ਨਵੀਂ ਦਿੱਲੀ: ਭਾਰਤ ਨੇ ਕੁਵੈਤ ਇੰਟਰਨੈਸ਼ਨਲ ਏਅਰਪੋਰਟ ‘ਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ, ਜਿਸ ਵਿੱਚ ਇੱਕ ਭਾਰਤੀ ਨਾਗਰਿਕ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋਏ ਹਨ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜਾਇਸਵਾਲ ਨੇ ਬੁੱਧਵਾਰ ਨੂੰ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਭਾਰਤ ਇਸ ਦੀ ਸਖ਼ਤ ਨਿੰਦਾ ਕਰਦਾ ਹੈ ਅਤੇ ਸਾਰੀਆਂ ਧਿਰਾਂ ਨੂੰ ਇੱਕ ਵਾਰ ਫਿਰ ਅਪੀਲ ਕਰਦਾ ਹੈ ਕਿ ਆਮ ਨਾਗਰਿਕਾਂ ਅਤੇ ਨਾਗਰਿਕ ਬੁਨਿਆਦੀ ਢਾਂਚੇ (ਸਿਵਲੀਅਨ ਇੰਫਰਾਸਟਰਕਚਰ) ਨੂੰ ਨਿਸ਼ਾਨਾ ਨਹੀਂ ਬਣਾਇਆ ਜਾਣਾ ਚਾਹੀਦਾ।
ਉਨ੍ਹਾਂ ਕਿਹਾ, ‘ਅਸੀਂ ਅੱਜ ਕੁਵੈਤ ਇੰਟਰਨੈਸ਼ਨਲ ਏਅਰਪੋਰਟ ‘ਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਾਂ, ਜਿਸ ਵਿੱਚ ਇੱਕ ਭਾਰਤੀ ਨਾਗਰਿਕ ਦੀ ਮੌਤ ਹੋ ਗਈ ਹੈ ਅਤੇ ਸਾਡੇ ਕਈ ਨਾਗਰਿਕ ਜ਼ਖਮੀ ਹੋਏ ਹਨ। ਪੱਛਮੀ ਏਸ਼ੀਆ ਵਿੱਚ ਸੰਘਰਸ਼ ਸ਼ੁਰੂ ਹੋਣ ਤੋਂ ਬਾਅਦ, ਅਸੀਂ ਇਸ ਗੱਲ ‘ਤੇ ਜ਼ੋਰ ਦਿੱਤਾ ਹੈ ਕਿ ਆਮ ਨਾਗਰਿਕਾਂ ਅਤੇ ਨਾਗਰਿਕ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਨਹੀਂ ਬਣਾਇਆ ਜਾਣਾ ਚਾਹੀਦਾ। ਅਸੀਂ ਇੱਕ ਵਾਰ ਫਿਰ ਸਾਰੀਆਂ ਧਿਰਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਇਸ ਤਰ੍ਹਾਂ ਦੇ ਹਮਲੇ ਬੰਦ ਕਰਨ।’
ਬੁਲਾਰੇ ਨੇ ਕਿਹਾ ਕਿ ਸਰਕਾਰ ਪੀੜਤ ਪਰਿਵਾਰ ਪ੍ਰਤੀ ਡੂੰਘੀ ਹਮਦਰਦੀ ਪ੍ਰਗਟ ਕਰਦੀ ਹੈ ਅਤੇ ਉੱਥੇ ਸਥਿਤ ਦੂਤਾਵਾਸ (ਇੰਬੈਸੀ) ਜ਼ਖਮੀਆਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਨਾਗਰਿਕਾਂ ਦੀ ਸਹਾਇਤਾ ਲਈ ਦੂਤਾਵਾਸ ਸਥਾਨਕ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿੱਚ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਇਸ ਪੂਰੇ ਖੇਤਰ ਵਿੱਚ ਮੌਜੂਦ ਭਾਰਤੀ ਮਿਸ਼ਨ ਅਤੇ ਪੋਸਟ ਅਲਰਟ ‘ਤੇ ਹਨ ਅਤੇ ਭਾਰਤੀ ਭਾਈਚਾਰੇ ਨੂੰ ਸਰਗਰਮ ਰੂਪ ਵਿੱਚ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਰਿਪੋਰਟਾਂ ਅਨੁਸਾਰ ਕੁਵੈਤ ਦੇ ਏਅਰਪੋਰਟ ‘ਤੇ ਇਰਾਨ ਦੇ ਡਰੋਨ ਹਮਲੇ ਵਿੱਚ ਇੱਕ ਭਾਰਤੀ ਨਾਗਰਿਕ ਦੀ ਮੌਤ ਹੋ ਗਈ ਹੈ ਅਤੇ ਕਈ ਹੋਰ ਜ਼ਖਮੀ ਹੋ ਗਏ ਹਨ। ਜ਼ਖਮੀਆਂ ਵਿੱਚੋਂ ਕਈਆਂ ਦੀ ਹਾਲਤ ਗੰਭੀਰ ਦੱਸੀ ਗਈ ਹੈ।



