ਅੰਮ੍ਰਿਤਸਰ ਸਾਹਿਬ: ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ(Gurdwara Shaheed Baba Gurbaksh Singh) ਵਿਖੇ ਬੇਅਦਬੀ ਦੀ ਕੋਸਿਸ਼, ਸ਼ੱਕੀ ਨੌਜਵਾਨ ਕਾਬੂ
ਅੰਮ੍ਰਿਤਸਰ ਸਾਹਿਬ/ਚੰਡੀਗੜ੍ਹ, 12 ਜੂਨ 2026- ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਦੇ ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪਿਛਲੀ ਤਰਫ਼ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ (Gurdwara Shaheed Baba Gurbaksh Singh) ਜੀ ਵਿਖੇ ਇੱਕ ਬੇਹੱਦ ਮੰਦਭਾਗੀ ਅਤੇ ਸ਼ੱਕੀ ਘਟਨਾ ਸਾਹਮਣੇ ਆਈ ਹੈ। ਇੱਥੇ ਪਰਿਕਰਮਾ ਦੌਰਾਨ ਇੱਕ ਅਣਪਛਾਤੇ ਕਲੀਨ ਸ਼ੇਪ ਨੌਜਵਾਨ ਵੱਲੋਂ ਗੁਰਦੁਆਰਾ ਸਾਹਿਬ ਦੇ ਅੰਦਰ ਸੁਸ਼ੋਭਿਤ ਪਾਵਨ ਸ਼ਸਤਰਾਂ ਨੂੰ ਅਚਾਨਕ ਹੱਥ ਪਾਉਣ ਦੀ ਕੋਸ਼ਿਸ਼ ਕੀਤੀ ਗਈ।
ਹਾਲਾਂਕਿ, ਉੱਥੇ ਮੌਜੂਦ ਸੇਵਾਦਾਰਾਂ ਅਤੇ ਸਿੰਘਾਂ ਨੇ ਮੁਸਤੈਦੀ ਦਿਖਾਉਂਦੇ ਹੋਏ ਮੁਲਜ਼ਮ ਨੂੰ ਮੌਕੇ ‘ਤੇ ਹੀ ਦਬੋਚ ਲਿਆ, ਜਿਸ ਕਾਰਨ ਕੋਈ ਵੀ ਵੱਡੀ ਅਣਸੁਖਾਵੀਂ ਘਟਨਾ ਵਾਪਰਨ ਤੋਂ ਬਚਾਅ ਹੋ ਗਿਆ। ਸ਼ਰਧਾਲੂਆਂ ਵੱਲੋਂ ਨੌਜਵਾਨ ਨੂੰ ਫੜ ਕੇ ਤੁਰੰਤ ਪੁਲਿਸ ਪ੍ਰਸ਼ਾਸਨ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਮੈਨੇਜਰ ਮੇਜਰ ਸਿੰਘ ਨੇ ਦੱਸਿਆ ਕਿ ਫੜੇ ਗਏ ਵਿਅਕਤੀ ਖ਼ਿਲਾਫ਼ ਲਿਖਤੀ ਸ਼ਿਕਾਇਤ ਦੇ ਕੇ ਸਖ਼ਤ ਤੋਂ ਸਖ਼ਤ ਧਾਰਾਵਾਂ ਤਹਿਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਕਤ ਵਿਅਕਤੀ ਦੀ ਮਨਸ਼ਾ ਬਹੁਤ ਮਾੜੀ ਸੀ ਅਤੇ ਉਹ ਕਿਸੇ ਵੀ ਵੱਡੀ ਵਾਰਦਾਤ ਨੂੰ ਅੰਜਾਮ ਦੇ ਸਕਦਾ ਸੀ। ਮੁਢਲੀ ਪੁੱਛਗਿੱਛ ਵਿੱਚ ਪਤਾ ਲੱਗਾ ਹੈ ਕਿ ਉਕਤ ਵਿਅਕਤੀ ਉੱਤਰ ਪ੍ਰਦੇਸ਼ (UP) ਦਾ ਰਹਿਣ ਵਾਲਾ ਹੈ। ਫਿਲਹਾਲ ਐਸਜੀਪੀਸੀ (SGPC) ਆਪਣੇ ਪੱਧਰ ‘ਤੇ ਵੀ ਇਸ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕਰ ਰਹੀ ਹੈ।



