ਬਾਲ ਭੀਖ ਵਿਰੁੱਧ ਕਾਰਵਾਈ, ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਨੇ ਇਕ ਬੱਚਾ ਰੈਸਕਿਊ ਕੀਤਾ

ਪੰਜਾਬ

ਦਲਜੀਤ ਕੌਰ

ਸੁਨਾਮ, 22 ਅਪ੍ਰੈਲ, 2026: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਹਿਤ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਪ੍ਰਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਸੁਨਾਮ ਸ਼ਹਿਰ ਦੇ ਵੱਖ-ਵੱਖ ਥਾਵਾਂ ’ਤੇ ਭੀਖ ਮੰਗਣ ਵਿਰੁੱਧ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ।

ਇਸ ਵਿਸ਼ੇਸ਼ ਮੁਹਿੰਮ ਦਾ ਮੁੱਖ ਉਦੇਸ਼ ਸੜਕਾਂ, ਬਾਜ਼ਾਰਾਂ, ਬੱਸ ਸਟੈਂਡ, ਰੇਲਵੇ ਸਟੇਸ਼ਨ, ਧਾਰਮਿਕ ਸਥਾਨਾਂ ਅਤੇ ਹੋਰ ਜਨਤਕ ਸਥਾਨਾਂ ’ਤੇ ਭੀਖ ਮੰਗਣ ਵਾਲੇ ਬੱਚਿਆਂ ਦੀ ਪਛਾਣ ਕਰਨਾ, ਉਨ੍ਹਾਂ ਨੂੰ ਤੁਰੰਤ ਸੁਰੱਖਿਆ ਪ੍ਰਦਾਨ ਕਰਨਾ ਅਤੇ ਉਨ੍ਹਾਂ ਦੇ ਪੁਨਰਵਾਸ ਲਈ ਲੋੜੀਂਦੇ ਕਦਮ ਚੁੱਕਣੇ ਸਨ।

ਚੈਕਿੰਗ ਦੌਰਾਨ ਟੀਮ ਵੱਲੋਂ ਸੁਨਾਮ ਦੇ ਵੱਖ-ਵੱਖ ਸੰਵੇਦਨਸ਼ੀਲ ਅਤੇ ਭੀੜ-ਭਾੜ ਵਾਲੇ ਇਲਾਕਿਆਂ ਦੀ ਨਿਗਰਾਨੀ ਕੀਤੀ ਗਈ। ਇਸ ਦੌਰਾਨ ਇੱਕ ਬੱਚਾ ਭੀਖ ਮੰਗਦਾ ਹੋਇਆ ਪਾਇਆ ਗਿਆ, ਜਿਸ ਨੂੰ ਟੀਮ ਵੱਲੋਂ ਤੁਰੰਤ ਰੈਸਕਿਊ ਕਰਕੇ ਬੱਚੇ ਦੀ ਸੁਰੱਖਿਆ ਯਕੀਨੀ ਬਣਾਈ ਗਈ ਅਤੇ ਅਗਲੀ ਕਾਨੂੰਨੀ ਕਾਰਵਾਈ ਲਈ ਸੰਬੰਧਿਤ ਅਧਿਕਾਰੀਆਂ ਦੇ ਹਵਾਲੇ ਕੀਤਾ ਗਿਆ।

ਇਸ ਚੈਕਿੰਗ ਮੁਹਿੰਮ ਵਿੱਚ ਸਿੱਖਿਆ ਵਿਭਾਗ, ਪੁਲਿਸ ਵਿਭਾਗ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਸੰਗਰੂਰ ਦੀ ਸਾਂਝੀ ਟੀਮ ਵੱਲੋਂ ਸਰਗਰਮ ਭੂਮਿਕਾ ਨਿਭਾਈ ਗਈ। ਸਿੱਖਿਆ ਵਿਭਾਗ ਤੋਂ ਸ੍ਰੀ ਗੁਰਜਿੰਦਰ ਸਿੰਘ, ਪੁਲਿਸ ਵਿਭਾਗ ਤੋਂ ਸ੍ਰੀ ਗੁਰਚਰਨ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ (DCPU) ਤੋਂ ਸ੍ਰੀਮਤੀ ਨਿਰਮਲ ਕੌਰ ਅਤੇ ਸ੍ਰੀ ਰੂਪਿੰਦਰ ਸਿੰਘ , ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਸੰਗਰੂਰ ਸ਼ਾਮਲ ਰਹੇ।

ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਪ੍ਰਦੀਪ ਸਿੰਘ ਗਿੱਲ ਵੱਲੋਂ ਦੱਸਿਆ ਗਿਆ ਕਿ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਕਰਨਾ ਅਤੇ ਉਨ੍ਹਾਂ ਨੂੰ ਭੀਖ ਮੰਗਣ ਵਰਗੀਆਂ ਸਮਾਜਿਕ ਕੁਰਿਵਾਜਾਂ ਤੋਂ ਬਚਾਉਣਾ ਵਿਭਾਗ ਦੀ ਪ੍ਰਾਥਮਿਕਤਾ ਹੈ। ਇਸ ਲਈ ਇਸ ਤਰ੍ਹਾਂ ਦੀਆਂ ਚੈਕਿੰਗ ਮੁਹਿੰਮਾਂ ਨੂੰ ਨਿਰੰਤਰ ਜਾਰੀ ਰੱਖਿਆ ਜਾਵੇਗਾ।

ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਥਾਂ ’ਤੇ ਕੋਈ ਬੱਚਾ ਭੀਖ ਮੰਗਦਾ ਹੋਇਆ ਵੇਖਿਆ ਜਾਵੇ ਤਾਂ ਤੁਰੰਤ ਚਾਈਲਡ ਹੈਲਪਲਾਈਨ ਨੰਬਰ 1098 ’ਤੇ ਸੂਚਨਾ ਦੇਣ, ਤਾਂ ਜੋ ਬੱਚਿਆਂ ਦੀ ਸਮੇਂ ਸਿਰ ਸਹਾਇਤਾ ਅਤੇ ਪੁਨਰਵਾਸ ਯਕੀਨੀ ਬਣਾਇਆ ਜਾ ਸਕੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।