ਨਵੀਂ ਦਿੱਲੀ, 6 ਜੂਨ 2026: ‘ਕਾਕਰੋਚ ਜਨਤਾ ਪਾਰਟੀ’ (CJP) ਦੇ ਸੰਸਥਾਪਕ ਅਭਿਜੀਤ ਦੀਪਕੇ ਅਮਰੀਕਾ ਤੋਂ ਦਿੱਲੀ ਪਹੁੰਚ ਗਏ ਹਨ। ਦਿੱਲੀ ਦੇ ਜੰਤਰ-ਮੰਤਰ ਸਥਿਤ ਪਾਰਟੀ ਦੇ ਪ੍ਰਦਰਸ਼ਨ ਵਾਲੀ ਥਾਂ ਤੋਂ ਅਭਿਜੀਤ ਦੀਪਕੇ ਨੇ ਕੇਂਦਰ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਵਾਲ ਕਰਦਿਆਂ ਕਿਹਾ ਕਿ ਸਰਕਾਰ ਇਹ ਸਪੱਸ਼ਟ ਕਰੇ ਕਿ ਉਨ੍ਹਾਂ ਲਈ ਉਨ੍ਹਾਂ ਦੇ ਮੰਤਰੀ ਅਹਿਮ ਹਨ ਜਾਂ ਦੇਸ਼ ਦੇ ਵਿਦਿਆਰਥੀ?

ਉਨ੍ਹਾਂ ਕਿਹਾ ਕਿ ਦੇਸ਼ ਦਾ ਵਿਦਿਆਰਥੀ ਅਤੇ ਨੌਜਵਾਨ ਵਰਗ ਆਖ਼ਰ ਕਦੋਂ ਤੱਕ ਡਰ ਦੇ ਸਾਏ ਵਿੱਚ ਜੀਵਨ ਜਿਊਣ ਲਈ ਮਜਬੂਰ ਰਹੇਗਾ। ਇਸ ਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਸਰਕਾਰ ਨੂੰ ਧਰਮ ਦੀ ਰਾਜਨੀਤੀ ਤੁਰੰਤ ਬੰਦ ਕਰਨੀ ਪਵੇਗੀ। ਜ਼ਿਕਰਯੋਗ ਹੈ ਕਿ ‘ਕਾਕਰੋਚ ਜਨਤਾ ਪਾਰਟੀ’ (CJP) ਵੱਲੋਂ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕੀਤੀ ਜਾ ਰਹੀ ਹੈ। ਪਾਰਟੀ NEET ਪੇਪਰ ਲੀਕ ਅਤੇ CBSE ਮਾਰਕਸ਼ੀਟ ਵਿਵਾਦ ਨੂੰ ਲੈ ਕੇ ਇਹ ਵਿਰੋਧ ਪ੍ਰਦਰਸ਼ਨ ਕਰ ਰਹੀ ਹੈ।

ਅਭਿਜੀਤ ਦੀਪਕੇ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ, CBSE ਬੋਰਡ ਅਤੇ NTA ਐਂਜਸੀ ਦੀ ਅਣਦੇਖੀ ਤੇ ਲਾਪਰਵਾਹੀ ਕਾਰਨ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਦਾਅ ‘ਤੇ ਲੱਗ ਗਿਆ ਹੈ। ਪਹਿਲਾਂ ਪੇਪਰ ਲੀਕ ਹੋ ਜਾਂਦੇ ਹਨ ਅਤੇ ਫਿਰ ਕਾਰਵਾਈ ਦੇ ਨਾਂ ‘ਤੇ ਸਿਰਫ਼ ਅਧਿਕਾਰੀਆਂ ਦੇ ਤਬਾਦਲੇ ਕਰਕੇ ਦਿਖਾਵਾ ਕਰ ਦਿੱਤਾ ਜਾਂਦਾ ਹੈ, ਜਦੋਂ ਕਿ ਸਰਕਾਰ ਨੂੰ ਪੇਪਰ ਲੀਕ ਦੇ ਖ਼ਿਲਾਫ਼ ਇੱਕ ਸਖ਼ਤ ਕਾਨੂੰਨ ਬਣਾਉਣਾ ਚਾਹੀਦਾ ਹੈ।

ਪੁਲਿਸ ਨੂੰ ਫੁੱਲ ਦੇ ਕੇ ਅਨੋਖਾ ਵਿਰੋਧ
ਅਭਿਜੀਤ ਦੀਪਕੇ ਦੇ ਨਿਰਦੇਸ਼ਾਂ ‘ਤੇ CJP ਦੇ ਪ੍ਰਦਰਸ਼ਨਕਾਰੀ ਉੱਥੇ ਤਾਇਨਾਤ ਪੁਲਿਸ ਕਰਮਚਾਰੀਆਂ ਨੂੰ ਫੁੱਲ ਭੇਂਟ ਕਰ ਰਹੇ ਹਨ। ਦੀਪਕੇ ਨੇ ਪ੍ਰਦਰਸ਼ਨਕਾਰੀਆਂ ਨੂੰ ਅਪੀਲ ਕੀਤੀ ਸੀ ਕਿ ਉਹ ਆਪਣੇ ਨਾਲ ਇੱਕ ਕਿਤਾਬ ਰੱਖਣ ਅਤੇ ਪੁਲਿਸ ਕਰਮਚਾਰੀਆਂ ਨੂੰ ਫੁੱਲ ਦੇ ਕੇ ਬੇਹੱਦ ਸ਼ਾਂਤਮਈ ਤਰੀਕੇ ਨਾਲ ਆਪਣਾ ਵਿਰੋਧ ਦਰਜ ਕਰਵਾਉਣ।

ਕੀ ਹਨ ‘ਕਾਕਰੋਚ ਜਨਤਾ ਪਾਰਟੀ’ ਦੀਆਂ ਮੰਗਾਂ ?
ਪਾਰਟੀ ਦਾ ਕਹਿਣਾ ਹੈ ਕਿ ਉਹ ਸਰਕਾਰ ਨੂੰ ਜਵਾਬਦੇਹ ਬਣਾਉਣਾ ਚਾਹੁੰਦੇ ਹਨ ਅਤੇ ਸਿੱਖਿਆ ਮੰਤਰੀ ਦੇ ਅਸਤੀਫ਼ੇ ਲਈ ਸ਼ਾਂਤਮਈ ਅੰਦੋਲਨ ਕਰ ਰਹੇ ਹਨ। ਇਸ ਪ੍ਰਦਰਸ਼ਨ ਦੌਰਾਨ CJP ਵੱਲੋਂ ‘ਬਹਾਨੇ ਨਹੀਂ ਚੱਲਣਗੇ, ਚੁੱਪੀ ਨਹੀਂ ਚੱਲੇਗੀ’ ਦਾ ਨਾਅਰਾ ਦਿੱਤਾ ਗਿਆ ਹੈ। ਪਾਰਟੀ ਦੇ ਬੁਲਾਰੇ ਸੌਰਭ ਨੇ ਅੰਕੜੇ ਸਾਂਝੇ ਕਰਦਿਆਂ ਕਿਹਾ ਕਿ NEET ਪੇਪਰ ਲੀਕ ਨਾਲ 22 ਲੱਖ ਅਤੇ CBSE ਦੇ OSM ਮਾਰਕਿੰਗ ਵਿਵਾਦ ਕਾਰਨ 17 ਲੱਖ ਵਿਦਿਆਰਥੀ ਪ੍ਰਭਾਵਿਤ ਹੋਏ ਹਨ, ਅਜਿਹੇ ਵਿੱਚ ਕੀ ਸਰਕਾਰ ਦੀ ਕੋਈ ਜ਼ਿੰਮੇਵਾਰੀ ਨਹੀਂ ਬਣਦੀ?

ਦੂਜੇ ਪਾਸੇ, CJP ਨੇ ਸੋਸ਼ਲ ਮੀਡੀਆ ਪਲੇਟਫਾਰਮ X (ਪਹਿਲਾਂ ਟਵਿੱਟਰ) ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਕਿਹਾ ਹੈ ਕਿ ਕੁਝ ਲੋਕ ਕਾਕਰੋਚ ਜਨਤਾ ਪਾਰਟੀ ਦੇ ਸੰਵਿਧਾਨਕ ਅਤੇ ਸ਼ਾਂਤਮਈ ਅੰਦੋਲਨ ਨੂੰ ਉਕਸਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਪਾਰਟੀ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਅਜਿਹੇ ਸ਼ਰਾਰਤੀ ਅੰਸਰਾਂ ਦੀ ਤੁਰੰਤ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ।



