ਚੰਡੀਗੜ੍ਹ, 19 ਮਾਰਚ: ਦੇਸ਼ ਕਲਿੱਕ ਬਿਊਰੋ:
ਕੈਨੇਡਾ ਤੋਂ ਦੋ ਪੰਜਾਬੀ ਨੌਜਵਾਨ ਡਿਪੋਰਟ ਕੀਤੇ ਗਏ ਹਨ। ਜਿਨ੍ਹਾਂ ਦੀ ਪਛਾਣ ਅਰਸ਼ਦੀਪ ਸਿੰਘ ਅਤੇ ਸੁਖਨਾਜ਼ ਸਿੰਘ ਸੰਧੂ ਵੱਜੋਂ ਹੋਈ ਹੈ। ਇਨ੍ਹਾਂ ‘ਤੇ ਦੋਸ਼ ਹਨ ਕਿ ਇਹ ਦੋਵੇਂ ਕੈਨੇਡਾ ‘ਚ ਅਪਰਾਧਿਕ ਗਤੀਵਿਧੀਆਂ ‘ਚ ਸ਼ਾਮਿਲ ਹਨ। ਇਸ ਸਬੰਧੀ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (ਸੀਬੀਐਸਏ) ਨੇ ਜਾਣਕਾਰੀ ਦਿੰਦਾ ਹੋਏ ਦੱਸਿਆ ਕਿ ਦੋ ਪੰਜਾਬੀ ਮੂਲ ਦੇ ਨੌਜਵਾਨਾਂ ਅਰਸ਼ਦੀਪ ਸਿੰਘ ਅਤੇ ਸੁਖਨਾਜ਼ ਨੂੰ ਡਿਪੋਰਟ ਕਰ ਦਿੱਤਾ ਹੈ, ਜੋ ਕੈਨੇਡਾ ਵਿੱਚ ਜਬਰਨ ਵਸੂਲੀ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸਨ। ਸੀਬੀਐਸਏ ਨੇ ਸਪੱਸ਼ਟ ਕੀਤਾ ਕਿ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਦੂਜੇ ਦੇਸ਼ਾਂ ਦੇ ਨਾਗਰਿਕਾਂ ਨੂੰ ਕੈਨੇਡਾ ਵਿੱਚ ਰਹਿਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਸੀਬੀਐਸਏ ਨੇ 18 ਮਾਰਚ ਨੂੰ ਇੱਕ ਪ੍ਰੈਸ ਰਿਲੀਜ਼ ਜਾਰੀ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ। ਸੀਬੀਐਸਏ ਨੇ ਜਬਰਨ ਵਸੂਲੀ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਦੇਸ਼ੀ ਨਾਗਰਿਕਾਂ ਦੀ ਇੱਕ ਸੂਚੀ ਤਿਆਰ ਕੀਤੀ ਹੈ ਅਤੇ ਹੁਣ ਉਨ੍ਹਾਂ ਨੂੰ ਕਾਨੂੰਨੀ ਪ੍ਰਕਿਰਿਆਵਾਂ ਰਾਹੀਂ ਡਿਪੋਰਟ ਕਰਨਾ ਸ਼ੁਰੂ ਕਰ ਦਿੱਤਾ ਹੈ। ਹੁਣ ਤੱਕ 35 ਅਪਰਾਧੀਆਂ ਨੂੰ ਡਿਪੋਰਟ ਕੀਤਾ ਜਾ ਚੁੱਕਾ ਹੈ।



