ਵੱਡੀ ਖ਼ਬਰ: ਸੇਵਾ ਕੇਂਦਰਾਂ ਦੀਆਂ ਸੇਵਾਵਾਂ ਠੱਪ! ਮੁਲਾਜ਼ਮਾਂ ਦੀ ਹੜਤਾਲ ਜਾਰੀ
ਤਰਨਤਾਰਨ, 29 ਮਈ 2026- ਸੇਵਾ ਕੇਂਦਰ ਮੁਲਾਜਮ ਯੂਨੀਅਨ ਤਰਨ ਤਾਰਨ ਵੱਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਅਣਮਿਥੇ ਸਮੇਂ ਦੀ ਹੜਤਾਲ ਅੱਜ ਤੀਜੇ ਦਿਨ ਵੀ ਜਾਰੀ ਰਹੀ। ਮੁਲਾਜਮਾਂ ਨੇ ਸਰਕਾਰ ਖ਼ਿਲਾਫ਼ ਨਾਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਕਿ ਅਜੇ ਤੱਕ ਨਾ ਤਾਂ ਸਰਕਾਰ ਦਾ ਕੋਈ ਨੁਮਾਇੰਦਾ ਉਨ੍ਹਾਂ ਦੀ ਸਾਰ ਲੈਣ ਪਹੁੰਚਿਆ ਹੈ ਅਤੇ ਨਾ ਹੀ ਕਿਸੇ ਤਰ੍ਹਾਂ ਦਾ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਗਈ ਹੈ।
ਸੇਵਾ ਕੇਂਦਰ ਯੂਨੀਅਨ ਦੇ ਪ੍ਰਧਾਨ ਗੁਰਸੇਵਕ ਸਿੰਘ ਲਾਲੂ ਘੁੰਮਣ ਨੇ ਦੱਸਿਆ ਕਿ ਮੁਲਾਜਮਾਂ ਦੀਆਂ ਮੁੱਖ ਮੰਗਾਂ ਵਿੱਚ “ਬਰਾਬਰ ਕੰਮ ਬਰਾਬਰ ਤਨਖਾਹ”, ਘੱਟੋ-ਘੱਟ 40 ਹਜ਼ਾਰ ਰੁਪਏ ਤਨਖਾਹ, ਠੇਕਾ ਪ੍ਰਣਾਲੀ ਖਤਮ ਕਰਨਾ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ 10 ਸਾਲ ਸੇਵਾ ਪੂਰੀ ਕਰਨ ਵਾਲੇ ਕਰਮਚਾਰੀਆਂ ਨੂੰ ਪੱਕਾ ਕਰਨਾ ਸ਼ਾਮਲ ਹੈ।
ਮੀਤ ਪ੍ਰਧਾਨ ਜਗਦੀਸ਼ ਸਿੰਘ ਨੇ ਕਿਹਾ ਕਿ ਘੱਟ ਤਨਖਾਹਾਂ ਕਾਰਨ ਪਰਿਵਾਰਾਂ ਦਾ ਗੁਜ਼ਾਰਾ ਕਰਨਾ ਬਹੁਤ ਮੁਸ਼ਕਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਆਪਣੀਆਂ ਪ੍ਰਾਪਤੀਆਂ ਦੇ ਵੱਡੇ-ਵੱਡੇ ਦਾਅਵੇ ਤਾਂ ਕਰਦੀਆਂ ਹਨ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਹੈ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਮੁਲਾਜਮ ਹੁਣ ਆਪਣੀਆਂ ਮੰਗਾਂ ਮਨਵਾਏ ਬਿਨਾਂ ਹੜਤਾਲ ਖਤਮ ਨਹੀਂ ਕਰਨਗੇ।
ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਜਾਂ ਕੰਪਨੀ ਵੱਲੋਂ ਮੁਲਾਜਮਾਂ ਨੂੰ ਟਰਮੀਨੇਟ ਕਰਨ ਜਾਂ ਡਰਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਲੋੜ ਪੈਣ ’ਤੇ ਪਰਿਵਾਰਾਂ ਸਮੇਤ ਸੜਕਾਂ ’ਤੇ ਉਤਰਿਆ ਜਾਵੇਗਾ।
ਇਸ ਤੋਂ ਇਲਾਵਾ ਪੀ.ਐਸ.ਐਮ.ਐਸ.ਯੂ ਦੇ ਜ਼ਿਲ੍ਹਾ ਪ੍ਰਧਾਨ ਗੁਰਸੇਵਕ ਸਿੰਘ ਨੇ ਵੀ ਯੂਨੀਅਨ ਨਾਲ ਡਟ ਕੇ ਖੜ੍ਹੇ ਰਹਿਣ ਦਾ ਭਰੋਸਾ ਦਿੱਤਾ। ਸੇਵਾ ਸਹਾਇਕ ਪ੍ਰਧਾਨ ਵਰਿੰਦਰ ਸਿੰਘ ਜੋਤੀ ਨੇ ਕਿਹਾ ਕਿ ਜੇ ਕੰਪਨੀ ਵੱਲੋਂ ਕਿਸੇ ਵੀ ਮੁਲਾਜਮ ਨੂੰ ਧਮਕਾਇਆ ਜਾਂ ਟਰਮੀਨੇਟ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਸੰਘਰਸ਼ ਨੂੰ ਹੋਰ ਤੀਬਰ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਤਿੰਨ ਦਿਨਾਂ ਤੋਂ ਮੁਲਾਜਮ ਹੜਤਾਲ ’ਤੇ ਬੈਠੇ ਹਨ ਪਰ ਸਰਕਾਰ ਦਾ ਕੋਈ ਨੁਮਾਇੰਦਾ ਉਨ੍ਹਾਂ ਨਾਲ ਗੱਲ ਕਰਨ ਨਹੀਂ ਪਹੁੰਚਿਆ, ਜੋ ਸਰਕਾਰ ਲਈ ਨਮੋਸ਼ੀ ਵਾਲੀ ਗੱਲ ਹੈ। ਅਖੀਰ ਵਿੱਚ ਯੂਨੀਅਨ ਵੱਲੋਂ ਐਲਾਨ ਕੀਤਾ ਗਿਆ ਕਿ ਜੇ ਸਰਕਾਰ ਇਸੇ ਤਰ੍ਹਾਂ ਬੇਪਰਵਾਹ ਰਹੀ ਤਾਂ ਮੁਲਾਜਮ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਤੱਕ ਰੋਸ ਪ੍ਰਦਰਸ਼ਨ ਕਰਨ ਲਈ ਵੀ ਜਾਣਗੇ।



