Punjab News: 22 ਸਾਲਾ ਨੌਜਵਾਨ ਦੀ ਓਵਰਡੋਜ਼ ਨਾਲ ਮੌਤ, ਡੇਢ ਸਾਲ ਪਹਿਲਾਂ ਪਿਤਾ ਨੇ ਵੀ ਕੀਤੀ ਸੀ ਖ਼ੁਦਕੁਸ਼ੀ
ਤਲਵੰਡੀ ਸਾਬੋ (ਬਠਿੰਡਾ), 23 ਜੂਨ 2026- ਪੰਜਾਬ ਵਿੱਚ ਨਸ਼ਿਆਂ ਦਾ ਕਹਿਰ ਲਗਾਤਾਰ ਜਵਾਨੀ ਨੂੰ ਆਪਣੀ ਗ੍ਰਿਫ਼ਤ ਵਿੱਚ ਲੈ ਰਿਹਾ ਹੈ। ਤਲਵੰਡੀ ਸਾਬੋ ਦੇ ਨਜ਼ਦੀਕੀ ਪਿੰਡ ਭਾਗੀਵਾਂਦਰ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ ਇੱਕ 22 ਸਾਲਾ ਨੌਜਵਾਨ ਦੀ ਮੌਤ ਹੋਣ ਦਾ ਅਤਿ ਮੰਦਭਾਗਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਧਰਮਪ੍ਰੀਤ ਸਿੰਘ ਵਜੋਂ ਹੋਈ ਹੈ।
ਮ੍ਰਿਤਕ ਦੇ ਚਾਚਾ ਬੂਟਾ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ, ਧਰਮਪ੍ਰੀਤ ਸਿੰਘ ਪਿਛਲੇ ਕਈ ਸਾਲਾਂ ਤੋਂ ਨਸ਼ੇ ਦੀ ਦਲਦਲ ਵਿੱਚ ਫਸਿਆ ਹੋਇਆ ਸੀ। ਉਸ ਦੀ ਇਸ ਭੈੜੀ ਆਦਤ ਅਤੇ ਪਰਿਵਾਰਕ ਪ੍ਰੇਸ਼ਾਨੀ ਤੋਂ ਦੁਖੀ ਹੋ ਕੇ ਕਰੀਬ ਡੇਢ ਸਾਲ ਪਹਿਲਾਂ ਉਸ ਦੇ ਪਿਤਾ ਜੱਗਾ ਸਿੰਘ ਨੇ ਵੀ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਸੀ। ਹੁਣ ਇਕਲੌਤੇ ਨੌਜਵਾਨ ਪੁੱਤ ਦੀ ਮੌਤ ਨੇ ਪਰਿਵਾਰ ਨੂੰ ਬਿਲਕੁਲ ਬਰਬਾਦ ਕਰ ਕੇ ਰੱਖ ਦਿੱਤਾ ਹੈ।
ਪਿੰਡ ਵਾਸੀਆਂ ਅਤੇ ਮ੍ਰਿਤਕ ਦੇ ਚਾਚਾ ਨੇ ਪ੍ਰਸ਼ਾਸਨ ‘ਤੇ ਤਿੱਖੇ ਸਵਾਲ ਚੁੱਕਦਿਆਂ ਕਿਹਾ ਕਿ ਪਿੰਡ ਵਿੱਚ ਨਸ਼ਾ ਸ਼ਰੇਆਮ ਵਿਕ ਰਿਹਾ ਹੈ। ਪਿੰਡ ਵਾਸੀਆਂ ਨੇ ਕਿਹਾ ਕਿ “ਸਾਡੇ ਪਿੰਡ ਵਿੱਚ ਖੁੱਲ੍ਹੇਆਮ ਨਸ਼ਾ ਵੇਚਿਆ ਜਾ ਰਿਹਾ ਹੈ, ਜਿਸ ਕਾਰਨ ਲਗਾਤਾਰ ਨੌਜਵਾਨ ਇਸ ਦੀ ਲਪੇਟ ਵਿੱਚ ਆ ਰਹੇ ਹਨ। ਹੁਣ ਤੱਕ ਪਿੰਡ ਦੇ ਕਈ ਹੱਸਦੇ-ਖੇਡਦੇ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਚੁੱਕੇ ਹਨ, ਪਰ ਕੋਈ ਠੋਸ ਕਾਰਵਾਈ ਨਹੀਂ ਹੋ ਰਹੀ।”
ਨਸ਼ੇ ਦੀ ਓਵਰਡੋਜ਼ ਨਾਲ ਹੋਈ ਇਸ ਤਾਜ਼ਾ ਮੌਤ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਨਸ਼ਾ ਖ਼ਤਮ ਕਰਨ ਲਈ ਚਲਾਈਆਂ ਜਾ ਰਹੀਆਂ ਮੁਹਿੰਮਾਂ ਅਤੇ ਵੱਡੇ-ਵੱਡੇ ਦਾਅਵਿਆਂ ‘ਤੇ ਮੁੜ ਗੰਭੀਰ ਸਵਾਲੀਆ ਨਿਸ਼ਾਨ ਖੜ੍ਹੇ ਕਰ ਦਿੱਤੇ ਹਨ।
ਸਮੂਹ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ ਹੈ ਕਿ ਇਸ ਬੇਸਹਾਰਾ ਹੋ ਚੁੱਕੇ ਪੀੜਤ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ ਅਤੇ ਪਿੰਡ ਵਿੱਚ ਨਸ਼ਾ ਵੇਚਣ ਵਾਲੇ ਤਸਕਰਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਮੁਹਿੰਮ ਚਲਾ ਕੇ ਉਨ੍ਹਾਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਸੁੱਟਿਆ ਜਾਵੇ।



