ਸ਼ਾਂਤਮਈ ਪ੍ਰਦਰਸ਼ਨ ਕਰਨ ਜਾ ਰਹੇ ਕਿਸਾਨਾਂ ਤੇ ਹੰਝੂ ਗੈਸ ਦੇ ਗੋਲੇ ਵਰ੍ਹਾਏ ਜਾਣ ਨਾਲ ਪੰਜਾਬ ਸਰਕਾਰ ਦਾ ਲੋਕ ਵਿਰੋਧੀ ਚਿਹਰਾ ਨੰਗਾ ਹੋਇਆ – ਜਮਹੂਰੀ ਅਧਿਕਾਰ ਸਭਾ ਪੰਜਾਬ

ਪੰਜਾਬ

ਬਠਿੰਡਾ 18 ਫਰਵਰੀ: ਦੇਸ਼ ਕਲਿੱਕ ਬਿਊਰੋ:

ਲੰਮੇ ਸਮੇਂ ਤੋਂ ਝੂਠੇ ਕੇਸ ਵਿੱਚ ਜੇਲ੍ਹ ਵਿੱਚ ਬੰਦ ਕੀਤੇ ਸਾਥੀਆਂ ਦੀ ਰਿਹਾਈ ਲਈ ਸੰਘਰਸ਼ ਕਰ ਰਹੇ ਕਿਸਾਨਾਂ ਤੇ ਲਾਠੀਚਾਰਜ, ਹੰਝੂ ਗੈਸ ਦੇ ਗੋਲੇ ਦਾਗਣਾ ਜਮਹੂਰੀਅਤ ਦਾ ਘਾਣ ਹੈ। ਇਸ ਦੀ ਜਮਹੂਰੀ ਅਧਿਕਾਰ ਸਭਾ ਪੰਜਾਬ ਵਲੋਂ ਤਿੱਖੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਪ੍ਰੈਸ ਦੇ ਨਾਂ ਜਾਰੀ ਬਿਆਨ ਵਿੱਚ ਸਭਾ ਦੇ ਪ੍ਰਧਾਨ ਪ੍ਰੋਫੈਸਰ ਜਗਮੋਹਣ ਸਿੰਘ ਜਰਨਲ ਸਕੱਤਰ ਪ੍ਰਿਤਪਾਲ ਸਿੰਘ, ਸਕੱਤਰੇਟਤ ਮੈਂਬਰ ਡਾ ਅਜੀਤਪਾਲ ਸਿੰਘ ਅਤੇ ਪ੍ਰੈਸ ਸਕੱਤਰ ਅਮਰਜੀਤ ਸ਼ਾਸਤਰੀ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ ਡੀ ਸੀ ਦਫਤਰ ਬਠਿੰਡਾ ਵਿਖੇ ਸ਼ਾਂਤਮਈ ਢੰਗ ਨਾਲ ਧਰਨਾ ਦੇ ਕੇ ਲੰਮੇਂ ਸਮੇਂ ਤੋਂ ਜੇਲ੍ਹ ਵਿੱਚ ਬੰਦ ਸਾਥੀਆਂ ਦੀ ਰਿਹਾਈ ਲਈ ਮੰਗ ਨੂੰ ਉਭਾਰਨਾ ਸੀ।‌

ਪਰ ਧਰਨਿਆਂ ਵਿਚੋਂ ਨਿਕਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੋਦੀ ਸਰਕਾਰ ਦੇ ਪਦਚਿੰਨ੍ਹਾਂ ਤੇ ਚਲਦਿਆਂ ਇੱਕ ਵਾਰ ਫਿਰ ਪੰਜਾਬ ਦੀਆਂ ਸੜਕਾਂ ਨੂੰ ਪੁਲਿਸ ਜ਼ਬਰ ਦੇ ਰੂਪ ਵਿੱਚ ਬਦਲ ਦਿੱਤਾ। ਇਥੋਂ ਤੱਕ ਰਾਤ ਨੂੰ ਆਗੂਆਂ ਦੇ ਘਰਾਂ ਵਿੱਚ ਛਾਪੇ ਮਾਰਨ ਤੋਂ ਬਾਅਦ ਵੱਖ ਵੱਖ ਥਾਵਾਂ ਤੇ ਇੱਕਠੇ ਹੋ ਕੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਭਾਰੀ ਪੁਲਿਸ ਫੋਰਸ ਦੇ ਜੋਰ ਨਾਲ ਧਰਨਾ ਸਥਾਨ ਤੋਂ ਜਾਣ ਤੋਂ ਰੋਕਿਆ ਗਿਆ। ਸਭਾ ਨੇ ‌ਜਿਉਣ ਪਿੰਡ ਵਿੱਚ ਇਕਠੇ ਹੋਏ ਕਿਸਾਨਾਂ ਤੇ ਅੱਥਰੂ ਗੈਸ ਦੇ ਗੋਲੇ ਵਰਾ ਕੇ ਲੋਕਾਂ ਨੂੰ ਜ਼ਖਮੀ ਕਰਨ, ਦਹਿਸ਼ਤ ਦਾ ਮਾਹੌਲ ਸਿਰਜਣ ਦੀ ਨਿੰਦਾ ਕੀਤੀ ਹੈ। ਬਹੁਤ ਸਾਰੇ ਕਿਸਾਨਾਂ ਨੂੰ ਗਿਰਫ਼ਤਾਰ ਕਰ ਕੇ ਆਪਣੇ ਫਾਸ਼ੀਵਾਦੀ ਚਿਹਰੇ ਨੂੰ ਉਜਾਗਰ ਕੀਤਾ ਹੈ।

ਪਿਛਲੀ 6 ਫਰਵਰੀ ਨੂੰ ਵੀ ਕਿਸਾਨਾਂ ਤੇ ਇਸੇ ਤਰ੍ਹਾਂ ਦਾ ਤਸ਼ੱਦਦ ਕੀਤਾ ਸੀ। ਪੁਲਿਸ ਪ੍ਰਸ਼ਾਸਨ ਵੱਲੋਂ 14 ਫਰਵਰੀ ਤੱਕ ਜੇਲ੍ਹ ਵਿੱਚ ਬੰਦ ਸਾਥੀਆਂ ਨੂੰ ਰਿਹਾ ਕਰਨ ਲਈ ਕੋਈ ਢੁਕਵਾਂ ਹੱਲ ਕਰਨ ਦਾ ਭਰੋਸਾ ਦਿੱਤਾ ਸੀ। ਪਰ ਭਰੋਸਾ ਤੋੜ ਕੇ ਕਿਸਾਨਾਂ ਦੇ ਅੰਦੋਲਨ ਨੂੰ ਕੁਚਲਣ ਲਈ ਪੁਲਿਸ ਜ਼ਬਰ ਦਾ ਸਹਾਰਾ ਲਿਆ ਜਾ ਰਿਹਾ ਹੈ।‌ ਉਹਨਾਂ ਸਮੁਚੀਆਂ ਜਨਤਕ ਅਤੇ ਜਮਹੂਰੀ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਸਰਕਾਰ ਦੀ ਇਸ ਘਿਨੌਣੇ ਕਾਰੇ ਖਿਲਾਫ ਡੱਟ ਕੇ ਸਾਹਮਣਾ ਕਰਨ ਅਤੇ ਕਿਸਾਨਾਂ ਉੱਤੇ ਹੋ ਰਹੇ ਜ਼ੁਲਮ ਵਿੱਚ ਇੱਕਮੁੱਠਤਾ ਦਾ ਸਬੂਤ ਪੇਸ਼ ਕਰਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।