ਚੰਡੀਗੜ੍ਹ, 10 ਮਈ: ਦੇਸ਼ ਕਲਿੱਕ ਬਿਊਰੋ:
ਮਨੀ ਲਾਂਡਰਿੰਗ ਮਾਮਲੇ ‘ਚ ਗ੍ਰਿਫ਼ਤਾਰ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਬੀਤੀ ਦੇਰ ਰਾਤ ਗੁਰੂਗ੍ਰਾਮ ਅਦਾਲਤ ‘ਚ ਪੇਸ਼ ਕੀਤਾ ਗਿਆ। ਦੋਵਾਂ ਧਿਰਾਂ ਦੀਆਂ ਲੰਬੀਆਂ ਦਲੀਲਾਂ ਸੁਣਨ ਤੋਂ ਬਾਅਦ, ਅਦਾਲਤ ਨੇ ਉਨ੍ਹਾਂ ਨੂੰ 7 ਦਿਨਾਂ ਲਈ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਹਵਾਲੇ ਕਰ ਦਿੱਤਾ। ਭਾਵ ਕਿ ਅਦਾਲਤ ਨੇ 7 ਦਿਨਾਂ ਦਾ ਰਿਮਾਂਡ ਦੇ ਦਿੱਤਾ ਹੈ।
ਸੰਜੀਵ ਅਰੋੜਾ ਦੀ ਅਦਾਲਤ ‘ਚ ਰਾਤ ਨੂੰ ਹੋਈ ਪੇਸ਼ੀ 3 ਘੰਟਿਆਂ ਤੋਂ ਵੱਧ ਸਮੇਂ ਤੱਕ ਚੱਲੀ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਨੁਮਾਇੰਦਗੀ ਕਰ ਰਹੇ ਸੀਨੀਅਰ ਵਕੀਲਾਂ ਨੇ ਅਰੋੜਾ ਦੀ ਪੁੱਛਗਿੱਛ ਲਈ 10 ਦਿਨਾਂ ਦੀ ਰਿਮਾਂਡ ਦੀ ਮੰਗ ਕੀਤੀ। ਈਡੀ ਨੇ ਦਲੀਲ ਦਿੱਤੀ ਕਿ ਮਾਮਲੇ ਦੀ ਤਹਿ ਤੱਕ ਜਾਣ ਅਤੇ ਮਹੱਤਵਪੂਰਨ ਦਸਤਾਵੇਜ਼ਾਂ ਨੂੰ ਬਰਾਮਦ ਕਰਨ ਲਈ ਮੰਤਰੀ ਦੀ ਹਿਰਾਸਤ ‘ਚ ਪੁੱਛਗਿੱਛ ਜ਼ਰੂਰੀ ਹੈ।
ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ, ਅਦਾਲਤ ਨੇ ਆਪਣਾ ਫੈਸਲਾ ਸੁਣਾਇਆ ਅਤੇ ਈਡੀ ਨੂੰ 7 ਦਿਨਾਂ ਦਾ ਰਿਮਾਂਡ ਦੇ ਦਿੱਤਾ। ਸੰਜੀਵ ਅਰੋੜਾ 16 ਮਈ ਤੱਕ ਈਡੀ ਹਿਰਾਸਤ ‘ਚ ਰਹਿਣਗੇ, ਜਿਸ ਤੋਂ ਬਾਅਦ ਉਨ੍ਹਾਂ ਨੂੰ ਗੁਰੂਗ੍ਰਾਮ ਅਦਾਲਤ ਵਿੱਚ ਦੁਬਾਰਾ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ, ਈਡੀ ਉਨ੍ਹਾਂ ਤੋਂ ਕਰੋੜਾਂ ਰੁਪਏ ਦੇ ਕਥਿਤ ਘੁਟਾਲਿਆਂ ਅਤੇ ਮਨੀ ਲਾਂਡਰਿੰਗ ਬਾਰੇ ਪੁੱਛਗਿੱਛ ਕਰੇਗੀ।



