ਵੱਡੀ ਖ਼ਬਰ: CM ਮਾਨ ਅੱਜ ਵੰਡਣਗੇ ਬੇਰੁਜ਼ਗਾਰਾਂ ਨੂੰ ਨੌਕਰੀਆਂ, ਸੌਂਪਣਗੇ ਨਿਯੁਕਤੀ ਪੱਤਰ
ਬਠਿੰਡਾ, 23 ਜੂਨ 2026- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਦਾ ‘ਮਿਸ਼ਨ ਰੁਜ਼ਗਾਰ’ ਪੂਰੀ ਸਰਗਰਮੀ ਨਾਲ ਨਿਰੰਤਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਮੁੱਖ ਮੰਤਰੀ ਮਾਨ ਬਠਿੰਡਾ ਵਿਖੇ ਪਹੁੰਚ ਰਹੇ ਹਨ, ਜਿੱਥੇ ਉਹ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਸੌਂਪਣਗੇ।
ਜਾਣਕਾਰੀ ਮੁਤਾਬਿਕ, ਅੱਜ ਬਠਿੰਡਾ ਵਿਖੇ ਹੋਣ ਵਾਲੇ ਇਸ ਵਿਸ਼ੇਸ਼ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਨਵ-ਨਿਯੁਕਤ ਕਰਮਚਾਰੀਆਂ ਨੂੰ ਅਧਿਕਾਰਤ ਤੌਰ ‘ਤੇ ਨਿਯੁਕਤ ਪੱਤਰ ਸੌਂਪ ਕੇ ਉਨ੍ਹਾਂ ਨੂੰ ਸਰਕਾਰੀ ਸੇਵਾ ਵਿੱਚ ਸ਼ਾਮਲ ਕਰਨਗੇ।
ਦੱਸ ਦਈਏ ਕਿ ਮਾਨ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਹੁਣ ਤੱਕ 67,563 ਤੋਂ ਵੱਧ ਨੌਜਵਾਨਾਂ ਨੂੰ ਪਾਰਦਰਸ਼ੀ ਤਰੀਕੇ ਨਾਲ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਕਸਰ ਆਪਣੇ ਸੰਬੋਧਨਾਂ ਵਿੱਚ ਕਹਿੰਦੇ ਆਏ ਹਨ ਕਿ ਉਨ੍ਹਾਂ ਦੀ ਸਰਕਾਰ ਦਾ ਮੁੱਖ ਟੀਚਾ ਪੰਜਾਬ ਦੇ ਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ਨੂੰ ਰੋਕਣਾ ਹੈ। ‘ਮਿਸ਼ਨ ਰੁਜ਼ਗਾਰ’ ਤਹਿਤ ਲਗਾਤਾਰ ਦਿੱਤੀਆਂ ਜਾ ਰਹੀਆਂ ਨੌਕਰੀਆਂ ਨਾਲ ਸੂਬੇ ਦੇ ਨੌਜਵਾਨਾਂ ਵਿੱਚ ਆਪਣੀ ਹੀ ਧਰਤੀ ‘ਤੇ ਰਹਿ ਕੇ ਸੇਵਾ ਕਰਨ ਦਾ ਵਿਸ਼ਵਾਸ ਮੁੜ ਬਹਾਲ ਹੋ ਰਿਹਾ ਹੈ।
ਅੱਜ ਦੇ ਇਸ ਸਮਾਗਮ ਨੂੰ ਲੈ ਕੇ ਪ੍ਰਸ਼ਾਸਨ ਅਤੇ ਪਾਵਰਕਾਮ (PSPCL) ਵੱਲੋਂ ਪੂਰੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ ਅਤੇ ਨਿਯੁਕਤੀ ਪੱਤਰ ਲੈਣ ਵਾਲੇ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।



