ਪੰਜਾਬ ਕੈਬਨਿਟ ਵੱਲੋਂ 1,013 ਲੈਕਚਰਾਰਾਂ ਦੀ ਭਰਤੀ ਨੂੰ ਹਰੀ ਝੰਡੀ, ਉਮਰ ਹੱਦ ‘ਚ ਪੰਜ ਸਾਲ ਦੀ ਛੋਟ

Top Trending News ਪੰਜਾਬ

 

Recruitment of 1013 Lecturers! ਪੰਜਾਬ ਕੈਬਨਿਟ ਵੱਲੋਂ 1,013 ਲੈਕਚਰਾਰਾਂ ਦੀ ਭਰਤੀ ਨੂੰ ਹਰੀ ਝੰਡੀ, ਉਮਰ ਹੱਦ ‘ਚ ਪੰਜ ਸਾਲ ਦੀ ਛੋਟ

(Recruitment of 1013 Lecturers!) ਚੰਡੀਗੜ੍ਹ, 10 ਜੂਨ 2026  – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਨੇ ਅੱਜ ਕਈ ਅਹਿਮ ਫੈਸਲਿਆਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਐਜਕੇਸ਼ਨ ਰਿਕਰਿਊਟਮੈਂਟ ਡਾਇਰੈਕਟੋਰੇਟ ਰਾਹੀਂ ਲੈਕਚਰਾਰ ਕਾਡਰ (ਗਰੁੱਪ-ਬੀ) ਦੀਆਂ ਬੈਕਲਾਗ ਅਤੇ ਨਵੀਆਂ ਸਿਰਜੀਆਂ ਅਸਾਮੀਆਂ ਸਮੇਤ 1,013 ਮਨਜ਼ੂਰਸ਼ੁਦਾ ਖਾਲੀ ਅਸਾਮੀਆਂ ਭਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ।

ਕੈਬਨਿਟ ਵੱਲੋਂ ਸਕੂਲ ਸਿੱਖਿਆ ਵਿਭਾਗ ਵਿੱਚ ਲੈਕਚਰਾਰ ਕਾਡਰ ਦੀਆਂ ਅਸਾਮੀਆਂ ਲਈ ਅਰਜ਼ੀ ਦੇਣ ਵਾਲੇ ਉਮੀਦਵਾਰਾਂ ਲਈ ਉਪਰਲੀ ਉਮਰ ਹੱਦ ਵਿੱਚ ਪੰਜ ਸਾਲ ਦੀ ਯਕਮੁਸ਼ਤ ਛੋਟ ਵੀ ਦਿੱਤੀ ਗਈ ਹੈ। ਇਸ ਕਦਮ ਦਾ ਉਦੇਸ਼ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨਾ ਅਤੇ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣਾ ਹੈ।

ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਨੀਟ (ਅੰਡਰ ਗ੍ਰੈਜੂਏਟ) ਦੀ ਮੁੜ ਪ੍ਰੀਖਿਆ ਦੇਣ ਵਾਲੇ ਪ੍ਰੀਖਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ ਕੈਬਨਿਟ ਨੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਨਾਲ ਜਾਣ ਵਾਲੇ ਇੱਕ ਅਟੈਂਡੈਂਟ ਲਈ ਪੰਜਾਬ ਅਤੇ ਚੰਡੀਗੜ੍ਹ ਵਿੱਚ ਪ੍ਰੀਖਿਆ ਕੇਂਦਰਾਂ ਤੱਕ ਮੁਫ਼ਤ ਬੱਸ ਸਫ਼ਰ ਨੂੰ ਮਨਜ਼ੂਰੀ ਦਿੱਤੀ ਹੈ। ਦੱਸਣਯੋਗ ਹੈ ਕਿ 3 ਮਈ, 2026 ਨੂੰ ਹੋਈ ਨੀਟ ਦੀ ਪ੍ਰੀਖਿਆ ਰੱਦ ਕਰ ਦਿੱਤੀ ਗਈ ਸੀ ਅਤੇ ਹੁਣ ਇਹ ਪ੍ਰੀਖਿਆ 21 ਜੂਨ, 2026 ਲਈ ਮੁੜ ਨਿਰਧਾਰਤ ਕੀਤੀ ਗਈ ਹੈ।

ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਟੈਂਡੈਂਟ ਦੀ ਸਹੂਲਤ ਲਈ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਦੀਆਂ ਬੱਸਾਂ 20, 21 ਅਤੇ 22 ਜੂਨ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਪ੍ਰੀਖਿਆ ਕੇਂਦਰਾਂ ਤੱਕ ਆਉਣ-ਜਾਣ ਲਈ ਮੁਫ਼ਤ ਸਫ਼ਰ ਦੀ ਸਹੂਲਤ ਪ੍ਰਦਾਨ ਕਰਨਗੀਆਂ। ਵਿਦਿਆਰਥੀਆਂ ਨੂੰ ਇਸ ਸਹੂਲਤ ਦਾ ਲਾਭ ਲੈਣ ਲਈ ਸਿਰਫ਼ ਆਪਣੇ ਐਡਮਿਟ ਕਾਰਡ ਦਿਖਾਉਣੇ ਪੈਣਗੇ ਅਤੇ ਉਨ੍ਹਾਂ ਕੋਲੋਂ ਕੋਈ ਕਿਰਾਇਆ ਨਹੀਂ ਲਿਆ ਜਾਵੇਗਾ।

ਮੁਫ਼ਤ ਸਫ਼ਰ ਦੀ ਸਹੂਲਤ ਦਾ ਵਿੱਤੀ ਬੋਝ ਟਰਾਂਸਪੋਰਟ ਵਿਭਾਗ ਵੱਲੋਂ ਚੁੱਕਿਆ ਜਾਵੇਗਾ ਅਤੇ ਵਿੱਤ ਵਿਭਾਗ ਵੱਲੋਂ ਇਸ ਦੀ ਭਰਪਾਈ ਕੀਤੀ ਜਾਵੇਗੀ। ਇਹ ਪਹਿਲਕਦਮੀ ਵਿਦਿਆਰਥੀ ਭਲਾਈ, ਸਿੱਖਿਆ ਨੂੰ ਉਤਸ਼ਾਹਿਤ ਕਰਨ ਅਤੇ ਕਿਫ਼ਾਇਤੀ ਤੇ ਪਹੁੰਚਯੋਗ ਜਨਤਕ ਟਰਾਂਸਪੋਰਟ ਸੇਵਾਵਾਂ ਨੂੰ ਯਕੀਨੀ ਬਣਾਉਣ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

 

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।