Government buses will not run in Punjab today! ਪੰਜਾਬ ‘ਚ ਅੱਜ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ
ਰੋਡਵੇਜ਼, ਪਨਬੱਸ ਤੇ PRTC ਦੇ ਕੱਚੇ ਮੁਲਾਜ਼ਮਾਂ ਵੱਲੋਂ ਡਿਪੂਆਂ ‘ਤੇ ਗੇਟ ਰੈਲੀਆਂ ਸ਼ੁਰੂ; CM ਰਿਹਾਇਸ਼ ਘੇਰਨ ਦੀ ਚੇਤਾਵਨੀ
ਚੰਡੀਗੜ੍ਹ, 10 ਜੂਨ 2026:
Government buses will not run in Punjab today! ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ (PRTC) ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੂਬੇ ਭਰ ਦੇ ਡਿਪੂਆਂ ‘ਤੇ ਗੇਟ ਰੈਲੀਆਂ ਕਰਦਿਆਂ ਚੱਕਾ ਜਾਮ ਕਰਨ ਦਾ ਵੱਡਾ ਐਲਾਨ ਕਰ ਦਿੱਤਾ ਗਿਆ ਹੈ।
ਮੁਲਾਜ਼ਮ ਆਗੂਆਂ ਨੇ ਸਾਫ਼ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਅੱਜ ਹੀ ਉਨ੍ਹਾਂ ਦੀਆਂ ਹੱਕੀ ਮੰਗਾਂ ‘ਤੇ ਗੌਰ ਨਾ ਕੀਤਾ, ਤਾਂ ਆਉਣ ਵਾਲੀ 22, 23 ਅਤੇ 24 ਜੂਨ ਨੂੰ ਲਗਾਤਾਰ ਤਿੰਨ ਦਿਨ ਪੰਜਾਬ ਭਰ ਵਿੱਚ ਮੁਕੰਮਲ ਹੜਤਾਲ ਕੀਤੀ ਜਾਵੇਗੀ ਅਤੇ ਇਸ ਦੇ ਨਾਲ ਹੀ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਵੀ ਵਿਸ਼ਾਲ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ।
ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਮੌਜੂਦਾ ਸਰਕਾਰ ਖ਼ਿਲਾਫ਼ ਤਿੱਖੀ ਭੜਾਸ ਕੱਢਦਿਆਂ ਕਿਹਾ ਕਿ ਪੰਜਾਬ ਦੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਚਾਰ ਸਾਲ ਦਾ ਸਮਾਂ ਹੋ ਚੁੱਕਾ ਹੈ, ਪਰ ਮੁਲਾਜ਼ਮਾਂ ਦੀਆਂ ਮੰਗਾਂ ਅੱਜ ਵੀ ਜਿਉਂ ਦੀਆਂ ਤਿਉਂ ਲਟਕ ਰਹੀਆਂ ਹਨ।
ਉਨ੍ਹਾਂ ਗੰਭੀਰ ਦੋਸ਼ ਲਾਇਆ ਕਿ ਇਸ ਸਰਕਾਰ ਨੇ ਵੀ ਪਿਛਲੀਆਂ ਰਵਾਇਤੀ ਸਰਕਾਰਾਂ ਦੇ ਨਕਸ਼ੇ-ਕਦਮਾਂ ‘ਤੇ ਚੱਲਦਿਆਂ ਸਿਰਫ਼ ਆਪਣੇ ਚਹੇਤਿਆਂ ਨੂੰ ਫ਼ਾਇਦਾ ਪਹੁੰਚਾਉਣ ਵਾਸਤੇ ਹੀ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਮੁਲਾਜ਼ਮ ਵਿਰੋਧੀ ਵਤੀਰੇ ਕਰਕੇ ਟਰਾਂਸਪੋਰਟ ਵਿਭਾਗ ਦੇ ਕਾਮਿਆਂ ਵਿੱਚ ਭਾਰੀ ਰੋਸ਼ ਪਾਇਆ ਜਾ ਰਿਹਾ ਹੈ।
ਯੂਨੀਅਨ ਪ੍ਰਧਾਨ ਨੇ ਜਮਹੂਰੀਅਤ ਦੇ ਘਾਣ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਮੁਲਾਜ਼ਮਾਂ ਨੂੰ ਪਿਛਲੇ ਛੇ ਮਹੀਨਿਆਂ ਤੋਂ ਜੇਲ੍ਹਾਂ ਦੇ ਅੰਦਰ ਬੰਦ ਰੱਖਿਆ ਗਿਆ ਹੈ, ਜੋ ਕਿ ਪੂਰੀ ਤਰ੍ਹਾਂ ਗੈਰ-ਕਾਨੂੰਨੀ ਹੈ। ਉਨ੍ਹਾਂ ਮੰਗ ਕੀਤੀ ਕਿ ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਤੁਰੰਤ ਰਿਹਾਅ ਕੀਤਾ ਜਾਵੇ।
ਕੀ ਹਨ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ?
ਟਰਾਂਸਪੋਰਟ ਵਿਭਾਗ ਵਿੱਚ ਚਲਾਈ ਜਾ ਰਹੀ ਨਿੱਜੀ ਕਿਲੋਮੀਟਰ ਸਕੀਮ ਨੂੰ ਤੁਰੰਤ ਪ੍ਰਭਾਵ ਤੋਂ ਰੱਦ ਅਤੇ ਖ਼ਤਮ ਕੀਤਾ ਜਾਵੇ। ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਵਿੱਚ ਪਿਛਲੇ ਲੰਮੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਸਮੂਹ ਕੰਟਰੈਕਟ (ਕੱਚੇ) ਵਰਕਰਾਂ ਨੂੰ ਬਿਨਾਂ ਦੇਰੀ ਪੱਕਾ (Regular) ਕੀਤਾ ਜਾਵੇ। ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਸਾਰੇ ਸਾਥੀ ਕਰਮਚਾਰੀਆਂ ਨੂੰ ਤੁਰੰਤ ਜੇਲ੍ਹਾਂ ਵਿੱਚੋਂ ਰਿਹਾਅ ਕੀਤਾ ਜਾਵੇ।
ਮੁਲਾਜ਼ਮਾਂ ਦੇ ਇਸ ਤਿੱਖੇ ਰੁਖ਼ ਕਾਰਨ ਆਉਣ ਵਾਲੇ ਦਿਨਾਂ ਵਿੱਚ ਆਮ ਮੁਸਾਫ਼ਰਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਹੁਣ ਦੇਖਣਾ ਹੋਵੇਗਾ ਕਿ ਟਰਾਂਸਪੋਰਟ ਵਿਭਾਗ ਅਤੇ ਸਰਕਾਰ ਇਸ ਹੜਤਾਲ ਨੂੰ ਟਾਲਣ ਲਈ ਕੋਈ ਠੋਸ ਕਦਮ ਚੁੱਕਦੀ ਹੈ ਜਾਂ ਟਕਰਾਅ ਹੋਰ ਵਧੇਗਾ।



