ਚੰਡੀਗੜ੍ਹ: ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ ਕਿਉਂਕਿ ਮੌਸਮ ਵਿਭਾਗ ਨੇ 22 ਮਈ ਨੂੰ ਪੰਜਾਬ ਦੇ ਕੁਝ ਹਿੱਸਿਆਂ ‘ਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।ਦੱਸਿਆ ਜਾ ਰਿਹਾ ਹੈ ਕਿ 22 ਮਈ ਨੂੰ ਕਹਿਰ ਦੀ ਗਰਮੀ ਨਾਲ ਝੁਲਸ ਰਹੇ ਪੰਜਾਬ ਦੇ ਲੋਕਾਂ ਨੂੰ ਕੁਝ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਸੂਬੇ ਦੇ ਕੁਝ ਹਿੱਸਿਆਂ ‘ਚ ਹਲਕੀ ਬਾਰਿਸ਼ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਹਾਲਾਂਕਿ ਪੂਰੇ ਸੂਬੇ ‘ਚ ਮੀਂਹ ਨਹੀਂ ਪਵੇਗਾ ਪਰ ਕੁਝ ਇਲਾਕਿਆਂ ‘ਚ ਮੌਸਮ ‘ਚ ਬਦਲਾਅ ਕਾਰਨ ਤਾਪਮਾਨ ‘ਚ ਮਾਮੂਲੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।
22 ਮਈ ਨੂੰ ਪੰਜਾਬ ਦੇ ਵੱਖ-ਵੱਖ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼, ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅਗਲੇ ਸੱਤ ਦਿਨਾਂ ਤੱਕ ਪੰਜਾਬ ਅਤੇ ਹਰਿਆਣਾ ਦੇ ਕਈ ਸਥਾਨਾਂ ‘ਤੇ ਹੀਟ ਵੇਵ ਤੋਂ ਲੈ ਕੇ ਭਿਆਨਕ ਗਰਮੀ ਦੇ ਹਾਲਾਤਾਂ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। 22 ਮਈ ਨੂੰ ਦੋਵਾਂ ਸੂਬਿਆਂ ‘ਚ ਕੁਝ ਥਾਵਾਂ ‘ਤੇ ਤੂਫਾਨ, ਧੂੜ ਭਰੀ ਹਵਾਵਾਂ ਅਤੇ ਬਿਜਲੀ ਡਿੱਗਣ ਦੀ ਵੀ ਸੰਭਾਵਨਾ ਹੈ।
ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਗਰਮੀ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਕਈ ਜ਼ਿਲ੍ਹਿਆਂ ਵਿੱਚ ਤਾਪਮਾਨ 44 ਤੋਂ 47 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਹੈ, ਜਿਸ ਕਾਰਨ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ। ਫਿਲਹਾਲ ਮੌਸਮ ਵਿਭਾਗ ਨੇ ਹੀਟਵੇਵ ਅਲਰਟ ਵੀ ਜਾਰੀ ਕੀਤਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਕੁਝ ਇਲਾਕਿਆਂ ‘ਚ ਬੱਦਲ ਛਾਏ ਰਹਿਣ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਨਾਲ ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ ਪਰ ਆਉਣ ਵਾਲੇ ਦਿਨਾਂ ‘ਚ ਗਰਮੀ ਦਾ ਅਸਰ ਪੂਰੀ ਤਰ੍ਹਾਂ ਹਟਣ ਦੀ ਸੰਭਾਵਨਾ ਨਹੀਂ ਹੈ।



