2 alleged terrorists of Khalistani Force arrested by police! ਵੱਡੀ ਖ਼ਬਰ: ਖ਼ਾਲਿਸਤਾਨੀ ਫ਼ੋਰਸ ਦੇ 2 ਕਥਿਤ ਅੱਤਵਾਦੀ ਪੁਲਿਸ ਵੱਲੋਂ ਗ੍ਰਿਫ਼ਤਾਰ
2 alleged terrorists of Khalistani Force arrested by police! ਚੰਡੀਗੜ੍ਹ, 19 ਜੂਨ 2026: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਇਕ ਵੱਡੀ ਸਫਲਤਾ ਹਾਸਲ ਕਰਦਿਆਂ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਖਾਲਿਸਤਾਨ ਜ਼ਿੰਦਾਬਾਦ ਫੋਰਸ (KZF) ਨਾਲ ਜੁੜੇ ਦੋ ਲੋੜੀਂਦੇ ਮੈਂਬਰਾਂ ਨੂੰ ਮਲੇਸ਼ੀਆ ਤੋਂ ਡਿਪੋਰਟ ਕਰਵਾ ਕੇ ਆਪਣੀ ਹਿਰਾਸਤ ਵਿਚ ਲੈ ਲਿਆ ਹੈ। ਮੁਲਜ਼ਮਾਂ ਨੂੰ ਨਵੀਂ ਦਿੱਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫਤਾਰ ਕੀਤਾ ਗਿਆ ਅਤੇ ਅਗਲੇਰੀ ਜਾਂਚ ਲਈ ਪੰਜਾਬ ਲਿਆਂਦਾ ਗਿਆ।
ਫੜੇ ਗਏ ਮੁਲਜ਼ਮਾਂ ਦੀ ਪਛਾਣ ਅੰਬਾਲਾ ਦੇ ਗੁਰਵਿੰਦਰ ਸਿੰਘ ਅਤੇ ਪਟਿਆਲਾ ਦੇ ਮਨਜੀਤ ਸਿੰਘ ਵਜੋਂ ਹੋਈ ਹੈ। ਦੋਵਾਂ ਨੇ ਕੇਜੈੱਡਐੱਫ (KZF) ਸਮਰਥਿਤ ਅੱਤਵਾਦੀ ਮਾਡਿਊਲ ਵਿਚ ਅਹਿਮ ਭੂਮਿਕਾ ਨਿਭਾਈ। ਇਹ ਮਾਡਿਊਲ ਪੰਜਾਬ ਵਿਚ ਡੈਡੀਕੇਟਿਡ ਫਰੇਟ ਕੋਰੀਡੋਰ ਲਾਈਨਾਂ ਸਮੇਤ ਰੇਲਵੇ ਦੇ ਮਹੱਤਵਪੂਰਨ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਦੀਆਂ ਯੋਜਨਾਵਾਂ ਬਣਾ ਰਿਹਾ ਸੀ।
ਪੰਜਾਬ ਪੁਲਿਸ ਨੇ ਇਸ ਤੋਂ ਪਹਿਲਾਂ ਵੀ ਉਸ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਸੀ ਜੋ 23 ਜਨਵਰੀ ਨੂੰ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਨੇੜੇ ਰੇਲਵੇ ਫਰੇਟ ਕੋਰੀਡੋਰ ਲਾਈਨ ‘ਤੇ ਆਈ.ਈ.ਡੀ. (IED) ਧਮਾਕੇ ਅਤੇ 27 ਅਪ੍ਰੈਲ ਨੂੰ ਪਟਿਆਲਾ ਦੇ ਸ਼ੰਭੂ ਨੇੜੇ ਉਸੇ ਕੋਰੀਡੋਰ ‘ਤੇ ਧਮਾਕੇ ਦੀ ਕੋਸ਼ਿਸ਼ ਲਈ ਜ਼ਿੰਮੇਵਾਰ ਸੀ।
ਤਫਤੀਸ਼ ਦੌਰਾਨ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ ਆਰ.ਪੀ.ਜੀ. (RPG) ਲਾਂਚਰ, ਆਈ.ਈ.ਡੀ., ਆਰ.ਡੀ.ਐਕਸ. (RDX), ਹੈਂਡ ਗ੍ਰੇਨੇਡ ਅਤੇ ਗੋਲਾ-ਬਾਰੂਦ ਸਮੇਤ ਵੱਡੀ ਮਾਤਰਾ ਵਿਚ ਹਥਿਆਰ ਅਤੇ ਵਿਸਫੋਟਕ ਸਮੱਗਰੀ ਬਰਾਮਦ ਕੀਤੀ ਗਈ।
ਇਸ ਅੰਤਰਰਾਸ਼ਟਰੀ ਸਾਜ਼ਿਸ਼ ਦੀ ਅਗਲੇਰੀ ਜਾਂਚ ਵਿਚ ਮਲੇਸ਼ੀਆ ਤੋਂ ਕੰਮ ਕਰ ਰਹੇ ਕੇਜੈੱਡਐੱਫ ਦੇ ਹੈਂਡਲਰਾਂ ਅਤੇ ਵਿੱਤੀ ਮਦਦ ਪਹੁੰਚਾਉਣ ਵਾਲਿਆਂ ਦੀ ਭੂਮਿਕਾ ਦਾ ਪਤਾ ਲੱਗਾ ਹੈ। ਡਿਪੋਰਟ ਕੀਤੇ ਗਏ ਮੁਲਜ਼ਮ ਵਿਦੇਸ਼ੀ ਖਾਤਿਆਂ ਰਾਹੀਂ ਪੰਜਾਬ ਵਿਚ ਕੇਜੈੱਡਐੱਫ ਦੇ ਲੋਕਾਂ ਤੱਕ ਅੱਤਵਾਦੀ ਫੰਡ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਪਾਏ ਗਏ। ਉਹ ਸੂਬੇ ਵਿਚ ਅੱਤਵਾਦੀ ਹਮਲੇ ਕਰਨ ਅਤੇ ਸ਼ਾਂਤੀ ਤੇ ਕਾਨੂੰਨ-ਵਿਵਸਥਾ ਨੂੰ ਭੰਗ ਕਰਨ ਦੀਆਂ ਯੋਜਨਾਵਾਂ ਨੂੰ ਅੰਜਾਮ ਦੇਣ ਵਿਚ ਮਦਦ ਕਰ ਰਹੇ ਸਨ।
ਦੋਵਾਂ ਮੁਲਜ਼ਮਾਂ ਨੂੰ 18 ਜੂਨ ਨੂੰ ਪਟਿਆਲਾ ਦੀ ਸਬੰਧਤ ਅਦਾਲਤ ਵਿਚ ਪੇਸ਼ ਕੀਤਾ ਗਿਆ ਅਤੇ ਅਗਲੇਰੀ ਪੁੱਛਗਿੱਛ ਲਈ ਉਨ੍ਹਾਂ ਨੂੰ ਪੁਲਿਸ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਇਸ ਵੱਡੀ ਸਾਜ਼ਿਸ਼ ਦੇ ਨੈੱਟਵਰਕ ਦਾ ਪਤਾ ਲਗਾਉਣ ਅਤੇ ਇਸ ਵਿਚ ਸ਼ਾਮਲ ਸਾਰੇ ਲੋਕਾਂ ਦੀ ਪਛਾਣ ਕਰਨ ਲਈ ਜਾਂਚ ਚੱਲ ਰਹੀ ਹੈ।



