ਭਿਆਨਕ ਸੜਕ ਹਾਦਸੇ ‘ਚ ਨੌਜਵਾਨ ਮੁੰਡੇ-ਕੁੜੀ ਦੀ ਮੌਤ

ਪੰਜਾਬ

ਰੂਪਨਗਰ: ਰੂਪਨਗਰ ਦੇ ਅਧੀਨ ਆਉਂਦੇ ਭਰਤਗੜ੍ਹ ਇਲਾਕੇ ਵਿੱਚ ਕੌਮੀ ਮਾਰਗ ‘ਤੇ ਅੱਜ ਸਵੇਰੇ ਇੱਕ ਬੇਹੱਦ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਹੰਸਾਲੀਸਰ ਨਿਰਮਲ ਆਸ਼ਰਮ ਦੇ ਨਜ਼ਦੀਕ ਇੱਕ ਕਾਰ ਅੱਗੇ ਜਾ ਰਹੇ ਕਿਸੇ ਅਣਪਛਾਤੇ ਵਾਹਨ ਦੇ ਪਿੱਛੇ ਜਾ ਟਕਰਾਈ। ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਵਿੱਚ ਸਵਾਰ ਇੱਕ ਨੌਜਵਾਨ ਮੁੰਡੇ ਅਤੇ ਇੱਕ ਕੁੜੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਕਾਰ ਸਵਾਰ ਇੱਕ ਹੋਰ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।

ਮਿਲੀ ਜਾਣਕਾਰੀ ਮੁਤਾਬਕ ਹਾਦਸਾ ਅੱਜ ਸਵੇਰੇ ਕੌਮੀ ਮਾਰਗ ‘ਤੇ ਵਾਪਰਿਆ, ਜਦੋਂ ਤੇਜ਼ ਰਫ਼ਤਾਰ ਕਾਰ ਅਚਾਨਕ ਬੇਕਾਬੂ ਹੋ ਕੇ ਅੱਗੇ ਜਾ ਰਹੇ ਵਾਹਨ ਦੇ ਪਿੱਛੇ ਜਾ ਵੱਜੀ। ਹਾਦਸੇ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਭਰਤਗੜ੍ਹ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਲੋਕਾਂ ਦੀ ਮਦਦ ਨਾਲ ਕਾਰ ਵਿੱਚ ਫਸੇ ਜ਼ਖ਼ਮੀ ਨੌਜਵਾਨ ਨੂੰ ਬਾਹਰ ਕੱਢਿਆ ਅਤੇ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਰੂਪਨਗਰ ਵਿਖੇ ਦਾਖ਼ਲ ਕਰਵਾਇਆ, ਜਿੱਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਘਟਨਾ ਦੀ ਪੁਸ਼ਟੀ ਕਰਦਿਆਂ ਭਰਤਗੜ੍ਹ ਪੁਲਿਸ ਚੌਕੀ ਦੇ ਇੰਚਾਰਜ ਸਰਤਾਜ ਸਿੰਘ ਅਤੇ ਜਾਂਚ ਅਧਿਕਾਰੀ ਸੁਰਜੀਤ ਸਿੰਘ ਮੱਲ੍ਹੀ ਨੇ ਦੱਸਿਆ ਕਿ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਨੌਜਵਾਨ ਮੁੰਡੇ ਅਤੇ ਕੁੜੀ ਦੀਆਂ ਦੇਹਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਗਿਆ ਹੈ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕਾਂ ਦੇ ਵਾਰਸਾਂ ਨੂੰ ਇਸ ਮੰਦਭਾਗੀ ਘਟਨਾ ਬਾਰੇ ਇਤਲਾਹ ਦੇ ਦਿੱਤੀ ਗਈ ਹੈ ਅਤੇ ਉਨ੍ਹਾਂ ਦੇ ਪਹੁੰਚਣ ਤੋਂ ਬਾਅਦ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਪੁਲਿਸ ਵੱਲੋਂ ਹਾਦਸੇ ਦੇ ਅਸਲ ਕਾਰਨਾਂ ਅਤੇ ਟਕਰਾਉਣ ਵਾਲੇ ਦੂਜੇ ਵਾਹਨ ਦੀ ਭਾਲ ਕੀਤੀ ਜਾ ਰਹੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।