਉਸ ਸਮੇਂ ਦੋਵੇਂ ਦੋਸ਼ੀ ਜੰਗਲਾਤ ਗਾਰਡ ਕੁਲਦੀਪ ਸਿੰਘ ਅਤੇ ਦਿਹਾੜੀਦਾਰ ਦਰਸ਼ਨ ਸਿੰਘ ਮੇਟ ਮੌਕੇ ‘ਤੇ ਪਹੁੰਚੇ ਅਤੇ ਸ਼ਿਕਾਇਤਕਰਤਾ ਨੂੰ ਕਿਹਾ ਕਿ ਉਸ ਵਿਰੁੱਧ ਸਰਕਾਰੀ ਲੱਕੜ ਚੋਰੀ ਦਾ ਮਾਮਲਾ ਦਰਜ ਕੀਤਾ ਜਾਵੇਗਾ ਅਤੇ ਉਸ ਦਾ ਮੋਟਰਸਾਈਕਲ ਆਪਣੀ ਹਿਰਾਸਤ ਵਿੱਚ ਲੈ ਲਿਆ।
ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਦਰਸ਼ਨ ਸਿੰਘ ਮੇਟ ਨਾਲ ਸੰਪਰਕ ਕੀਤਾ ਅਤੇ ਫਿਰ ਦਰਸ਼ਨ ਸਿੰਘ ਨੇ ਉਸਨੂੰ ਦੱਸਿਆ ਕਿ ਕੁਲਦੀਪ ਸਿੰਘ ਸ਼ਿਕਾਇਤਕਰਤਾ ਦਾ ਮੋਟਰਸਾਈਕਲ ਛੱਡਣ ਬਦਲੇ 20000 ਰੁਪਏ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤਕਰਤਾ ਵੱਲੋਂ ਵਾਰ-ਵਾਰ ਬੇਨਤੀ ਕਰਨ ਦੇ ਬਾਵਜੂਦ, ਦੋਸ਼ੀ ਦਰਸ਼ਨ ਸਿੰਘ, ਕੁਲਦੀਪ ਸਿੰਘ ਲਈ ਮੰਗੀ ਗਈ ਰਿਸ਼ਵਤ ਦੀ ਰਕਮ ਦੀ ਮੰਗ ਕਰਦਾ ਰਿਹਾ। ਸ਼ਿਕਾਇਤਕਰਤਾ ਨੇ 20000 ਰੁਪਏ ਦੀ ਰਿਸ਼ਵਤ ਦੀ ਮੰਗ ਸਬੰਧੀ ਗੱਲਬਾਤ ਰਿਕਾਰਡ ਕਰ ਲਈ।
ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਵਾਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।
ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਵਿਖੇ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।



