ਵੱਡੀ ਖ਼ਬਰ: ਪੰਜਾਬ SC ਕਮਿਸ਼ਨ ਵੱਲੋਂ ਰਵਨੀਤ ਬਿੱਟੂ ਤਲਬ; 4 ਜੂਨ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਹੁਕਮ

Punjab ਚੰਡੀਗੜ੍ਹ ਟ੍ਰਾਈਸਿਟੀ ਪੰਜਾਬ

ਵੱਡੀ ਖ਼ਬਰ: ਪੰਜਾਬ SC ਕਮਿਸ਼ਨ ਵੱਲੋਂ ਰਵਨੀਤ ਬਿੱਟੂ ਤਲਬ; 4 ਜੂਨ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਹੁਕਮ

ਕਮਿਸ਼ਨ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਨਿੱਜੀ ਤੌਰ ‘ਤੇ ਹਾਜ਼ਰ ਹੋਣ ਲਈ ਕਿਹਾ

ਚੰਡੀਗੜ੍ਹ, 1 ਜੂਨ 2026: 

ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਜੁੜੀ ਇੱਕ ਬਹੁਤ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ (SC Commission) ਨੇ ਕਥਿਤ ਜਾਤੀ ਸੂਚਕ ਸ਼ਬਦ ਬੋਲਣ ਦੇ ਮਾਮਲੇ ਵਿੱਚ ਸਖ਼ਤ ਰੁਖ਼ ਅਖਤਿਆਰ ਕਰਦਿਆਂ ਰਵਨੀਤ ਸਿੰਘ ਬਿੱਟੂ ਨੂੰ ਤਲਬ ਕਰ ਲਿਆ ਹੈ। ਕਮਿਸ਼ਨ ਵੱਲੋਂ ਇਸ ਸਬੰਧੀ ਇੱਕ ਰਸਮੀ ਪੱਤਰ ਜਾਰੀ ਕਰਕੇ ਉਨ੍ਹਾਂ ਨੂੰ ਆਉਂਦੀ 4 ਜੂਨ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ।

ਪੰਜਾਬ SC ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਮੁਤਾਬਕ, ਰਵਨੀਤ ਬਿੱਟੂ ਨੂੰ 4 ਜੂਨ ਨੂੰ ਕਮਿਸ਼ਨ ਦੇ ਸਾਹਮਣੇ ਨਿੱਜੀ ਤੌਰ ‘ਤੇ (Personal Appearance) ਪੇਸ਼ ਹੋਣਾ ਪਵੇਗਾ। ਇਹ ਮਾਮਲਾ ਉਦੋਂ ਗਰਮਾਇਆ ਸੀ ਜਦੋਂ ਰਵਨੀਤ ਬਿੱਟੂ ਵੱਲੋਂ ਕਥਿਤ ਤੌਰ ‘ਤੇ ਕੁਝ ਅਜਿਹੇ ਸ਼ਬਦਾਂ ਦੀ ਵਰਤੋਂ ਕੀਤੀ ਗਈ ਸੀ, ਜਿਸ ਨਾਲ SC ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਸੀ। ਇਸ ਤੋਂ ਬਾਅਦ ਵੱਖ-ਵੱਖ ਜਥੇਬੰਦੀਆਂ ਵੱਲੋਂ ਉਨ੍ਹਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਸੀ।

ਜ਼ਿਕਰਯੋਗ ਹੈ ਕਿ ਇਸ ਪੂਰੇ ਮਾਮਲੇ ‘ਤੇ ਚੌਤਰਫ਼ਾ ਘਿਰਨ ਅਤੇ ਵਧਦੇ ਵਿਵਾਦ ਨੂੰ ਦੇਖਦਿਆਂ ਪਿਛਲੇ ਦਿਨੀਂ ਰਵਨੀਤ ਸਿੰਘ ਬਿੱਟੂ ਨੇ ਜਨਤਕ ਤੌਰ ‘ਤੇ ਮੁਆਫ਼ੀ ਵੀ ਮੰਗ ਲਈ ਸੀ। ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਦਾ ਮਕਸਦ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਨਹੀਂ ਸੀ। ਹਾਲਾਂਕਿ, ਮੁਆਫ਼ੀ ਮੰਗੇ ਜਾਣ ਦੇ ਬਾਵਜੂਦ ਕਮਿਸ਼ਨ ਨੇ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਤਲਬ ਕਰਨ ਦਾ ਫੈਸਲਾ ਕੀਤਾ ਹੈ। ਹੁਣ ਦੇਖਣਾ ਹੋਵੇਗਾ ਕਿ 4 ਜੂਨ ਨੂੰ ਪੇਸ਼ੀ ਦੌਰਾਨ ਕਮਿਸ਼ਨ ਵੱਲੋਂ ਇਸ ਮਾਮਲੇ ਵਿੱਚ ਅੱਗੇ ਕੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਂਦੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।