ਚੰਡੀਗੜ੍ਹ, 19 ਮਈ 2026: ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਦੇਸ਼ ਨੂੰ “ਅਣਐਲਾਨੇ ਲਾਕਡਾਊਨ” ਵਿੱਚ ਧੱਕ ਦਿੱਤਾ ਹੈ ਅਤੇ ਲੋਕਾਂ ਤੋਂ ਅਰਥਵਿਵਸਥਾ ਦੇ ਅਸਲ ਹਾਲਾਤ ਲੁਕਾਏ ਜਾ ਰਹੇ ਹਨ।
ਇਹ ਦੱਸਦਿਆਂ ਕਿ ਕੇਂਦਰ ਨੇ ਚੋਣਾਂ ਤੱਕ ਤੇਲ ਦੀਆਂ ਕੀਮਤਾਂ ਨੂੰ ਦਿਖਾਵੇ ਲਈ ਜਾਣ-ਬੁੱਛ ਕੇ ਸਥਿਰ ਰੱਖਿਆ, ਉਨ੍ਹਾਂ ਕਿਹਾ ਕਿ ਹੁਣ ਜਦੋਂ ਚੋਣਾਂ ਖਤਮ ਹੋ ਗਈਆਂ ਹਨ, ਤਾਂ ਨਾਗਰਿਕਾਂ ‘ਤੇ ਇਸ ਦਾ ਬੋਝ ਪਾਇਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਦੇਸ਼ ਦੇ ਤੇਲ, ਗੈਸ ਅਤੇ ਸੋਨੇ ਦੇ ਭੰਡਾਰਾਂ ਦੀ ਅਸਲ ਸਥਿਤੀ ਦਾ ਜਨਤਕ ਤੌਰ ‘ਤੇ ਖੁਲਾਸਾ ਕਰੇ।
ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਦੇਸ਼ ਵਿੱਚ ਅਣਐਲਾਨਿਆ ਲਾਕਡਾਊਨ ਲਾ ਦਿੱਤਾ ਹੈ। ਉਨ੍ਹਾਂ ਕਿਹਾ, “ਇਨ੍ਹਾਂ ਪਾਬੰਦੀਆਂ ਦੇ ਨਤੀਜੇ ਪੂਰੇ ਦੇਸ਼ ਨੂੰ ਭੁਗਤਣੇ ਪੈ ਰਹੇ ਹਨ, ਜਦੋਂ ਕਿ ਕੇਂਦਰ ਲੋਕਾਂ ਤੋਂ ਦੇਸ਼ ਦੀ ਆਰਥਿਕਤਾ ਦੇ ਅਸਲ ਹਾਲਾਤ ਲੁਕਾ ਰਹੀ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਦੇਸ਼ ਦੇ ਤੇਲ, ਗੈਸ ਅਤੇ ਸੋਨੇ ਦੇ ਭੰਡਾਰਾਂ ਦਾ ਜਨਤਕ ਤੌਰ ‘ਤੇ ਖੁਲਾਸਾ ਕਰਨਾ ਚਾਹੀਦਾ ਹੈ ਤਾਂ ਜੋ ਨਾਗਰਿਕ ਦੇਸ਼ ਦੀ ਅਸਲ ਸਥਿਤੀ ਤੋਂ ਜਾਣੂ ਹੋ ਸਕਣ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕਾਂ ਨੂੰ ਆਰਥਿਕ ਸਥਿਤੀ ਬਾਰੇ ਸੱਚ ਜਾਣਨ ਦਾ ਹੱਕ ਹੈ। ਕੇਂਦਰ ਨੂੰ ਤੱਥ ਲੁਕਾਉਣ ਦੀ ਬਜਾਏ ਤੇਲ, ਗੈਸ ਅਤੇ ਸੋਨੇ ਦੇ ਭੰਡਾਰਾਂ ਬਾਰੇ ਪੂਰੀ ਜਾਣਕਾਰੀ ਜਨਤਾ ਦੇ ਸਾਹਮਣੇ ਰੱਖਣੀ ਚਾਹੀਦੀ ਹੈ।”
ਨਾਗਰਿਕਾਂ ’ਤੇ ਲਗਾਈਆਂ ਜਾ ਰਹੀਆਂ ਪਾਬੰਦੀਆਂ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੜੀ ਸਿਤਮਜ਼ਰੀਫ਼ੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ੁਦ ਤਾਂ ਵਿਦੇਸ਼ ਯਾਤਰਾ ਵਿੱਚ ਮਸਰੂਫ਼ ਹਨ ਪਰ ਲੋਕਾਂ ਨੂੰ ਵਿਦੇਸ਼ ਯਾਤਰਾ ਤੋਂ ਬਚਣ ਦੀ ਸਲਾਹ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਅਜੀਬ ਹਾਲਾਤ ਵਿੱਚੋਂ ਲੰਘ ਰਿਹਾ ਹੈ, ਜਿੱਥੇ ‘ਵਰਕ ਫਰਾਮ ਹੋਮ ’ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਪਰ ਅਸਲ ਸੱਚਾਈ ਲੋਕਾਂ ਤੋਂ ਲੁਕਾਈ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੇਤਾਵਾਂ ਦੇ ਆਪਹੁਦਰੇਪਣ ਕਾਰਨ ਲੋਕਾਂ ਨੂੰ ਕੋਈ ਦਿੱਕਤ ਨਹੀਂ ਹੋਣੀ ਚਾਹੀਦੀ। ਉਨ੍ਹਾਂ ਇਸ ਸਥਿਤੀ ਨੂੰ ਬਹੁਤ ਗ਼ੈਰ-ਵਾਜਿਬ ਕਰਾਰ ਦਿੱਤਾ।
ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ (ਆਪ) ਇਹ ਯਕੀਨੀ ਬਣਾਏਗੀ ਕਿ ਪੰਜਾਬ ਵਿੱਚ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਪ੍ਰਕਿਰਿਆ ਦੌਰਾਨ ਕਿਸੇ ਵੀ ਅਸਲ ਵੋਟਰ ਦਾ ਨਾਮ ਨਾ ਕੱਟਿਆ ਜਾਵੇ ਅਤੇ ਨਾ ਹੀ ਕਿਸੇ ਨਕਲੀ ਵੋਟਰ ਦਾ ਨਾਮ ਸ਼ਾਮਲ ਕੀਤਾ ਜਾਵੇ।
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ‘ਤੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਾਨੂੰਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਬੰਧੀ ਸਖ਼ਤ ਸਜ਼ਾ ਯਕੀਨੀ ਬਣਾ ਕੇ ਦੁਨੀਆ ਭਰ ਦੀ ਸਿੱਖ ਸੰਗਤ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕੀਤਾ ਹੈ।



