- ਲੋਕ ਨਿਰਮਾਣ ਮੰਤਰੀ ਵੱਲੋਂ ਸਾਰੇ ਸੜਕੀ ਪਾ੍ਰਜੈਕਟਾਂ ਦੀ ਰੋਜ਼ਾਨਾ ਆਧਾਰ ’ਤੇ ਨਿਗਰਾਨੀ ਅਤੇ ਸਮੇਂ ਸਿਰ ਨੇਪਰੇ ਚੜ੍ਹਾਉਣ ਦੇ ਹੁਕਮ
ਚੰਡੀਗੜ੍ਹ, 5 ਜੂਨ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੀ.ਆਰ.ਬੀ.ਡੀ.ਬੀ. ਦਫ਼ਤਰ, ਐਸ.ਏ.ਐਸ. ਨਗਰ (ਮੁਹਾਲੀ) ਵਿਖੇ ਹੋਈ ਮੀਟਿੰਗ ਦੌਰਾਨ ਪੰਜਾਬ ਭਰ ਵਿੱਚ ਸੜਕ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚ 45000 ਕਿਲੋਮੀਟਰ ਸੜਕਾਂ ਦੇ ਨਿਰਮਾਣ ਅਤੇ ਨਵੀਨੀਕਰਨ ਦੇ ਕੰਮ ਕਰਵਾਏ ਜਾ ਰਹੇ ਹਨ। ਮੀਟਿੰਗ ਦੌਰਾਨ ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਰਾਜ ਮਾਰਗਾਂ ਅਤੇ ਲਿੰਕ ਸੜਕਾਂ ਨਾਲ ਸਬੰਧਤ ਚੱਲ ਰਹੇ ਕੰਮਾਂ ਦੀ ਹਲਕਾ ਅਤੇ ਮੰਡਲ-ਵਾਰ ਸਥਿਤੀ ਦਾ ਮੁਲਾਂਕਣ ਕੀਤਾ।
ਮਿੱਥੇ ਸਮੇ ਵਿੱਚ ਕੰਮਾਂ ਨੂੰ ਮੁਕੰਮਲ ਕਰਨ ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਨੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਨਸੂਨ ਸੀਜ਼ਨ ਦੀ ਸ਼ੁਰੂਆਤ ਤੋਂ ਪਹਿਲਾਂ-ਪਹਿਲਾਂ ਚੱਲ ਰਹੇ ਹਰੇਕ ਕੰਮ ਨੂੰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਇੰਜੀਨੀਅਰ-ਇਨ-ਚੀਫ਼ ਸ੍ਰੀ ਗਗਨਦੀਪ ਸਿੰਘ ਨੂੰ ਪ੍ਰਗਤੀ ਦੀ ਰੋਜ਼ਾਨਾ ਆਧਾਰ ’ਤੇ ਨਿਗਰਾਨੀ ਕਰਨ ਅਤੇ ਹਰੇਕ ਪ੍ਰੋਜੈਕਟ ਲਈ ਰੋਜ਼ਾਨਾ ਆਧਾਰ ’ਤੇ ਪ੍ਰਗਤੀ ਦੀ ਮਾਨੀਟ੍ਰਿਗ ਸ਼ੀਟ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਕੋਈ ਵੀ ਕੰਮ ਸਮਾਂ-ਸੀਮਾ ਤੋਂ ਨਾ ਖੁੰਝੇ ।
ਉਨ੍ਹਾਂ ਅੱਗੇ ਹਦਾਇਤ ਕੀਤੀ ਕਿ ਲੁੱਕ ਅਤੇ ਹੋਰ ਸਾਰੀ ਲੋੜੀਂਦੀ ਉਸਾਰੀ ਸਮੱਗਰੀ ਦਾ ਭੰਡਾਰਣ ਕਰ ਕੇ ਕੰਮਾਂ ਨੂੰ ਨਿਰਵਿਘਨ ਨੇਪਰੇ ਚਾੜ੍ਹਨਾ ਯਕੀਨੀ ਬਣਾਇਆ ਜਾਵੇ।
ਕੁਆਲਿਟੀ ਕੰਟਰੋਲ ’ਤੇ ਜ਼ੋਰ ਦਿੰਦਿਆਂ ਲੋਕ ਨਿਰਮਾਣ ਮੰਤਰੀ ਨੇ ਅਧਿਕਾਰੀਆਂ ਨੂੰ ਚੰਗੀ ਮਿਆਰ ਦੇ ਕੰਮ ਕਰਵਾਉਣ ਨੂੰ ਯਕੀਨੀ ਬਣਾਉਣ ਦੀ ਸਰਕਾਰ ਦੀ ਜ਼ੀਰੋ ਟੋਲਰਸ ਨੀਤੀ ਬਾਰੇ ਆਗਾਹ ਕੀਤਾ ਤਾਂ ਜੋ ਲੋਕਾਂ ਦਾ ਪੈਸਾ ਕਿਸੇ ਵੀ ਰੂਪ ਵਿੱਚ ਬਰਬਾਦ ਨਾ ਹੋਵੇ। ਉਨ੍ਹਾਂ ਅੱਗੇ ਹਦਾਇਤ ਕੀਤੀ ਕਿ ਸਬੰਧਤ ਅਧਿਕਾਰੀਆਂ ਵੱਲੋਂ ਹਰ ਪੱਧਰ ’ਤੇ ਨਿਰੰਤਰ ਜਾਂਚ ਅਤੇ ਨਿਰੀਖਣ ਕੀਤਾ ਜਾਵੇ ਤਾਂ ਜੋ ਜ਼ਮੀਨੀ ਪੱਧਰ ’ਤੇ ਉੱਚ ਮਿਆਰਾਂ ਨੂੰ ਸਖ਼ਤੀ ਨਾਲ ਕਾਇਮ ਰੱਖਿਆ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਹਰ ਪੜਾਅ ’ਤੇ ਲੋੜੀਂਦੇ ਸਾਈਨ ਬੋਰਡ, ਲੇਨ ਮਾਰਕਿੰਗ ਅਤੇ ਕੁਆਲਿਟੀ ਕੰਟਰੋਲ ਮਾਪਦੰਡਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ।
ਕੈਬਨਿਟ ਮੰਤਰੀ ਨੇ ਸਾਰੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਫੰਡਾਂ ਸਬੰਧੀ ਬਕਾਇਆ ਮੰਗਾਂ ਤੁਰੰਤ ਦਰਜ ਕਰਕੇ ਅਦਾਈਗੀਆਂ ਕੀਤੀਆਂ ਜਾਣ ਤਾਂ ਜੋ ਕੰਮਾਂ ਦੀ ਪ੍ਰਗਤੀ ਵਿੱਚ ਕੋਈ ਦੇਰੀ ਨਾ ਹੋਵੇ।
ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਉਹ ਮੁੜ ਛੇਤੀ ਹੀ ਕੰਮਾਂ ਦੀ ਪ੍ਰਗਤੀ ਦੀ ਦੁਬਾਰਾ ਸਮੀਖਿਆ ਕਰਨਗੇ ਅਤੇ ਮੀਟਿੰਗ ਦੌਰਾਨ ਜਾਰੀ ਨਿਰਦੇਸ਼ਾਂ ਦੀ ਪਾਲਣਾ ਦਾ ਜਾਇਜ਼ਾ ਵੀ ਲੈਣਗੇ।
ਮੀਟਿੰਗ ਵਿੱਚ ਹਾਜ਼ਰ ਮਹਿਕਮੇ ਦੇ ਅਧਿਕਾਰੀਆਂ ਵਿੱਚ ਇੰਜੀਨੀਅਰ-ਇਨ-ਚੀਫ਼ ਸ੍ਰੀ ਗਗਨਦੀਪ ਸਿੰਘ, ਮੁੱਖ ਇੰਜੀਨੀਅਰਜ਼ ਸ੍ਰੀ ਅਨਿਲ ਗੁਪਤਾ, ਸ਼੍ਰੀ ਅਰਸਦੀਪ ਸਿੰਘ ਅਤੇ ਸਾਰੇ ਸੁਪਰੀਟੈਂਡਟ ਇੰਜੀਨੀਅਰ ਸ਼ਾਮਿਲ ਸਨ।



