ਪੰਜਾਬ ਨੂੰ ਜਲਦੀ ਮਿਲੇਗਾ ਪੱਕਾ ਪੁਲਿਸ ਮੁਖੀ: ਨਵੇਂ DGP ਲਈ UPSC ਦੀ ਅਹਿਮ ਮੀਟਿੰਗ 30 ਜੂਨ ਨੂੰ, 14 IPS ਅਫ਼ਸਰਾਂ ‘ਚੋਂ ਤਿੰਨ ਦੇ ਨਾਮ ਹੋਣਗੇ ਸ਼ਾਰਟਲਿਸਟ
ਚੰਡੀਗੜ੍ਹ 21 ਜੂਨ, 2026-
ਪੰਜਾਬ ਵਿੱਚ ਲੰਬੇ ਸਮੇਂ ਤੋਂ ਚੱਲ ਰਹੀ ਕਾਰਜਕਾਰੀ (ਐਕਟਿੰਗ) ਡੀਜੀਪੀ ਦੀ ਪ੍ਰਕਿਰਿਆ ਹੁਣ ਖ਼ਤਮ ਹੋਣ ਜਾ ਰਹੀ ਹੈ। ਸੰਘੀ ਲੋਕ ਸੇਵਾ ਕਮਿਸ਼ਨ (UPSC) ਵੱਲੋਂ ਪੰਜਾਬ ਦੇ ਨਵੇਂ ਪੱਕੇ ਡੀਜੀਪੀ (DGP) ਦੇ ਪੈਨਲ ਨੂੰ ਸ਼ਾਰਟਲਿਸਟ ਕਰਨ ਵਾਸਤੇ ਆਉਂਦੀ 30 ਜੂਨ ਨੂੰ ਇੱਕ ਅਹਿਮ ਮੀਟਿੰਗ ਸੱਦੀ ਗਈ ਹੈ। ਯੂਪੀਐਸਸੀ ਵੱਲੋਂ ਤਿੰਨ ਸੀਨੀਅਰ ਆਈਪੀਐਸ ਅਧਿਕਾਰੀਆਂ ਦੇ ਨਾਮ ਫਾਈਨਲ ਕਰਕੇ ਪੰਜਾਬ ਸਰਕਾਰ ਨੂੰ ਭੇਜੇ ਜਾਣਗੇ, ਜਿਨ੍ਹਾਂ ਵਿੱਚੋਂ ਮੁੱਖ ਮੰਤਰੀ ਵੱਲੋਂ ਕਿਸੇ ਇੱਕ ਅਧਿਕਾਰੀ ਨੂੰ ਸੂਬੇ ਦੇ ਪੁਲਿਸ ਮੁਖੀ ਵਜੋਂ ਨਿਯੁਕਤ ਕੀਤਾ ਜਾਵੇਗਾ।
ਪੰਜਾਬ ਸਰਕਾਰ ਨੇ ਜੁਲਾਈ 2022 ਵਿੱਚ ਗੌਰਵ ਯਾਦਵ ਨੂੰ ਕਾਰਜਕਾਰੀ ਡੀਜੀਪੀ ਵਜੋਂ ਤਾਇਨਾਤ ਕੀਤਾ ਸੀ। ਪਰ ਸੁਪਰੀਮ ਕੋਰਟ ਵੱਲੋਂ ਪੰਜਾਬ ਸਮੇਤ ਕਈ ਰਾਜਾਂ ਵਿੱਚ ਲੰਬੇ ਸਮੇਂ ਤੋਂ ਕਾਰਜਕਾਰੀ ਡੀਜੀਪੀ ਰਾਹੀਂ ਕੰਮ ਚਲਾਉਣ ‘ਤੇ ਸਖ਼ਤ ਇਤਰਾਜ਼ ਪ੍ਰਗਟਾਉਣ ਤੋਂ ਬਾਅਦ, ਯੂਪੀਐਸਸੀ ਨੇ ਇਸੇ ਸਾਲ 18 ਫਰਵਰੀ ਨੂੰ ਪੰਜਾਬ ਸਰਕਾਰ ਪਾਸੋਂ ਯੋਗ ਅਧਿਕਾਰੀਆਂ ਦਾ ਰਿਕਾਰਡ ਮੰਗਿਆ ਸੀ।
ਪੰਜਾਬ ਸਰਕਾਰ ਵੱਲੋਂ ਬੀਤੀ 6 ਅਪ੍ਰੈਲ ਨੂੰ ਯੂਪੀਐਸਸੀ ਨੂੰ 14 ਯੋਗ ਆਈਪੀਐਸ ਅਧਿਕਾਰੀਆਂ ਦੇ ਨਾਮ ਭੇਜੇ ਗਏ ਸਨ। ਇਸ ਸੂਚੀ ਵਿੱਚ 1992 ਬੈਚ ਦੇ ਚਾਰ ਪ੍ਰਮੁੱਖ ਅਧਿਕਾਰੀ ਸ਼ਾਮਲ ਹਨ।ਇਸ ਤੋਂ ਇਲਾਵਾ ਪ੍ਰਸਤਾਵ ਵਿੱਚ 1993 ਬੈਚ ਦੇ ਤਿੰਨ ਅਤੇ 1994 ਬੈਚ ਦੇ ਸੱਤ ਹੋਰ ਉੱਚ ਅਧਿਕਾਰੀਆਂ ਦੇ ਨਾਮ ਵੀ ਸ਼ਾਮਲ ਕੀਤੇ ਗਏ ਹਨ।
ਜੇਕਰ ਯੂਪੀਐਸਸੀ ਵੱਲੋਂ ਸਭ ਤੋਂ ਸੀਨੀਅਰ ਤਿੰਨ ਅਧਿਕਾਰੀਆਂ ਦਾ ਪੈਨਲ ਤਿਆਰ ਕੀਤਾ ਜਾਂਦਾ ਹੈ, ਤਾਂ ਉਸ ਵਿੱਚ ਮੌਜੂਦਾ ਡੀਜੀਪੀ ਗੌਰਵ ਯਾਦਵ ਦਾ ਨਾਮ ਸ਼ਾਮਲ ਰਹਿਣ ਦੀ ਪੂਰੀ ਉਮੀਦ ਹੈ, ਜਿਸ ਨਾਲ ਪੰਜਾਬ ਸਰਕਾਰ ਉਨ੍ਹਾਂ ਨੂੰ ਹੀ ਪੱਕੇ ਡੀਜੀਪੀ ਵਜੋਂ ਨਿਯੁਕਤ ਕਰ ਸਕਦੀ ਹੈ।
ਦੂਜੇ ਪਾਸੇ, 1989 ਬੈਚ ਦੇ ਸਾਮੰਤ ਗੋਇਲ ਨੇ ਇਸ ਅਹੁਦੇ ਲਈ ਪਹਿਲਾਂ ਹੀ ਆਪਣੀ ਅਸਮਰੱਥਾ ਪ੍ਰਗਟਾਈ ਸੀ। ਜਦਕਿ ਅਰਪਿਤ ਸ਼ੁਕਲਾ ਅਤੇ ਈਸ਼ਵਰ ਸਿੰਘ ਆਪਣੀ ਸੇਵਾਮੁਕਤੀ ਦੇ ਬਿਲਕੁਲ ਨੇੜੇ ਹੋਣ ਕਾਰਨ ਇਸ ਚੋਣ ਪ੍ਰਕਿਰਿਆ ਤੋਂ ਬਾਹਰ ਹੋ ਗਏ ਹਨ।



